ਅੰਮ੍ਰਿਤਸਰ 17 ਅਗਸਤ – ਇੰਗਲੈਂਡ ਦੇ ਸ਼ਹਿਰ ਬਰੈਡਫੋਰਡ ਵਿਖੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਗੁਰਦੁਆਰਾ ਸਾਹਿਬ ਦੀ ਇਮਾਰਤ ਤੋਂ ਬਾਹਰ ਸੁੱਟਣਾ ਨਿੰਦਣਯੋਗ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਭ ਦੇ ਸਾਂਝੇ ਗੁਰੂ ਹਨ ਇਸ ਵਿੱਚ ਗੁਰੂ ਸਾਹਿਬ ਤੋਂ ਇਲਾਵਾ ਸਾਰੇ ਧਰਮਾਂ ਦੇ ਭਗਤਾਂ ਅਤੇ ਭੱਟਾਂ ਦੀ ਬਾਣੀ ਦਰਜ ਹੈ ਤੇ ਹਰ ਮਨੁੱਖ ਇਸ ਅੱਗੇ ਆਪਣਾ ਸੀਸ ਝੁਕਾਉਂਦਾ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਾਂਝੀਵਾਲਤਾ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦੇਂਦੀ ਹੈ, ਪਰ ਕੁਝ ਸਿਰਫਿਰੇ ਵਿਅਕਤੀ ਗੁਰੂ ਸਾਹਿਬ ਦਾ ਅਪਮਾਨ ਕਰਕੇ ਅਮਨ ਅਤੇ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ, ਜੋ ਕਦਾਚਿਤ ਵੀ ਬਰਦਾਸ਼ਤ ਯੋਗ ਨਹੀਂ ਹੈ।ਉਨ੍ਹਾਂ ਕਿਹਾ ਕਿ ਆਪਣੇ ਦੇਸ਼ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਤੇ ਹੁਣ ਵਿਦੇਸ਼ਾਂ ਵਿੱਚ ਪਾਵਨ ਸਰੂਪਾਂ ਦਾ ਨਿਰਾਦਰ ਸ਼ੁਰੂ ਹੋਣਾ ਚਿੰਤਾ ਦਾ ਵਿਸ਼ਾ ਹੈ।
ਉਨ੍ਹਾਂ ਇੰਗਲੈਂਡ ਦੀ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਤੇ ਕਾਨੂੰਨ ਅਨੁਸਾਰ ਬਣਦੀ ਸਖਤ ਸਜ਼ਾ ਦਿੱਤੀ ਜਾਵੇ।