ਸ਼੍ਰੋਮਣੀ ਕਮੇਟੀ ਵੱਲੋਂ ਡਾ. ਰੂਪ ਸਿੰਘ ਨੇ ਕੇਰਲਾ ਨਿਵਾਸੀ ਸੇਠੀ ਭਰਾਵਾਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, ੨੭ ਅਗਸਤ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਕੋਚੀਨ (ਕੇਰਲਾ) ਤੋਂ ਪੁੱਜੇ ਸ. ਮਨਜੀਤ ਸਿੰਘ ਸੇਠੀ ਤੇ ਸ. ਮਹਿੰਦਰ ਸਿੰਘ ਸੇਠੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਕੇਰਲਾ ਦੇ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਜਾ ਰਹੀ ਸਹਾਇਤਾ ਲਈ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੇਰਲਾ ਵਿਖੇ ਭਾਰੀ ਬਾਰਿਸ਼ ਤੋਂ ਬਾਅਦ ਆਏ ਹੜ੍ਹਾਂ ਕਾਰਨ ਬੇ-ਘਰ ਹੋਏ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਗੇ ਆ ਕੇ ਸਿੱਖ ਸਮਾਜ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕੋਚੀਨ ਵਿਖੇ ੨੦ ਦੇ ਕਰੀਬ ਸਿੱਖ ਪਰਿਵਾਰ ਵੱਸਦੇ ਹਨ ਜੋ ਸ਼੍ਰੋਮਣੀ ਕਮੇਟੀ ਵੱਲੋਂ ਕੇਰਲ ਹੜ੍ਹ ਪੀੜਤਾਂ ਲਈ ਭੇਜੀ ਗਈ ਰਾਹਤ ਸਮੱਗਰੀ ਲੋੜਵੰਦਾਂ ਤੱਕ ਪਹੁੰਚਾਉਣ ਲਈ ਮੱਦਦ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿੱਖ ਸੰਸਥਾ ਵੱਲੋਂ ਪਹੁੰਚਾਈ ਰਾਹਤ ਸਮੱਗਰੀ ਕਾਰਨ ਕੇਰਲਾ ਨਿਵਾਸੀ ਸਿੱਖਾਂ ਦਾ ਧੰਨਵਾਦ ਕਰ ਰਹੇ ਹਨ ਅਤੇ ਅਜਿਹੇ ਵਿਚ ਕੇਰਲਾ ‘ਚ ਵੱਸਦੇ ਸਿੱਖਾਂ ਦਾ ਮਾਣ ਵੀ ਸਥਾਨਕ ਲੋਕਾਂ ਵਿਚ ਵਧਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸਿੱਖ ਕੌਮ ਦੁਖੀਆਂ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਹਮੇਸ਼ਾਂ ਤੱਤਪਰ ਰਹਿੰਦੀ ਹੈ ਅਤੇ ਇਸੇ ਤਹਿਤ ਹੀ ਕੇਰਲਾ ਵਿਖੇ ਹੜ੍ਹਾਂ ਦੀ ਸਥਿਤੀ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਇਕ ਵਾਰ ਸਿੱਖ ਕੌਮ ਨੇ ਪਹਿਲਕਦਮੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੀ ਰਾਹਤ ਟੀਮ ਕੇਰਲਾ ਵਿਖੇ ਲਗਾਤਾਰ ਕਾਰਜਸ਼ੀਲ ਹੈ ਅਤੇ ਰੋਜ਼ਾਨਾ ਚਾਰ ਹਜ਼ਾਰ ਦੇ ਕਰੀਬ ਲੋਕਾਂ ਤੱਕ ਲੰਗਰ ਸਹਾਇਤਾ ਪਹੁੰਚਾਈ ਜਾ ਰਹੀ ਹੈ। ਇਸ ਦੇ ਨਾਲ ਹੀ ਹੜ੍ਹਾਂ ਤੋਂ ਬਾਅਦ ਸਥਾਨਕ ਲੋਕਾਂ ਦੇ ਜੀਵਨ ਨੂੰ ਮੁੜ ਗਤੀਸ਼ੀਲ ਕਰਨ ਲਈ ਲੋੜੀਂਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਯਤਨ ਹੈ ਕਿ ਵੱਧ ਤੋਂ ਵੱਧ ਹੜ੍ਹ ਪੀੜਤਾਂ ਤੱਕ ਪਹੁੰਚ ਕੀਤੀ ਜਾਵੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕੋਚੀਨ ਤੋਂ ਆਏ ਸ. ਮਨਜੀਤ ਸਿੰਘ ਸੇਠੀ ਤੇ ਸ. ਮਹਿੰਦਰ ਸਿੰਘ ਸੇਠੀ ਨੂੰ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਯਾਦਗਾਰੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਵੀ ਮੌਜੂਦ ਸਨ।