ਸ੍ਰੀ ਫ਼ਤਿਹਗੜ੍ਹ ਸਾਹਿਬ, 26 ਦਸੰਬਰ( )- ਕੈਨੇਡਾ ਦੇ ਸ਼ਹਿਰ ਕੈਲਗਰੀ ਵਿਖੇ ਇਕ ਗੁਰਦੁਆਰਾ ਸਾਹਿਬ ਦੀਆਂ ਕੰਧਾਂ ‘ਤੇ ਨਸਲੀ ਟਿਪਣੀਆਂ ਅਤੇ ਚਿੰਨ੍ਹ ਉਲੀਕਣੇ ਅਤਿਅੰਤ ਘਿਨਾਉਣੀ ਅਤੇ ਅਫਸੋਸਨਾਕ ਘਟਨਾ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇਥੇ ਦਸਮ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਵਿਚ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਹ ਘਟਨਾ ਸਾਹਮਣੇ ਆਉਣ ਤੋਂ ਬਾਅਦ ਕੀਤਾ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖਾਂ ਵੱਲੋਂ ਦੇਸ਼-ਵਿਦੇਸ਼ ਅੰਦਰ ਸਥਾਪਿਤ ਕੀਤੇ ਗਏ ਗੁਰੂ-ਘਰਾਂ ਵਿੱਚੋਂ ਆਪਸੀ ਭਾਈਚਾਰੇ ਅਤੇ ਮਨੁੱਖੀ ਏਕਤਾ ਦਾ ਸੰਦੇਸ਼ ਮਿਲਦਾ ਹੈ। ਗੁਰੂ-ਘਰਾਂ ਦੇ ਦਰਵਾਜ਼ੇ ਹਰ ਧਰਮ ਦੇ ਅਨੁਯਾਈ ਲਈ ਹਰ ਸਮੇਂ ਖੁੱਲ੍ਹੇ ਰਹਿੰਦੇ ਹਨ ਅਤੇ ਇਥੇ ਕਿਸੇ ਨਾਲ ਮੇਰ-ਤੇਰ ਨਹੀਂ ਕੀਤਾ ਜਾਂਦਾ। ਪਰ ਦੁੱਖ ਦੀ ਗੱਲ ਹੈ ਕਿ ਗੁਰਬਾਣੀ ਦਾ ਸਰਬ-ਸਾਂਝਾ ਉਪਦੇਸ਼ ਵੰਡਣ ਵਾਲੇ ਗੁਰੂ-ਘਰਾਂ ਨੂੰ ਹੀ ਮਨੁੱਖੀ ਏਕਤਾ ਦੇ ਕੁਝ ਦੁਸ਼ਮਣਾ ਵੱਲੋਂ ਨਸਲੀ ਭੇਦ-ਭਾਵ ਨਾਲ ਜੋੜ ਕੇ ਵੇਖਿਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਸਿੱਖ ਨੇ ਸਖਤ ਮਿਹਨਤ ਦੁਆਰਾ ਅੱਜ ਵਿਦੇਸ਼ਾਂ ਅੰਦਰ ਚੰਗੀ ਪਛਾਣ ਬਣਾਈ ਹੈ ਅਤੇ ਵੱਖ-ਵੱਖ ਦੇਸ਼ਾਂ ਦੀ ਤਰੱਕੀ ਲਈ ਵੱਡਾ ਯੋਗਦਾਨ ਪਾਇਆ ਹੈ। ਅੱਜ ਸਿੱਖ ਵਿਦੇਸ਼ਾਂ ਅੰਦਰ ਉੱਚ ਅਹੁਦਿਆਂ ਤੇ ਤਾਇਨਾਤ ਹਨ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅਜਿਹੀ ਮਿਹਨਤਕਸ਼ ਕੌਮ ਦੇ ਧਾਰਮਿਕ ਜਜ਼ਬਾਤ ਨਾਲ ਖਿਲਵਾੜ ਕਰਨਾ ਸਰਾਸਰ ਗਲਤ ਅਤੇ ਮਨੁੱਖੀ ਸਰੋਕਾਰਾਂ ਤੋਂ ਕੋਹਾਂ ਦੂਰ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਦੀ ਨਿਸ਼ਾਨਦੇਹੀ ਕਰ ਕੇ ਉਨ੍ਹਾਂ ਨੂੰ ਸਖਤ ਸਜਾ ਮਿਲਣੀ ਚਾਹੀਦੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਤੇ ਅੰਕੁਸ਼ ਲਗ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਭਾਰਤ ਸਰਕਾਰ ਨੂੰ ਪੱਤਰ ਵੀ ਲਿਖਿਆ ਜਾਵੇਗਾ।