ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਸ਼ਨਿਚਰਵਾਰ, ੯ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੨ ਮਾਰਚ, ੨੦੨੫ (ਅੰਗ: ੬੮੦)

ਦੇਸ਼ ਦੀ ਰਾਖੀ ਲਈ ਜਰਨਲ ਹਰਬਖਸ਼ ਸਿੰਘ, ਜਗਜੀਤ ਸਿੰਘ ਅਰੋੜਾ ਅਤੇ ਮਾਰਸ਼ਲ ਅਰਜਨ ਸਿੰਘ ਨੇ ਪਾਇਆ ਅਹਿਮ ਯੋਗਦਾਨ -ਪ੍ਰੋ: ਕਿਰਪਾਲ ਸਿੰਘ ਬਡੂੰਗਰ

ਅੰਮ੍ਰਿਤਸਰ, ੨੯ ਅਕਤੂਬਰ – ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਤਿੰਨ ਜੰਗੀ ਨਾਇਕਾਂ ਦੀਆਂ ਤਸਵੀਰਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਭਲਕੇ ੩੧ ਅਕਤੂਬਰ ਨੂੰ ਲਗਾਈਆਂ ਜਾਣਗੀਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸਿੰਘ ਸਾਹਿਬਾਨ ਅਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈ ਜਾਵੇਗੀ।
ਇਸ ਸਬੰਧੀ ਪ੍ਰੋ. ਬਡੂੰਗਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਨ ੧੯੬੫ ਦੀ ਜੰਗ ਸਮੇਂ ਜਰਨਲ ਹਰਬਖਸ਼ ਸਿੰਘ ਨੇ ਸੂਰਬੀਰਤਾ ਅਤੇ ਸੂਝਤਾ ਨਾ ਵਿਖਾਈ ਹੁੰਦੀ ਤਾਂ ਸਾਡਾ ਪੰਜਾਬ ਤੇ ਕਸ਼ਮੀਰ ਪਾਕਿਸਤਾਨ ਦਾ ਹਿੱਸਾ ਬਣ ਜਾਣੇ ਸਨ, ਪ੍ਰੰਤੂ ਉਨ੍ਹਾਂ ਵੱਲੋਂ ਜੰਗ ਸਮੇਂ ਵਿਖਾਈ ਬਹਾਦਰੀ ਦੀ ਅਨੋਖੀ ਮਿਸਾਲ ਸਾਡੇ ਸਾਹਮਣੇ ਹੈ, ਜਿਸ ਨੂੰ ਸਦੀਵੀ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ੧੯੭੧ ਦੀ ਜੰਗ ਸਮੇਂ ਸ. ਜਗਜੀਤ ਸਿੰਘ ਅਰੋੜਾ ਨੇ ਅਹਿਮ ਯੋਗਦਾਨ ਪਾਇਆ। ਉਨ੍ਹਾਂ ਨੇ ਅਜਿਹੀ ਬਹਾਦਰੀ ਵਿਖਾਈ ਕੇ ਜੰਗ ਸਮੇਂ ਪਾਕਿ ਫੌਜਾਂ ਨੂੰ ਹਥਿਆਰ ਸੁੱਟਣ ਲਈ ਮਜ਼ਬੂਰ ਹੋਣਾ ਪਿਆ। ਉਨ੍ਹਾਂ ਦੀ ਅਗਵਾਈ ‘ਚ ਭਾਰਤੀ ਫੌਜ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੰਗੀ ਨਾਇਕ ਮਾਰਸ਼ਲ ਅਰਜਨ ਸਿੰਘ, ਜਿਨ੍ਹਾਂ ਨੂੰ ਦੁਨੀਆਂ ‘ਚ ਪੰਜ ਸਟਾਰ ਹਾਸਲ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ੧੯੬੫ ਦੀ ਜੰਗ ਸਮੇਂ ਭਾਰਤੀ ਹਵਾਈ ਫੌਜ ਦੀ ਅਗਵਾਈ ਕਰਕੇ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ ਅਤੇ ਦੁਸ਼ਮਣ ਫੌਜਾਂ ਨੂੰ ਗੋਡੇ ਟੇਕਣ ਲਈ ਮਜ਼ਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਮਾਰਸ਼ਲ ਅਰਜਨ ਸਿੰਘ ਵੱਲੋਂ ਪਾਏ ਅਹਿਮ ਯੋਗਦਾਨ ਸਦਕਾ ਭਾਰਤੀ ਏਅਰਫੋਰਸ ਨੂੰ ਦੁਨੀਆ ਦੀ ਤਾਕਤਵਾਰ ਸੈਨਾ ‘ਚ ਗਿਣਿਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਤਿੰਨਾਂ ਜਰਨਲਾਂ ਦੀਆਂ ਅਹਿਮ ਪ੍ਰਾਪਤੀਆਂ ਅਤੇ ਦੇਸ਼ ਦੀ ਏਕਤਾ ਅਖੰਡਤਾ ਦੀ ਰਾਖੀ ਲਈ ਪਾਏ ਮਹੱਤਵਪੂਰਨ ਯੋਗਦਾਨ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਲਕੇ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਉਨ੍ਹਾਂ ਦੀਆਂ ਤਸਵੀਰਾਂ ਸਥਾਪਿਤ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ‘ਚ ਸ਼੍ਰੋਮਣੀ ਕਮੇਟੀ ਵੱਲੋਂ ਲਿਖਤੀ ਤੌਰ ‘ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੱਦਾ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਮਹਾਨ ਕਾਰਜ ਸਮੇਂ ਸਿੰਘ ਸਾਹਿਬਾਨ ਤੋਂ ਇਲਾਵਾ ਸਿੱਖ ਕੌਮ ਦੀਆਂ ਪ੍ਰਮੁੱਖ ਸਖਸ਼ੀਅਤਾਂ ਵੀ ਹਾਜ਼ਰ ਹੋਣਗੀਆਂ।