ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਸੋਮਵਾਰ, ੬ ਜੇਠ (ਸੰਮਤ ੫੫੭ ਨਾਨਕਸ਼ਾਹੀ) ੧੯ ਮਈ, ੨੦੨੫ (ਅੰਗ: ੬੮੨)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 12 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਨੂੰ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ ਦੀ ਸਿਰਜਨਾ ਕਰਕੇ ਸਿੱਖ ਕੌਮ ਨੂੰ ਇਕ ਵਿਲੱਖਣ ਪਛਾਣ ਦੇਣ ਦੇ ਨਾਲ-ਨਾਲ ਸਵੈਮਾਣ ਨਾਲ ਜਿਊਣ ਦਾ ਰਾਹ ਦਿਖਾਇਆ। ਐਡਵੋਕੇਟ ਧਾਮੀ ਨੇ ਸਿੱਖ ਕੌਮ ਨੂੰ ਆਪਣੇ ਇਸ ਮੁਬਾਰਕ ਦਿਹਾੜੇ ’ਤੇ ਗੁਰੂ ਸਾਹਿਬ ਵੱਲੋਂ ਦਰਸਾਈ ਜੀਵਨ ਜਾਚ ਨਾਲ ਜੁੜ ਕੇ ਕੌਮੀ ਹਿੱਤਾਂ ਦੀ ਪਹਿਰੇਦਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੌਜੁਆਨਾਂ ਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਲਈ ਵੀ ਪ੍ਰੇਰਿਆ।
ਐਡਵੋਕੇਟ ਧਾਮੀ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਆਦੇਸ਼ ਮੁਤਾਬਿਕ ਸਿੱਖ ਕੌਮ ਨੂੰ ਇਸ ਵਾਰ 325ਵੇਂ ਖ਼ਾਲਸਾ ਸਾਜਣਾ ਦਿਵਸ ਮੌਕੇ 13 ਅਪ੍ਰੈਲ ਨੂੰ ਆਪਣੇ ਘਰਾਂ ’ਤੇ ਖਾਲਸਈ ਨਿਸ਼ਾਨ ਝੁਲਾਉਣ ਅਤੇ ਮੂਲਮੰਤਰ ਦਾ ਜਾਪ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਨ ਲਈ ਵੀ ਕਿਹਾ। ਉਨ੍ਹਾਂ ਸੰਗਤ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਖਾਲਸਾ ਸਾਜਣਾ ਦਿਵਸ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਭਰਵੀਂ ਸ਼ਮੂਲੀਅਤ ਕਰਨ ਦੀ ਵੀ ਅਪੀਲ ਕੀਤੀ।