ਅੰਮ੍ਰਿਤਸਰ, ੧੬ ਜੁਲਾਈ- ਯੂ.ਪੀ.ਐਸ.ਸੀ. ਦੀ ਪ੍ਰੀਖਿਆ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਅੰਮ੍ਰਿਤਸਰ ਦੇ ਸਿੱਖ ਨੌਜੁਆਨ ਅਨਮੋਲਸ਼ੇਰ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਇੱਕ ਲੱਖ ਰੁਪਏ ਦਾ ਦਾ ਚੈਕ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਯਾਦ ਰਹੇ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਰਾਸ਼ੀ ਯੂ.ਪੀ.ਐਸ.ਸੀ. ਦਾ ਨਤੀਜਾ ਘੋਸ਼ਿਤ ਹੋਣ ਤੋਂ ਬਾਅਦ ਐਲਾਨੀ ਗਈ ਸੀ। ਦਫਤਰ ਸ਼੍ਰੋਮਣੀ ਕਮੇਟੀ ਵਿਖੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਨਮਾਨ ਮੌਕੇ ਕਿਹਾ ਕਿ ਅਨਮੋਲਸ਼ੇਰ ਸਿੰਘ ਨੇ ਇਸ ਵੱਕਾਰੀ ਪ੍ਰੀਖਿਆ ਵਿਚੋਂ ਸਨਮਾਨਿਤ ਸਥਾਨ ਪ੍ਰਾਪਤ ਕਰਕੇ ਜਿਥੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ ਉਥੇ ਹੀ ਸੂਬੇ ਲਈ ਵੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਨਮੋਲਸ਼ੇਰ ਸਿੰਘ ਨੂੰ ਸਨਮਾਨਿਤ ਕਰਨ ਨਾਲ ਹੋਰਨਾਂ ਵਿਦਿਆਰਥੀਆਂ ਵਿਚ ਵੀ ਸਖਤ ਮਿਹਨਤ ਕਰਨ ਲਈ ਪ੍ਰੇਰਨਾ ਮਿਲੇਗੀ। ਯਾਦ ਰਹੇ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਪੱਧਰ ‘ਤੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਨ ਦਾ ਮਤਾ ਪਾਸ ਕੀਤਾ ਗਿਆ ਸੀ।
ਇਸ ਮੌਕੇ ਅਨਮੋਲਸ਼ੇਰ ਸਿੰਘ ਦੇ ਪਿਤਾ ਸ. ਸਰਬਜੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖ ਸੰਸਥਾ ਵੱਲੋਂ ਮਿਲਿਆ ਇਹ ਸਨਮਾਨ ਸਾਡੇ ਲਈ ਵੱਡਾ ਆਸ਼ੀਰਵਾਦ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਦੇ ਸਪੁੱਤਰ ਕਾਕਾ ਅਨਮੋਲਸ਼ੇਰ ਸਿੰਘ ਵੱਲੋਂ ਇਹ ਸਥਾਨ ਪ੍ਰਾਪਤ ਕਰਨਾ ਸ੍ਰੀ ਗੁਰੂ ਰਾਮਦਾਸ ਜੀ ਦੀ ਕਿਰਪਾ ਸਦਕਾ ਹੀ ਸੰਭਵ ਹੋ ਸਕਿਆ ਹੈ ਜਿਸ ਲਈ ਉਹ ਸਤਿਗੁਰੂ ਜੀ ਦਾ ਸ਼ੁਕਰਾਨਾ ਕਰਦੇ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਸ. ਬਲਵਿੰਦਰ ਸਿੰਘ ਵੇਈਂਪੂਈਂ, ਮੈਂਬਰ ਭਾਈ ਮਨਜੀਤ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਸ. ਅਜਾਇਬ ਸਿੰਘ ਅਭਿਆਸੀ, ਸ. ਅਮਰੀਕ ਸਿੰਘ ਵਿਛੋਆ, ਸ. ਅਮਰਜੀਤ ਸਿੰਘ ਭਲਾਈਪੁਰ, ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਬਿਜੈ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਮੈਨੇਜਰ ਸ. ਸੁਲੱਖਣ ਸਿੰਘ, ਸ. ਗੁਰਿੰਦਰ ਸਿੰਘ ਆਦਿ ਹਾਜ਼ਰ ਸਨ।