ਅੰਮ੍ਰਿਤਸਰ 19 ਅਗਸਤ- ਇੰਗਲੈਂਡ ਦੇ ਵੈਸਟ ਯਾਰਕਸ਼ਾਇਰ ਇਲਾਕੇ ਵਿੱਚ ਬਰੈਡਫੋਰਡ ਦੇ ਗੋਬਿੰਦ ਮਾਰਗ ‘ਤੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਗੇਟ ਅੰਦਰ ਸੁੱਟਣ ਦੀ ਘਟਨਾ ਮੰਦਭਾਗੀ ਤੇ ਨਾ-ਬਰਦਾਸ਼ਤਯੋਗ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਾਂਝੀਵਾਲਤਾ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦੇਂਦੀ ਹੈ, ਪਰ ਕੁਝ ਸਿਰਫਿਰੇ ਵਿਅਕਤੀ ਗੁਰੂ ਸਾਹਿਬ ਦਾ ਅਪਮਾਨ ਕਰਕੇ ਧਰਮ ਦੇ ਨਾਮ ‘ਤੇ ਫਿਰਕੂ ਭਾਵਨਾਵਾਂ ਫੈਲਾਉਣ ਦੀਆਂ ਕੋਝੀ ਹਰਕਤਾਂ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਪਾਵਨ ਸਰੂਪਾਂ ਦਾ ਨਿਰਾਦਰ ਹੋਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ ਜਿਸ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਇਸ ਮਸਲੇ ਨੂੰ ਸੰਜੀਦਗੀ ਨਾਲ ਲੈਣਾ ਚਾਹੀਦਾ ਹੈ।
ਉਨ੍ਹਾਂ ਇੰਗਲੈਂਡ ਦੀ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਗੁਰਦੁਆਰਾ ਸਾਹਿਬ ਦੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਤੇ ਕਾਨੂੰਨ ਅਨੁਸਾਰ ਬਣਦੀ ਸਖ਼ਤ ਸਜ਼ਾ ਦਿੱਤੀ ਜਾਵੇ।ਉਨ੍ਹਾਂ ਇੰਗਲੈਂਡ ‘ਚ ਵੱਸਦੇ ਸਿੱਖ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਤਾਂ ਕਿ ਦੋਸ਼ੀਆਂ ਤੀਕ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ।