ਅੰਮ੍ਰਿਤਸਰ. 03 ਅਗਸਤ:- ਉੜੀਸਾ ਦੇ ਸਿੱਖ ਆਗੂ ਅਤੇ ਪਾਲ ਹਾਈਟਸ ਹੋਟਲ ਭਵਨੇਸ਼ਵਰ ਦੇ ਮਾਲਕ ਸ. ਸਤਪਾਲ ਸਿੰਘ ਦੇ ਘਰ ਨੂੰ ਅੱਗ ਲੱਗਣ ਕਾਰਨ ਉਨ੍ਹਾਂ ਦੇ ਚਾਰ ਪਰਿਵਾਰਕ ਮੈਂਬਰਾਂ ਦੀ ਦਰਦਨਾਕ ਮੌਤ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਸਕੱਤਰ ਡਾ. ਰੂਪ ਸਿੰਘ ਨੇ ਡੂੰਘਾ ਅਫਸੋਸ ਜ਼ਾਹਿਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਸ. ਸਤਪਾਲ ਸਿੰਘ ਦੇ ਘਰ ਨੂੰ ਅੱਜ ਅਚਾਨਕ ਅੱਗ ਲੱਗਣ ਕਾਰਨ ਉਨ੍ਹਾਂ ਦੇ ਪੁੱਤਰ ਸ. ਗਗਨਪਾਲ ਸਿੰਘ (38), ਨੂੰਹ ਭਾਵਨਾ, ਪੋਤਰੀ ਛਵੀ ਕੌਰ (11) ਅਤੇ ਪੋਤਰੇ ਕਾਕਾ ਰੂਵੀਰਪਾਲ ਸਿੰਘ (5) ਦੀ ਅੱਗ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ।
ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਉਕਤ ਆਗੂਆਂ ਨੇ ਸ. ਸਤਪਾਲ ਸਿੰਘ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਚਾਰ ਪਰਿਵਾਰਕ ਮੈਂਬਰਾਂ ਦਾ ਇਕੱਠਿਆਂ ਸੰਸਾਰ ਤੋਂ ਤੁਰ ਜਾਣਾ ਬੇਹੱਦ ਦੁੱਖਮਈ ਹੈ। ਉਨ੍ਹਾਂ ਆਖਿਆ ਕਿ ਸ. ਸਤਪਾਲ ਸਿੰਘ ਦਾ ਪਰਿਵਾਰ ਪੰਥ ਪ੍ਰਸਤ ਅਤੇ ਗੁਰੂ ਦੀ ਭੈ-ਭਾਵਨੀ ਵਿਚ ਰਹਿਣ ਵਾਲਾ ਹੈ। ਉਨ੍ਹਾਂ ਕਿਹਾ ਕਿ ਪਰਮਾਤਮਾ ਦਾ ਭਾਣਾ ਅਟੱਲ ਹੋਣ ਕਰਕੇ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਉਹ ਵਿਛੜੀਆਂ ਰੂਹਾਂ ਨੂੰ ਅਪਣੇ ਚਰਨਾਂ ਵਿਚ ਨਿਵਾਸ ਬਖਸ਼ਣ।
ਇਹ ਵੀ ਦੱਸਣਯੋਗ ਹੈ ਕਿ ਸ. ਸਤਪਾਲ ਸਿੰਘ ਉੜੀਸਾ ਦੇ ਪ੍ਰਮੁੱਖ ਸਿੱਖ ਆਗੂ ਹੋਣ ਕਾਰਨ ਪੰਥਕ ਹਿੱਤਾਂ ਤੇ ਹੱਕਾਂ ਲਈ ਵੀ ਹਮੇਸ਼ਾ ਕਾਰਜਸ਼ੀਲ ਰਹਿੰਦੇ ਹਨ। ਉੜੀਸਾ ਦੇ ਜਗਨਨਾਥ ਪੁਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਪੰਥਕ ਹੱਥਾਂ ਵਿਚ ਦੇਣ ਲਈ ਉਨ੍ਹਾਂ ਦੀ ਵਿਸ਼ੇਸ਼ ਭੂਮਿਕਾ ਹੈ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਗੁਰਦੁਆਰਾ ਸਾਹਿਬ ਸਬੰਧੀ ਬਣਾਈ ਗਈ ਕਮੇਟੀ ਵਿਚ ਵੀ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।