ਜਥੇਦਾਰ ਬ੍ਰਹਮਪੁਰਾ, ਜਥੇਦਾਰ ਕਰਮੂੰਵਾਲਾ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ

ਗੋਇੰਦਵਾਲ ਸਾਹਿਬ/ਅੰਮ੍ਰਿਤਸਰ, ੨੪ ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਪਾਰਲੀਮੈਂਟ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਵੇਂ ਤਿਆਰ ਕੀਤੇ ਗਏ ਦੀਵਾਨ ਹਾਲ, ਇਤਿਹਾਸਕ ਬਾਉਲੀ ਸਾਹਿਬ ਵਿਖੇ ਸਟੀਲ ਦੀਆਂ ਚਾਦਰਾਂ ਲਗਾਉਣ ਦੀ ਮੁਕੰਮਲ ਹੋਈ ਸੇਵਾ ਅਤੇ ਗੁਰੂ ਕੇ ਲੰਗਰ ਵਿਖੇ ਭਾਫ ਨਾਲ ਲੰਗਰ ਤਿਆਰ ਕਰਨ ਲਈ ਲਗਾਏ ਸਿਸਟਮ ਦਾ ਉਦਘਾਟਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਅਤੇ ਸਾਬਕਾ ਵਿਧਾਇਕ ਸ. ਰਵਿੰਦਰ ਸਿੰਘ ਬ੍ਰਹਮਪੁਰਾ ਵੀ ਮੌਜੂਦ ਸਨ। ਇਨ੍ਹਾਂ ਸਾਰੇ ਕਾਰਜਾਂ ਦੀ ਕਾਰ ਸੇਵਾ ਬਾਬਾ ਤਾਰਾ ਸਿੰਘ, ਬਾਬਾ ਘੋਲਾ ਸਿੰਘ ਤੇ ਬਾਬਾ ਗੁਰਨਾਮ ਸਿੰਘ ਸਰਹਾਲੀ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਈ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਤਿਹਾਸਕ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਸੰਗਤਾਂ ਸ਼ਰਧਾ ਤੇ ਸਤਿਕਾਰ ਨਾਲ ਪੁੱਜਦੀਆਂ ਹਨ ਅਤੇ ਸ਼੍ਰੋਮਣੀ ਕਮੇਟੀ ਇਥੇ ਸੰਗਤਾਂ ਦੀ ਸਹੂਲਤ ਲਈ ਕਾਰ ਸੇਵਾਵਾਂ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੀਤੇ ਗਏ ਕਾਰਜਾਂ ਤੋਂ ਇਲਾਵਾ ਇਥੇ ਹੋਰ ਲੋੜੀਂਦੇ ਕਾਰਜ ਕਰਵਾਉਣ ਲਈ ਵੀ ਸ਼੍ਰੋਮਣੀ ਕਮੇਟੀ ਵਚਨਬਧ ਹੈ। ਭਾਈ ਲੌਂਗੋਵਾਲ ਨੇ ਕਾਰਸੇਵਾ ਸਰਹਾਲੀ ਵਾਲੇ ਮਹਾਂਪੁਰਖਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਵੀ ਕੀਤਾ। ਇਸ ਮੌਕੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਖਿਆ ਕਿ ਇਸ ਪਾਵਨ ਅਸਥਾਨ ‘ਤੇ ਸੰਗਤਾਂ ਦੀ ਵੱਡੀ ਆਮਦ ਰਹਿੰਦੀ ਹੈ, ਜਿਸ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਦੀਵਾਨ ਹਾਲ ਤਿਆਰ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਇਤਿਹਾਸਕ ਬਾਉਲੀ ਸਾਹਿਬ ਦੀ ਕਾਰ ਸੇਵਾ ਅਤੇ ਲੰਗਰ ਤਿਆਰ ਕਰਨ ਲਈ ਭਾਫ ਸਿਸਟਮ ਲਗਾਉਣ ਦਾ ਸ਼ਲਾਘਾਯੋਗ ਉੱਦਮ ਕੀਤਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦਾ ਧੰਨਵਾਦ ਕਰਦਿਆਂ ਆਸ ਪ੍ਰਗਟ ਕੀਤੀ ਕਿ ਉਹ ਇਸੇ ਤਰ੍ਹਾਂ ਹੀ ਗੁਰੂ ਘਰ ਦੀਆਂ ਸੇਵਾਵਾਂ ਲਈ ਤੱਤਪਰ ਰਹਿਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਅਤੇ ਸਾਬਕਾ ਵਿਧਾਇਕ ਸ. ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵੀ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਗੁਰਦੁਆਰਾ ਸਾਹਿਬ ਪੁੱਜਣ ‘ਤੇ ਜੀ ਆਇਆਂ ਕਿਹਾ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਕਾਰ ਸੇਵਾ ਵਾਲੇ ਮਹਾਂਪੁਰਖਾਂ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਅਮਰਜੀਤ ਸਿੰਘ ਭਲਾਈਪੁਰ, ਬਾਬਾ ਗੁਰਨਾਮ ਸਿੰਘ ਸਰਹਾਲੀ ਵਾਲੇ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਰਿਆੜ ਸਮੇਤ ਹੋਰ ਮੌਜੂਦ ਸਨ।