15-09-2015-2 15-09-2015-1ਅੰਮ੍ਰਿਤਸਰ 15 ਸਤੰਬਰ (   )  ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਬਦ ਵੀਚਾਰ ਤੇ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ।ਸ਼ਾਮ ੮ ਵਜੇ ਤੋਂ ਦੇਰ ਰਾਤ ੧ ਵਜੇ ਤੀਕ ਚੱਲੇ ਇਸ ਗੁਰਮਤਿ ਸਮਾਗਮ ਸਮੇਂ ਭਾਈ ਰਵਿੰਦਰ ਸਿੰਘ, ਭਾਈ ਸ਼ੌਕੀਨ ਸਿੰਘ ਤੇ ਭਾਈ ਰਾਏ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਹਰਜਿੰਦਰ ਸਿੰਘ ਸ਼੍ਰੋਮਣੀ ਰਾਗੀ ਸ੍ਰੀਨਗਰ ਵਾਲੇ, ਡਾ. ਗੁਰਿੰਦਰ ਸਿੰਘ ਬਟਾਲਾ, ਭਾਈ ਹਰਜੋਤ ਸਿੰਘ ਜ਼ਖ਼ਮੀ, ਭਾਈ ਮਨਿੰਦਰ ਸਿੰਘ ਸ੍ਰੀਨਗਰ ਵਾਲੇ ਤੇ ਬੀਬੀ ਆਸ਼ੂਪ੍ਰੀਤ ਕੌਰ ਜਲੰਧਰ ਦੇ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜੁਗੋ-ਜੁਗ ਅਟੱਲ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹੱਤਤਾ ‘ਤੇ ਚਾਨਣਾ ਪਾਇਆ।ਉਨ੍ਹਾਂ ਸੰਗਤਾਂ ਨੂੰ ਸੰਦੇਸ਼ ਦੇਂਦਿਆਂ ਕਿਹਾ ਕਿ ਅੱਜ ਦੇ ਸਮੇਂ ਇਸ ਭਿਆਨਕ ਦੌਰ ਵਿੱਚ ਜੋ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਬੇ-ਮੁੱਖ ਹੋ ਕੇ ਆਪਣੇ ਜੀਵਨ ਨੂੰ ਆਵਾਗਵਨ ਦੇ ਚੱਕਰਾਂ ‘ਚ ਪਾਈ ਬੈਠੇ ਹਨ, ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਅਤੇ ਲੋਕ ਸੁਖੀਏ ਤੇ ਪ੍ਰਲੋਕ ਸੁਹੇਲੇ ਹੋਣ।ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਨੌਜਵਾਨਾਂ ਵਿੱਚ ਪਤਿਤਪੁਣਾ ਤੇ ਨਸ਼ਿਆਂ ਦੀਆਂ ਬੁਰੀਆਂ ਅਲਾਮਤਾਂ ਵੱਧ ਰਹੀਆਂ ਹਨ ਜੋ ਚਿੰਤਾਜਨਕ ਵਿਸ਼ਾ ਹੈ।ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਇਨ੍ਹਾਂ ਬੁਰੀਆਂ ਅਲਾਮਤਾਂ ‘ਚ ਫਸੇ ਹਨ ਉਹ ਇਨ੍ਹਾਂ ਅਲਾਮਤਾਂ ਨੂੰ ਤਿਆਗ ਕੇ ਅੰਮ੍ਰਿਤ ਛਕਣ ਤੇ ਗੁਰੂ ਵਾਲੇ ਬਣਨ।ਇਸ ਸਮੇਂ ਉਨ੍ਹਾਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਵੀ ਦਿੱਤੀ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਜਤਿੰਦਰਪਾਲ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ. ਜਗਜੀਤ ਸਿੰਘ ਮੀਤ ਸਕੱਤਰ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।