ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਸ਼ੁੱਕਰਵਾਰ, ੬ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੮ ਅਪ੍ਰੈਲ, ੨੦੨੫ (ਅੰਗ: ੬੭੭)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

 
ਅੰਮ੍ਰਿਤਸਰ, 9  ਅਪ੍ਰੈਲ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਕਾਰਸੇਵਾ ਸੰਪ੍ਰਦਾ ਗੁਰੂ ਕਾ ਬਾਗ ਦੇ ਮੁਖੀ ਬਾਬਾ ਹਜ਼ਾਰਾ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਚਰਨ ਸਿੰਘ ਮਹਾਲੋਂ, ਸੰਗੀਤ ਮਾਰਤੰਡ ਪਦਮਸ੍ਰੀ ਪ੍ਰੋਫ਼ੈਸਰ ਕਰਤਾਰ ਸਿੰਘ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਬਿਰਤਾਂਤ ਨੂੰ ਕਾਵਿ-ਰੂਪ ਵਿਚ ਦਰਜ਼ ਕਰਨ ਵਾਲੇ ਅਲਹ ਯਾਰ ਖ਼ਾਂ ਜੋਗੀ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਿਭਾਈ, ਜਦਕਿ ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਥਕ ਖੇਤਰ ਵਿਚ ਸਮੇਂ-ਸਮੇਂ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾ ਕੇ ਸਿੱਖ ਕੌਮ ਦੀ ਸਿਰਮੌਰ ਸੰਸਥਾ ਵੱਲੋਂ ਉਨ੍ਹਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਜੋ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ ਹਨ, ਉਨ੍ਹਾਂ ਵਿਚ ਬਾਬਾ ਹਜ਼ਾਰਾਂ ਸਿੰਘ ਕਾਰਸੇਵਾ ਗੁਰੂ ਕਾ ਬਾਗ ਵਾਲਿਆਂ ਨੇ ਜਿਥੇ ਗੁਰਦੁਆਰਾ ਸਾਹਿਬ ਦੀ ਉਸਾਰੀ ਵਿਚ ਵੱਡਮੁੱਲਾ ਯੋਗਦਾਨ ਪਾਇਆ ਹੈ, ਉਥੇ ਉਨ੍ਹਾਂ ਧਰਮ ਯੁੱਧ ਮੋਰਚੇ ਦੌਰਾਨ ਜੇਲ੍ਹ ਵੀ ਕੱਟੀ ਅਤੇ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਕਰਵਾ ਕੇ ਸੰਗਤ ਨੂੰ ਗੁਰੂ ਲੜ ਲਾਇਆ। ਇਸੇ ਤਰ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਚਰਨ ਸਿੰਘ ਮਹਾਲੋਂ ਦੀਆਂ ਵੀ ਸਿੱਖ ਪੰਥ ਦੇ ਪ੍ਰਸਾਰ ਲਈ ਵੱਡੀਆਂ ਸੇਵਾਵਾਂ ਹਨ। ਉਨ੍ਹਾਂ ਨੇ 1980 ਤੋਂ 1987 ਤੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਨਿਭਾਈਆਂ ਅਤੇ ਉਹ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਵੀ ਕਾਰਜਸ਼ੀਲ ਰਹੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪਦਮਸ੍ਰੀ ਪ੍ਰੋਫ਼ੈਸਰ ਕਰਤਾਰ ਸਿੰਘ ਦਾ ਵੀ ਗੁਰਮਤਿ ਸੰਗੀਤ ਦੇ ਖੇਤਰ ਵਿਚ ਵੱਡਮੁੱਲਾ ਯੋਗਦਾਨ ਹੈ। ਉਨ੍ਹਾਂ ਨੇ ਜਿਥੇ ਰਾਗ ਅਧਾਰਿਤ ਕੀਰਤਨ ਅਤੇ ਪੁਰਾਤਨ ਕਲਾ ਤੰਤੀ ਸਾਜ਼ਾਂ ਰਾਹੀਂ ਗੁਰਮਤਿ ਸੰਗੀਤ ਨੂੰ ਪ੍ਰਚਾਰਿਆ, ਉਥੇ ਸੰਗਤੀ ਨਾਲ ਸਬੰਧਤ 7 ਪੁਸਤਕਾਂ ਵੀ ਸੰਗਤ ਦੀ ਝੋਲੀ ਪਾਈਆਂ। ਗਿਆਨੀ ਰਘਬੀਰ ਸਿੰਘ ਨੇ ਅੱਲਾ ਯਾਰ ਯੋਗੀ ਬਾਰੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਦੇ ਬਿਰਤਾਂਤ ਨੂੰ ਕਾਵਿ-ਰੂਪ ਵਿਚ ਸ਼ਹੀਦਾਨਿ ਵਫ਼ਾ ਅਤੇ ਗੰਜਿ-ਏ-ਸ਼ਹੀਦਾਂ ਰਾਹੀਂ ਬਿਆਨ ਕੀਤਾ ਹੈ, ਜੋ ਸਿੱਖ ਸੰਗਤਾਂ ਲਈ ਪ੍ਰੇਰਣਾ ਦਾ ਸੋਮਾ ਹੈ।
ਇਸ ਮੌਕੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਸਕੱਤਰ ਸ. ਪ੍ਰਤਾਪ ਸਿੰਘ ਨੇ ਵੀ ਸੰਬੋਧਨ ਕਰਦਿਆਂ ਤਸਵੀਰਾਂ ਲੱਗਣ ਵਾਲੀਆਂ ਸ਼ਖ਼ਸੀਅਤਾਂ ਦੇ ਜੀਵਨ ਬਾਰੇ ਵਿਚਾਰ ਪ੍ਰਗਟਾਏ। ਇਸ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਗੁਰਚਰਨ ਸਿੰਘ ਕੋਹਾਲਾ, ਸ. ਬਲਵਿੰਦਰ ਸਿੰਘ ਖੈਰਾਬਾਦ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸਤਨਾਮ ਸਿੰਘ ਗੁਰੂ ਕਾ ਬਾਗ, ਬਾਬਾ ਕੁਲਬੀਰ ਸਿੰਘ, ਬਾਬਾ ਚਰਨ ਸਿੰਘ, ਬਾਬਾ ਕਿਰਪਾਲ ਸਿੰਘ, ਬਾਬਾ ਜੋਗਿੰਦਰ ਸਿੰਘ, ਜਥੇਦਾਰ ਹਰਚਰਨ ਸਿੰਘ ਮਹਾਲੋਂ ਦੇ ਪਰਿਵਾਰ ਵਿੱਚੋਂ ਸ. ਜਗਦੀਪ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਦਲਜੀਤ ਸਿੰਘ ਬਿੱਟੂ, ਸ. ਨਰੈਣ ਸਿੰਘ ਚੌੜਾ, ਸ. ਪਰਮਜੀਤ ਸਿੰਘ ਗਾਜੀ, ਪ੍ਰੋਫ਼ੈਸਰ ਕਰਤਾਰ ਸਿੰਘ ਦੇ ਪਰਿਵਾਰ ਵਿੱਚੋਂ ਸ. ਅੰਮ੍ਰਿਤਪਾਲ ਸਿੰਘ ਚੰਡੀਗੜ੍ਹ, ਐਡਵੋਕੇਟ ਅਮਰਜੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਪ੍ਰਿੰਸੀਪਲ ਸੁਖਵਿੰਦਰ ਸਿੰਘ, ਬੀਬੀ ਸਤਵੰਤ ਕੌਰ, ਸੁਪਰਡੈਂਟ ਸ. ਨਿਸ਼ਾਨ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਇੰਚਾਰਜ ਸ. ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।