ਅੰਮ੍ਰਿਤਸਰ, 16 ਜਨਵਰੀ-
1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਗਵਾਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 22 ਜਨਵਰੀ ਨੂੰ ਸਨਮਾਨਤ ਕੀਤਾ ਜਾਵੇਗਾ। ਸਨਮਾਨ ਸਮਾਗਮ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਵੇਰੇ 10:00 ਵਜੇ ਹੋਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ ਬਿਆਨ ਰਾਹੀਂ ਦਿੱਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ 1984 ਸਿੱਖ ਕਤਲੇਆਮ ਦੇ ਤਿੰਨ ਦੋਸ਼ੀ ਗਵਾਹਾਂ ਦੀ ਦ੍ਰਿੜਤਾ ਕਾਰਨ ਹੀ ਸਖ਼ਤ ਸਜ਼ਾਵਾਂ ਤੱਕ ਪੁੱਜ ਸਕੇ ਹਨ ਅਤੇ ਸ਼੍ਰੋਮਣੀ ਕਮੇਟੀ ਇਨ੍ਹਾਂ ਗਵਾਹਾਂ ਦੇ ਹੌਸਲੇ ਦਾ ਸਨਮਾਨ ਕਰਦੀ ਹੈ।

ਉਨ੍ਹਾਂ ਕਿਹਾ ਕਿ ਬੇਸ਼ੱਕ ਦੋਸ਼ੀਆਂ ਵੱਲੋਂ ਆਪਣੇ ਰਾਜਸੀ ਪ੍ਰਭਾਵ ਕਾਰਨ ਸਮੇਂ ਸਮੇਂ ਗਵਾਹਾਂ ਨੂੰ ਦਬਾਉਣ ਦਾ ਯਤਨ ਵੀ ਕੀਤਾ ਜਾਂਦਾ ਰਿਹਾ, ਲੇਕਿਨ ਉਹ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਗੈਰ ਆਪਣੇ ਬਿਆਨਾਂ ’ਤੇ ਅੜ੍ਹੇ ਰਹੇ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਆਖਿਆ ਕਿ 1984 ਦੇ ਸਿੱਖ ਕਤਲੇਆਮ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ ਅਤੇ ਜਿੰਨਾ ਚਿਰ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਤਰ੍ਹਾਂ ਦੀ ਮੱਦਦ ਲਈ ਵਚਨਬਧ ਹੈ।