ਅੰਮ੍ਰਿਤਸਰ, 13 ਦਸੰਬਰ- ਸਿੱਖ ਧਰਮ ਰਜਿਸਟਰਡ ਕਮੇਟੀ ਆਸਟ੍ਰੀਆ ਦੇ ਮੁੱਖ ਸੇਵਾਦਾਰ ਸ. ਹਰਮਨ ਸਿੰਘ ਖਾਲਸਾ ਅਤੇ ਹੋਰ ਨੁਮਾਇੰਦਿਆਂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਆਸਟ੍ਰੀਆ ਅੰਦਰ ਸਿੱਖਾਂ ਦੀ ਸਥਿਤੀ, ਸਿੱਖੀ ਪ੍ਰਚਾਰ ਅਤੇ ਦੇਸ਼ ਅੰਦਰ ਸਿੱਖ ਦੇ ਯੋਗਦਾਨ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪੂਰੇ ਯੂਰਪ ਅੰਦਰ ਸਿੱਖਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਗੁਰਦੁਆਰਾ ਸਾਹਿਬਾਨ ਸਥਾਪਤ ਕਰਕੇ ਸਿੱਖੀ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਕਈ ਸਭਾ-ਸੁਸਾਇਟੀਆਂ ਵੀ ਸਿੱਖੀ ਦੀ ਚੜ੍ਹਦੀ ਕਲਾ ਕਾਰਜਸ਼ੀਲ ਹਨ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਵੱਖ-ਵੱਖ ਅੰਦਰ ਸਿੱਖਾਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਸਿੱਖੀ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਆਪਣੀ ਅੱਡਰੀ ਪਛਾਣ ਅਤੇ ਹੋਂਦ ਨੂੰ ਦਰਸਾਇਆ ਹੈ। ਉਨ੍ਹਾਂ ਆਸਟ੍ਰੀਆ ਅੰਦਰ ਸਿੱਖ ਧਰਮ ਰਜਿਸਟਰਡ ਕਮੇਟੀ ਵੱਲੋਂ ਕੀਤੇ ਜਾ ਰਹੇ ਸਿੱਖੀ ਪ੍ਰਚਾਰ ਦੇ ਕਾਰਜਾਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਬਖ਼ਸ਼ ਸਿੰਘ ਖਾਲਸਾ, ਭਾਈ ਰਾਮ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਭਾਈ ਰਾਮ ਸਿੰਘ ਆਸਟ੍ਰੀਆ, ਬੀਬੀ ਨਵਨੀਤ ਕੌਰ ਅਤੇ ਸ. ਹਰਪ੍ਰੀਤ ਸਿੰਘ ਆਦਿ ਮੌਜੂਦ ਸਨ।