ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਸ਼ਨਿਚਰਵਾਰ, ੯ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੨ ਮਾਰਚ, ੨੦੨੫ (ਅੰਗ: ੬੮੦)

ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ : ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ


unnamed

ਅੰਮ੍ਰਿਤਸਰ 17 ਨਵੰਬਰ (       ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੇ ਮਤੇ ਅਨੁਸਾਰ ਸ਼ਹੀਦ ਸ. ਜਸਜੀਤ ਸਿੰਘ ਜੰਮੂ ਦੀ ਤਸਵੀਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸੁਸ਼ੋਭਿਤ ਕੀਤੀ ਗਈ।ਜਿਸ ਤੋਂ ਪੜਦਾ ਹਟਾਉਣ ਦੀ ਰਸਮ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਭਾਈ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ ਨੇ ਕੀਤੀ।ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਬੈਂਕਾ ਦੇ ਜਥੇ ਵੱਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ।

ਤਸਵੀਰ ਤੋਂ ਪਰਦਾ ਹਟਾਉਣ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸਮੇਂ ਕੀਤੇ ਗਏ ਅਹਿਮ ਫ਼ੈਸਲੇ ਅਨੁਸਾਰ ਸ. ਜਸਜੀਤ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਗਈ ਹੈ।ਉਨ੍ਹਾਂ ਕਿਹਾ ਕਿ ਅੱਜ ਸ. ਜਸਜੀਤ ਸਿੰਘ ਦੇ ਮਾਤਾ-ਪਿਤਾ ਦਾ ਸੀਨਾ ਫਖਰ ਨਾਲ ਚੌੜਾ ਹੋ ਗਿਆ ਹੈ ਜਿਨ੍ਹਾਂ ਦੇ ਸਪੁੱਤਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸੁਸ਼ੋਭਿਤ ਹੋ ਗਈ ਹੈ।ਉਨ੍ਹਾਂ ਕਿਹਾ ਕਿ ਵਿਸ਼ਵ ਭਰ ਤੋਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਣ ਆਉਂਦੀਆਂ ਹਨ ਤੇ ਇਸ ਅਸਥਾਨ ਪੁਰ ਸਿੱਖ ਇਤਿਹਾਸ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਸਖਸ਼ੀਅਤਾਂ ਦੇ ਦਰਸ਼ਨ ਦੀਦਾਰ ਜ਼ਰੂਰ ਕਰਦੀਆਂ ਹਨ।ਉਨ੍ਹਾਂ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ਼ਹੀਦਾਂ ਦੀ ਲੜੀ ਸ਼ੁਰੂ ਕੀਤੀ ਤੇ ਇਸ ਵਿੱਚ ਸਮੇਂ-ਸਮੇਂ ਅਨੁਸਾਰ ਕੁਰਬਾਨੀ ਦੇਣ ਵਾਲੇ ਸ਼ਹੀਦ ਪੈਦਾ ਹੋਏ ਤੇ ਅੱਗੇ ਵੀ ਹੁੰਦੇ ਰਹਿਣਗੇ।ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦਾਂ ਦਾ ਦਿਹਾੜਾ ਕੌਮ ਹਮੇਸ਼ਾ ਮਨਾਉਂਦੀ ਰਹੇਗੀ ਕਿਉਂਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ।ਉਨ੍ਹਾਂ ਕਿਹਾ ਕਿ ਸ. ਜਸਜੀਤ ਸਿੰਘ ਨੇ ਛੋਟੀ ਅਵਸਥਾ ਵਿੱਚ ਵੱਡੀ ਕੁਰਬਾਨੀ ਦਿੱਤੀ ਹੈ।ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆ ਦੀ ਤਸਵੀਰ ਲੱਗੇ ਇਸ਼ਤਿਹਾਰ ਨੂੰ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਪਾੜ ਦਿੱਤਾ ਸੀ ਇਸ ਬੇਦਅਬੀ ਨੂੰ ਨਾ ਸਹਾਰਦੇ ਹੋਏ ਨੌਜਵਾਨਾਂ ਨੇ ਸ਼ਾਂਤਮਈ ਢੰਗ ਨਾਲ ਰੋਸ ਮਾਰਚ ਕੀਤਾ ਜਿਸ ਦੌਰਾਨ ਪੁਲਿਸ ਦੇ ਅੰਨ੍ਹੇਵਾਹ ਤਸ਼ੱਦਦ ਵਿੱਚ ਸ. ਜਸਜੀਤ ਸਿੰਘ ਨੇ ਸ਼ਹਾਦਤ ਦਾ ਜਾਮ ਪੀਤਾ।ਉਨ੍ਹਾਂ ਕਿਹਾ ਕਿ ਜੋ ਸਿੱਖ ਕੌਮ ਵਾਸਤੇ ਕੁਝ ਕਰਕੇ ਜਾਂਦੇ ਹਨ ਉਨ੍ਹਾਂ ਦੀ ਯਾਦ ਨੂੰ ਹਮੇਸ਼ਾ ਵਾਸਤੇ ਕੇਂਦਰੀ ਸਿੱਖ ਅਜਾਇਬਘਰ ਵਿੱਚ ਸੰਭਾਲ ਕੇ ਰੱਖਿਆ ਜਾਂਦਾ ਹੈ।ਇਸ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਡਾ. ਰੂਪ ਸਿੰਘ ਸਕੱਤਰ ਨੇ ਵੀ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਅਤੇ ਭਾਈ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ ਵੱਲੋਂ ਸ. ਜਸਜੀਤ ਸਿੰਘ ਦੇ ਪਿਤਾ ਸ. ਨਰਵੀਰ ਸਿੰਘ, ਮਾਤਾ ਰਾਜ ਕੌਰ ਤੇ ਸਿੱਖ ਨੌਜਵਾਨ ਸਭਾ ਸਿੰਬਲ ਕੈਂਪ ਜੰਮੂ ਦੇ ਪ੍ਰਧਾਨ ਸ. ਅਜਮੀਤ ਸਿੰਘ ਤੇ ਨਾਲ ਆਏ ਮੈਂਬਰ ਸਾਹਿਬਾਨਾਂ ਨੂੰ ਗੁਰੂ-ਘਰ ਦੀ ਬਖਸ਼ਿਸ਼ ਸਿਰੋਪਾਓ ਬਖ਼ਸ਼ਿਸ਼ ਕੀਤਾ ਗਿਆ।

