** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਸਰਨਾ ਸਪੱਸ਼ਟ ਕਰੇ ਕਿ ਉਹ ਰਾਜਨੀਤਿਕ ਜਾਂ ਧਾਰਮਿਕ ਆਗੂ: ਸ਼੍ਰੋਮਣੀ ਕਮੇਟੀ
ਕਾਂਗਰਸ ਨੇ ਸਾਜ਼ਿਸ਼ੀ ਢੰਗ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ

ਅੰਮ੍ਰਿਤਸਰ, ੧੨ ਜੁਲਾਈ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਦੇ ਸਾਬਕਾ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਲਾਹਕਾਰ ਨਿਯੁਕਤ ਕੀਤੇ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਕਿਹਾ ਕਿ ਸਰਨਾ ਰਾਜਨੀਤਿਕ ਜਾਂ ਧਾਰਮਿਕ ਅਗੂ ਹਨ ਇਹ ਸਪੱਸ਼ਟ ਕਰ ਦੇਣਾ ਚਾਹੀਦਾ ਹੈ ਕਿਉਂਕਿ ਕਾਂਗਰਸ ਉਹ ਜਮਾਤ ਹੈ, ਜਿਸ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕੀਤਾ, ਰੂਹਾਨੀਅਤ ਦੇ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਟੈਂਕ ਦਾਖਲ ਕਰਵਾਏ ਅਤੇ ਮੱਥਾ ਟੇਕਣ ਆਈਆਂ ਸੰਗਤਾਂ ਨੂੰ ਸ਼ਹੀਦ ਕਰਵਾਇਆ, ਜਿਸ ਨੂੰ ਸਮੁੱਚਾ ਸਿੱਖ ਜਗਤ ਕਦੇ ਵੀ ਮੁਆਫ ਨਹੀਂ ਕਰੇਗਾ। ਦੇਸ਼ ਦੀ ਵੰਡ ਤੋਂ ਬਾਅਦ ਕਾਂਗਰਸ ਨੇ ਲੰਮਾ ਸਮਾਂ ਆਪਣੇ ਕਾਰਜਕਾਲ ਵਿਚ ਸਿੱਖ ਵਿਰੋਧੀ ਫੈਸਲੇ ਲਏ, ਜਿਸ ਦੀ ਮਿਸਾਲ ਸਿੱਖ ਕਤਲੇਆਮ ਤੋਂ ਲਈ ਜਾ ਸਕਦੀ ਹੈ। ਜੂਨ ੧੯੮੪ ਦਾ ਸੰਤਾਪ ਝੱਲਣ ਵਾਲੇ ਪੀੜਤ ਪਰਿਵਾਰਾਂ ਨੂੰ ਅੱਜ ਤਕ ਇਨਸਾਫ ਨਹੀਂ ਮਿਲ ਸਕਿਆ, ਜਦਕਿ ਕਾਂਗਰਸ ਦੋਸ਼ੀ ਕਾਂਗਰਸੀਆਂ ਨੂੰ ਅਹੁਦੇ ਦੇ ਕੇ ਕੇਂਦਰ ਵਿਚ ਨਿਵਾਜਦੀ ਰਹੀ ਹੈ। ਭਾਵੇਂ ਪਾਣੀਆਂ ਜਾਂ ਪੰਜਾਬੀ ਬੋਲਦੇ ਇਲਾਕਿਆਂ ਦਾ ਮਸਲਾ ਹੋਵੇ ਪਰੰਤੂ ਹਮੇਸ਼ਾ ਹੀ ਕਾਂਗਰਸ ਨੇ ਸਾਜ਼ਿਸ਼ੀ ਤਰੀਕੇ ਨਾਲ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਐਸ.ਵਾਈ.ਐਲ. ਨੂੰ ਕਾਂਗਰਸ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਖੁਦ ਟੱਕ ਲਗਾ ਕੇ ਨਹਿਰ ਪੁੱਟਣ ਦੀ ਸ਼ੁਰੂਆਤ ਕਰਵਾਈ ਸੀ, ਜਿਸ ਕਾਰਨ ਪੰਜਾਬ ਨੂੰ ਲੰਮਾ ਸਮਾਂ ਸੰਤਾਪ ਭੋਗਣਾ ਪਿਆ। ਅੱਜ ਵੀ ਪਾਣੀਆਂ ਦੀ ਵੰਡ ਨੂੰ ਲੈ ਕੇ ਦੋਵੇਂ ਸੂਬਿਆਂ ਵਿਚ ਟਕਰਾਅ ਵਾਲੀ ਸਥਿਤੀ ਬਣੀ ਹੋਈ ਹੈ। ਨਹਿਰੀ ਪਾਣੀ ਨੂੰ ਲੈ ਕੇ ਹਰ ਪੰਜਾਬੀ ਚਿੰਤਤ ਹੈ।
ਉਨ੍ਹਾਂ ਕਿਹਾ ਕਿ ਜਦੋਂ ਤੋਂ ਸੂਬੇ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਕਾਂਗਰਸ ਸਰਕਾਰ ਬਣੀ ਹੈ ਉਦੋਂ ਤੋਂ ਕਾਂਗਰਸੀ ਵਿਧਾਇਕ ਅਜਿਹੇ ਹੋਛੇ ਹੱਥਕੰਡੇ ਅਪਣਾ ਰਹੇ ਹਨ ਕਿ ਸਿਆਸੀ ਤਾਕਤ ਨਾਲ ਗੁਰਦੁਆਰਾ ਸਾਹਿਬਾਨਾਂ ਦੀਆਂ ਜ਼ਮੀਨਾਂ ਉਪਰ ਨਾਜਾਇਜ਼ ਕਬਜ਼ੇ ਕਰਵਾਉਣ ਲਈ ਯਤਨਸ਼ੀਲ ਹਨ, ਪਰੰਤੂ ਉਨ੍ਹਾਂ ਦੇ ਮਨਸੂਬਿਆਂ ਨੂੰ ਸਿੱਖ ਸੰਗਤ ਕਦੇ ਵੀ ਸਫਲ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਸਲਾਹਕਾਰ ਬਣਨ ਤੋਂ ਸਪੱਸ਼ਟ ਹੋ ਗਿਆ ਹੈ ਕਿ ਸਰਨਾ ਕਾਂਗਰਸ ਦੀ ਮਾੜੀ ਸੋਚ ਵਾਲੀ ਰਾਜਨੀਤੀ ਦਾ ਆਸਰਾ ਲੈ ਕੇ ਪੰਥਕ ਸਿੱਖ ਸ਼ਕਤੀ ਨੂੰ ਖੋਰਾ ਲਗਾਉਣਾ ਚਾਹੁੰਦਾ ਹੈ, ਉਨ੍ਹਾਂ ਕਿਹਾ ਕਿ ਸਮੁੱਚਾ ਸਿੱਖ ਜਗਤ ਸਰਨੇ ਦੇ ਸਿੱਖ ਵਿਰੋਧੀ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦੇਵੇਗਾ।