ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਕਰਮੂੰਵਾਲਾ, ਜਥੇਦਾਰ ਪੱਖੋਕੇ, ਬਾਬਾ ਅਵਤਾਰ ਸਿੰਘ ਸੁਰਸਿੰਘ ਨੇ ਕੀਤੀ ਸ਼ਿਰਕਤ

 

ਗਿਆਨੀ ਹਰਪ੍ਰੀਤ ਸਿੰਘ ਵੱਲੋਂ 1 ਤੋਂ 3 ਨਵੰਬਰ ਨੂੰ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਮੁੜ ਸਮਾਗਮ ਕਰਵਾਉਣ ਦਾ ਐਲਾਨ

ਅੰਮ੍ਰਿਤਸਰ, 16 ਜਨਵਰੀ-

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ, ਤਰਨ ਤਾਰਨ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਪੂਰਨ ਸਿੰਘ ਸਾਬਕਾ ਜਥੇਦਾਰ, ਬਾਬਾ ਅਵਤਾਰ ਸਿੰਘ ਸੁਰਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਲੱਖਾ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਅਗਵਾਈ ਵਿਚ ਪੰਜਾਬ ਅਤੇ ਪੰਜਾਬ ਤੋਂ ਬਾਹਰ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾ ਰਹੇ, ਜੋ ਬਹੁਤ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਯਤਨਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਸਾਰੀ ਦੁਨੀਆਂ ਵਿਚ ਪਹੁੰਚਾਉਣਾ ਦਾ ਸਭ ਤੋਂ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦੇ ਆਦੇਸ਼ਾਂ ਅਨੁਸਾਰ 1 ਨਵੰਬਰ ਤੋਂ 3 ਨਵੰਬਰ ਨੂੰ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਮੁੜ ਗੁਰਮਤਿ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿਚ ਵੱਧ ਤੋਂ ਵੱਧ ਸਹਿਯੋਗ ਦੀ ਅਪੀਲ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਿਧਾਂਤ ਸਾਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕਰਦੇ ਹੈ। ਉਨ੍ਹਾਂ ਕਿਹਾ ਕਿ ਨੌਜੁਆਨੀ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ।

ਇਸੇ ਦੌਰਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਂਦਿਆਂ ਆਪਣੇ ਬੱਚਿਆਂ ਨੂੰ ਗੁਰ-ਮਰਯਾਦਾ ਦਾ ਪਾਲਣ ਕਰਦਿਆਂ ਨਸ਼ੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਬਾਬਾ ਲੱਖਾ ਸਿੰਘ ਸਰਹਾਲੀ ਵਾਲਿਆਂ ਗੁਰਦੁਆਰਾ ਸਾਹਿਬ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਸ. ਪ੍ਰਗਟ ਸਿੰਘ ਰੱਤੋਕੇ, ਸ. ਸਤਨਾਮ ਸਿੰਘ ਰਿਆੜ, ਸ. ਗੁਰਪ੍ਰਤਾਪ ਸਿੰਘ ਵਡਾਲਾ, ਬਾਬਾ ਬੰਤਾ ਸਿੰਘ ਕਥਾਵਾਚਕ ਮੁੰਡਾ ਪਿੰਡ, ਬਾਬਾ ਬਲਕਾਰ ਸਿੰਘ, ਬੀਬੀ ਪਰਮਜੀਤ ਕੌਰ ਛਾਬੜਾ ਅਹਿਮਦਾਬਾਦ ਆਦਿ ਮੌਜੂਦ ਸਨ।