ਇਸ ਮੌਕੇ ਸ. ਬਾਵਾ ਸਿੰਘ ਗੁਮਾਨਪੁਰਾ ਮੈਂਬਰ ਸ਼੍ਰੋਮਣੀ ਕਮੇਟੀ, ਸ. ਦਿਲਜੀਤ ਸਿੰਘ ਬੇਦੀ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਰਣਜੀਤ ਸਿੰਘ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਸਕੱਤਰ ਸਿੰਘ, ਜਗਜੀਤ ਸਿੰਘ ਜੱਗੀ ਤੇ ਸ. ਹਰਿੰਦਰਪਾਲ ਸਿੰਘ ਮੀਤ ਸਕੱਤਰ, ਸ. ਬਘੇਲ ਸਿੰਘ, ਸ. ਹਰਜਿੰਦਰ ਸਿੰਘ, ਸ. ਲਖਵਿੰਦਰ ਸਿੰਘ ਬਦੋਵਾਲ ਤੇ ਸ. ਲਖਬੀਰ ਸਿੰਘ ਵਧੀਕ ਮੈਨੇਜਰ, ਕੇਂਦਰੀ ਸਿੱਖ ਅਜਾਇਬਘਰ ਦੇ ਕਿਊਰੇਟਰ ਤੇ ਵਧੀਕ ਮੈਨੇਜਰ ਸ. ਇਕਬਾਲ ਸਿੰਘ ਅਤੇ ਸ. ਗੁਰਿੰਦਰਪਾਲ ਸਿੰਘ ਚਿੱਤਰਕਾਰ ਆਦਿ ਮੌਜੂਦ ਸਨ।