ਅੰਮ੍ਰਿਤਸਰ, 29 ਜੁਲਾਈ 2017 :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਅਮਰੀਕਾ ਵਿਚ ਕੁਝ ਲੋਕਾਂ ਵੱਲੋਂ ਗੋਲੀਆਂ ਨਾਲ ਮਾਰੇ ਸਿੱਖ ਨੌਜੁਆਨ ਸਿਮਰਨਜੀਤ ਸਿੰਘ ਦੀ ਮੌਤ ‘ਤੇ ਗਹਿਰਾ ਦੁੱਖ ਜ਼ਾਹਿਰ ਕਰਦਿਆਂ ਉਸਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਜਾਰੀ ਇੱਕ ਪ੍ਰੈਸ ਬਿਆਨ ਵਿਚ ਉਨ੍ਹਾਂ ਕਿਹਾ ਕਿ ਸਿੱਖਾਂ ਉਪਰ ਵਿਦੇਸ਼ਾਂ ਵਿਚ ਲਗਾਤਾਰ ਹੋ ਰਹੇ ਹਮਲਿਆਂ ਸਬੰਧੀ ਭਾਰਤ ਸਰਕਾਰ ਨੂੰ ਵਿਦੇਸ਼ਾਂ ਦੀਆਂ ਸਰਕਾਰਾਂ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਸਿੱਖਾਂ ਨੇ ਦੇਸ਼ ਦੁਨੀਆਂ ਅੰਦਰ ਆਪਣੀ ਸਖਤ ਮਿਹਨਤ ਅਤੇ ਲਿਆਕਤ ਨਾਲ ਉਚ ਮੁਕਾਮ ਹਾਸਲ ਕੀਤੇ ਹਨ ਪਰ ਦੁੱਖ ਦੀ ਗੱਲ ਹੈ ਕਿ ਇਸ ਆਪਸੀ ਮਿਲਵਰਤਨ ਅਤੇ ਸਦਭਾਵਨਾ ਵਾਲੀ ਸੋਚ ਰੱਖਣ ਵਾਲੇ ਸਿੱਖਾਂ ਨੂੰ ਬਾਰ-ਬਾਰ ਨਿਸ਼ਾਨਾ ਬਣਾਇਆ ਜਾਂਦਾ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਕਿ ਸਿੱਖਾਂ ਉਪਰ ਹੁੰਦੇ ਹਮਲਿਆਂ ਨੂੰ ਰੋਕਣ ਲਈ ਇਹ ਮੁੱਦਾ ਅੰਤਰਰਾਸ਼ਟਰੀ ਪੱਧਰ ‘ਤੇ ਉਠਾਉਣ। ਪ੍ਰੋ: ਬਡੂੰਗਰ ਨੇ ਅਮਰੀਕੀ ਸਰਕਾਰ ਤੋਂ ਵੀ ਮੰਗ ਕੀਤੀ ਕਿ ਕੈਲੇਫੋਰਨੀਆ ਵਿਚ ਕਤਲ ਕੀਤੇ ਗਏ ਇਸ ਸਿੱਖ ਨੌਜੁਆਨ ਸਿਮਰਨਜੀਤ ਸਿੰਘ ਦੇ ਕਾਤਲਾਂ ਨੂੰ ਸਖਤ ਸਜ਼ਾ ਦਿੱਤੀ ਜਾਵੇ ਅਤੇ ਉਥੇ ਵੱਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
ਜ਼ਿਕਰਯੋਗ ਹੈ ਕਿ ਬੀਤੇ ਕੱਲ ਅਮਰੀਕਾ ਦੇ ਕੈਲੇਫੋਰਨੀਆ ਵਿਖੇ ਗੈਸ ਸਟੇਸ਼ਨ ‘ਤੇ ਕਾਤਲਾਨਾ ਹਮਲਾ ਕਰਕੇ ਸਿੱਖ ਨੌਜੁਆਨ ਸਿਮਰਨਜੀਤ ਸਿੰਘ ਨੂੰ ਕੁਝ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।