ਨੈਤਿਕ ਕਦਰਾਂ ਕੀਮਤਾਂ ਦਾ ਸੋਮਾ ਹੈ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਗੁਰਬਾਣੀ-ਭਾਈ ਲੌਂਗੋਵਾਲ
ਸੈਮੀਨਾਰ ਦੌਰਾਨ ਡਾ. ਰੂਪ ਸਿੰਘ, ਸ. ਅਜੈਬ ਸਿੰਘ ਚੱਠਾ ਸਮੇਤ ਹੋਰਨਾਂ ਨੇ ਵੀ ਕੀਤਾ ਸੰਬੋਧਨ

ਅੰਮ੍ਰਿਤਸਰ, 13 ਫ਼ਰਵਰੀ-
ਵਿਸ਼ਵ ਪੰਜਾਬੀ ਕਾਨਫਰੰਸ ਕੈਨੇਡਾ ਦੇ ਪ੍ਰਬੰਧਕਾਂ ਅਤੇ ਪੰਜਾਬੀ ਪੀਪਲ ਵੈਲਫੇਅਰ ਔਰਗੇਨਾਈਜੇਸ਼ਨ ਪਟਿਆਲਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ‘ਜੀਵਨ ਵਿਚ ਨੈਤਿਕਤਾ’ ਵਿਸ਼ੇ ’ਤੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸਥਾਨਕ ਭਾਈ ਗੁਰਦਾਸ ਹਾਲ ਵਿਖੇ ਕਰਵਾਏ ਗਏ ਇਸ ਸੈਮੀਨਾਰ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼ਿਰਕਤ ਕੀਤੀ। ਸੈਮੀਨਾਰ ਦੌਰਾਨ ਆਪਣੇ ਸੰਬੋਧਨ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਵਿਚ ਨੈਤਿਕ ਕਦਰਾਂ-ਕੀਮਤਾਂ ਨੂੰ ਵਿਸ਼ੇਸ਼ ਮਹੱਤਵ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਵਿਚਾਰਧਾਰਾ ਬ੍ਰਹਿਮੰਡੀ ਵਿਚਾਰਧਾਰਾ ਹੈ। ਉਨ੍ਹਾਂ ਮਨੁੱਖੀ ਸ਼ਖ਼ਸੀਅਤ ਦੇ ਨਿਖਾਰ ਲਈ ਗੁਰੂ ਸਾਹਿਬ ਦੇ ਫਲਸਫੇ ਨੂੰ ਜੀਵਨ ਵਿਚ ਅਪਨਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਚੰਗਾ ਆਚਰਣ ਹੀ ਮਨੁੱਖ ਦੀ ਪਛਾਣ ਹੈ ਅਤੇ ਗੁਰਬਾਣੀ ਨੂੰ ਅਮਲੀ ਜੀਵਨ ਦਾ ਹਿੱਸਾ ਬਨਾਉਣ ਨਾਲ ਹੀ ਸ਼ਖ਼ਸੀਅਤ ਉਸਾਰੀ ਸੰਭਵ ਹੋ ਸਕਦੀ ਹੈ। ਭਾਈ ਲੌਂਗੋਵਾਲ ਨੇ ਸੈਮੀਨਾਰ ਦੇ ਪ੍ਰਬੰਧਕਾਂ ਵੱਲੋਂ ਕੀਤੇ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਅਜਿਹੇ ਸਮਾਗਮਾਂ ਸਮੇਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਗੁਰਬਾਣੀ ਵਿਚ ਨੈਤਿਕਤਾ ਸੱਚ, ਆਚਾਰ, ਸਹਿਜ, ਸੰਜਮ, ਹਲੇਮੀ ਆਦਿ ਗੁਣਾਂ ’ਤੇ ਅਧਾਰਿਤ ਹੈ। ਉਨ੍ਹਾਂ ਕਿਹਾ ਕਿ ਮਨੁੱਖ ਲਈ ਗੁਰਬਾਣੀ ਇਕ ਮੁਕੰਮਲ ਜੀਵਨ ਜਾਚ ਹੈ, ਜਿਸ ਵਿੱਚੋਂ ਜੀਵਨ ਦੇ ਹਰ ਪੱਖ ਨਾਲ ਸਬੰਧਤ ਅਗਵਾਈ ਮਿਲਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਜ ਦੀ ਬੇਹਤਰੀ ਤੇ ਰਿਸ਼ਤਿਆਂ ਦੀ ਪਵਿੱਤਰਤਾ ਕਾਇਮ ਰੱਖਣੀ ਹੈ ਤਾਂ ਗੁਰਬਾਣੀ ਅਧਾਰਿਤ ਜੀਵਨ ਜਾਚ ਅਪਨਾਉਣੀ ਪਵੇਗੀ। ਇਸ ਮੌਕੇ ਵਿਸ਼ਵ ਪੰਜਾਬੀ ਕਾਨਫਰੰਸ ਕੈਨੇਡਾ 2019 ਦੇ ਚੇਅਰਮੈਨ ਸ. ਅਜੈਬ ਸਿੰਘ ਚੱਠਾ ਨੇ ਆਖਿਆ ਕਿ ਪੰਜਾਬੀ ਪੀਪਲ ਵੈਲਫੇਅਰ ਔਰਗੇਨਾਈਜੇਸ਼ਨ ਨਾਲ ਮਿਲ ਕੇ ਜੀਵਨ ਵਿਚ ਨੈਤਿਕਤਾ ਸਬੰਧੀ ਸੈਮੀਨਾਰਾਂ ਅਤੇ ਲੈਕਚਰਾਂ ਦੀ ਇਕ ਲੜੀ ਅਰੰਭ ਕੀਤੀ ਗਈ ਹੈ, ਜਿਸ ਦਾ ਮੰਤਵ ਮਨੁੱਖ ਦੀ ਸ਼ਖ਼ਸੀਅਤ ਦਾ ਸਰਬਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਸਹਿਯੋਗ ਲਈ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਵੀ ਕੀਤਾ। ਸੈਮੀਨਾਰ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਮਨਵਿੰਦਰ ਸਿੰਘ, ਸ. ਕਰਨ ਅਜੈਬ ਸਿੰਘ ਸੰਘਾ ਕੈਨੇਡਾ, ਸ. ਸੁਖਦੇਵ ਸਿੰਘ ਸੰਧੂ ਐਡਵੋਕੇਟ, ਸ. ਇੰਦਰਜੀਤ ਸਿੰਘ ਖਰੌੜ, ਸ. ਰਵਿੰਦਰ ਸਿੰਘ ਕੰਗ, ਗੁਰੂ ਰਾਮਦਾਸ ਸੰਸਥਾਵਾਂ ਪੰਧੇਰ ਦੀ ਡਾਇਰੈਕਟਰ ਹਰਜਿੰਦਰ ਕੌਰ, ਪ੍ਰੋ. ਸਰਚਾਂਦ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਸੈਮੀਨਾਰ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਗੁਰਪ੍ਰੀਤ ਸਿੰਘ ਝੱਬਰ ਮੈਂਬਰ ਸ਼੍ਰੋਮਣੀ ਕਮੇਟੀ, ਸ. ਰਜਵੰਤ ਸਿੰਘ ਬਾਜਵਾ, ਡਾ. ਸਰਵਨ ਸਿੰਘ, ਐਡੀਸ਼ਨਲ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਸ. ਜਸਬੀਰ ਸਿੰਘ ਜੱਸੀ ਲੌਂਗੋਵਾਲ, ਸ. ਜਗਸੀਰ ਸਿੰਘ ਕੋਟੜਾ, ਬੀਬੀ ਰਵਿੰਦਰ ਕੌਰ ਢਿੱਲੋਂ, ਸ. ਬਲਵਿੰਦਰ ਸਿੰਘ ਚੱਠਾ ਅਮਰੀਕਾ, ਸ. ਸੰਤੋਖ ਸਿੰਘ ਸੰਧੂ, ਸ. ਸਰਦੂਲ ਸਿੰਘ ਥਿਆੜਾ, ਸ. ਤਲਵਿੰਦਰ ਸਿੰਘ ਬੁੱਟਰ, ਪਿ੍ਰੰਸੀਪਲ ਮਨਜੀਤ ਕੌਰ, ਡਾ. ਅਮਰਜੀਤ ਕੌਰ, ਡਾ. ਰਣਜੀਤ ਕੌਰ ਪੰਨਵਾਂ, ਡਾ. ਸੁਨੀਤਾ ਸਮੇਤ ਵੱਡੀ ਗਿਣਤੀ ਵਿਚ ਸਰੋਤੇ ਹਾਜ਼ਰ ਸਨ।