ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਮੰਗਲਵਾਰ, ੧੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੨ ਅਪ੍ਰੈਲ, ੨੦੨੫ (ਅੰਗ: ੬੬੮)

ਅੰਮ੍ਰਿਤਸਰ, 25 ਜੂਨ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਅੰਦਰ ਘਟਗਿਣਤੀ ਸਿੱਖਾਂ ’ਤੇ ਹੋ ਰਹੇ ਹਮਲਿਆਂ ਦੀ ਕਰੜੀ ਨਿੰਦਾ ਕੀਤੀ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ ਕਿ ਪਾਕਿਸਤਾਨ ਦੇ ਸ਼ਹਿਰ ਪਿਸ਼ਾਵਰ ’ਚ ਸਿੱਖ ਦੁਕਾਨਦਾਰ ਸ. ਮਨਮੋਹਨ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣੀ ਬੇਹੱਦ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਦਰ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਉਥੋਂ ਦੀ ਸਰਕਾਰ ਨੂੰ ਸੰਜੀਦਾ ਹੋਣਾ ਚਾਹੀਦਾ ਹੈ। ਦੋ ਦਿਨਾਂ ਅੰਦਰ ਸਿੱਖਾਂ ’ਤੇ ਹਮਲੇ ਦੀ ਇਹ ਦੂਸਰੀ ਘਟਨਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ਅੰਦਰ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਜੇਕਰ ਸਰਕਾਰ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਮੁੜ ਅਜਿਹਾ ਨਾ ਵਾਪਰਦਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਸਰਕਾਰ ਪਾਸੋਂ ਸਿੱਖ ਦੁਕਾਨਦਾਰ ਸ. ਮਨਮੋਹਨ ਸਿੰਘ ਦੀ ਹੱਤਿਆ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਇਸ ਮਾਮਲੇ ਵਿਚ ਪਾਕਿਸਤਾਨ ਸਰਕਾਰ ਪਾਸ ਸਖ਼ਤ ਇਤਰਾਜ਼ ਪ੍ਰਗਟ ਕਰਨ ਅਤੇ ਭਵਿੱਖ ਅੰਦਰ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਵਾਸਤੇ ਢੁੱਕਵੇਂ ਕਦਮ ਚੁੱਕਣ ਲਈ ਕਹਿਣ।