ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਔਰੰਗਾਬਾਦ ਲਈ ਨਗਰ ਕੀਰਤਨ ਹੋਇਆ ਰਵਾਨਾ

ਅੰਮ੍ਰਿਤਸਰ, 19 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਸਿੱਖ ਕੌਮ ਮਹਾਨ ਅਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁੱਜਾ। ਇਸ ਤੋਂ ਪਹਿਲਾਂ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਯਾਤਰਾ ਕਰ ਚੁੱਕਾ ਹੈ। ਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਨਗਰ ਕੀਰਤਨ ਪੰਜ ਤਖ਼ਤ ਸਾਹਿਬਾਨ ਦੀ ਯਾਤਰਾ ਕਰਦਾ ਹੋਇਆ ਸ਼ਤਾਬਦੀ ਸਮਾਗਮਾਂ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ੫ ਨਵੰਬਰ ਨੂੰ ਸੰਪੂਰਨ ਹੋਵੇਗਾ। ਇਸੇ ਤਹਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਹੁੰਚਣ ‘ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਹੋਇਆ। ਸਵਾਗਤ ਕਰਨ ਵਾਲਿਆਂ ਵਿਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ, ਗਿਆਨੀ ਜੋਤਇੰਦਰ ਸਿੰਘ, ਤਖ਼ਤ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਭੁਪਿੰਦਰ ਸਿੰਘ ਮਿਨਹਾਸ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵਡ, ਬਾਬਾ ਨਰਿੰਦਰ ਸਿੰਘ, ਬਾਬਾ ਬਲਵਿੰਦਰ ਸਿੰਘ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰ, ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ। ਰਾਤ ਸਮੇਂ ਨਗਰ ਕੀਰਤਨ ਇਥੇ ਪੁੱਜਣ ਸਮੇਂ ਆਤਿਸ਼ਬਾਜ਼ੀ ਕੀਤੀ ਗਈ ਅਤੇ ਖ਼ਾਲਸਈ ਜੈਕਾਰਿਆਂ ਨਾਲ ਅਸਮਾਨ ਗੂੰਜ ਉਠਿਆ। ਨਗਰ ਕੀਰਤਨ ‘ਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਥਾਂ ਦੀ ਤਰ੍ਹਾਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਵੀ ਸੰਗਤਾਂ ਦਾ ਇਕੱਠਾ ਮੌਜੂਦ ਸੀ, ਜਿਸ ਨੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਹਰ ਸੂਬੇ ਅੰਦਰ ਸੰਗਤਾਂ ਵੱਲੋਂ ਦੂਰ-ਦੁਰਾਡੇ ਤੋਂ ਪੁੱਜ ਕੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ ਜਾ ਰਹੀ ਹੈ।
ਇਸੇ ਦੌਰਾਨ ਅੱਜ ਨਗਰ ਕੀਰਤਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਅਗਲੇ ਪੜਾਅ ਔਰੰਗਾਬਾਦ ਲਈ ਰਵਾਨਾ ਹੋ ਗਿਆ। ਇਸ ਤੋਂ ਪਹਿਲਾਂ ਤਖ਼ਤ ਸਾਹਿਬ ਵਿਖੇ ਰਾਗੀ ਜਥਿਆਂ ਨੇ ਕੀਰਤਨ ਕੀਤਾ। ਇਥੇ ਰਵਾਨਗੀ ਸਮੇਂ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ। ਪ੍ਰਮੁੱਖ ਸ਼ਖ਼ਸੀਅਤਾਂ ਵਿਚ ਨਗਰ ਕੀਰਤਨ ਦੀ ਰਵਾਨਗੀ ਸਮੇਂ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ, ਗਿਆਨੀ ਜੋਤਇੰਦਰ ਸਿੰਘ, ਮੈਂਬਰ ਪਾਰਲੀਮੈਂਟ ਸ੍ਰੀ ਪ੍ਰਤਾਪ ਰਾਉ ਪਾਟਿਲ, ਤਖ਼ਤ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਭੁਪਿੰਦਰ ਸਿੰਘ ਮਿਨਹਾਸ, ਸ. ਗੁਰਵਿੰਦਰ ਸਿੰਘ ਵਧਵਾ ਸੁਪ੍ਰਿੰਟੈਂਡੈਂਟ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਮੈਨੇਜਰ ਸ. ਪਰਮਜੀਤ ਸਿੰਘ, ਸੁਪਰਵਾਈਜ਼ਰ ਸ. ਰਜਵੰਤ ਸਿੰਘ, ਸ. ਬਖ਼ਸ਼ੀਸ ਸਿੰਘ, ਸ. ਗੁਰਲਾਲ ਸਿੰਘ ਆਦਿ ਮੌਜੂਦ ਸਨ।