ਦਸਮ ਪਾਤਸ਼ਾਹ ਜੀ ਨੇ ਖ਼ਾਲਸਾ ਪੰਥ ਦੀ ਸਾਜਣਾ ਕਰ ਕੇ ਅਣਖ ਨਾਲ ਜਿਊਣ ਦਾ ਰਾਹ ਦਿਖਾਇਆ –ਗਿਆਨੀ ਗੁਰਬਚਨ ਸਿੰਘ
ਖ਼ਾਲਸੇ ਨੇ ਚੁਣੌਤੀਆਂ ਭਰੇ ਸਮੇਂ ਵਿਚ ਵੀ ਹਮੇਸ਼ਾ ਚੜ੍ਹਦੀ ਕਲਾ ਨਾਲ ਜੀਵਨ ਜੀਵਿਆ –ਭਾਈ ਲੌਂਗੋਵਾਲ
ਤਲਵੰਡੀ ਸਾਬੋ (ਬਠਿੰਡਾ), ੧੪ ਅਪ੍ਰੈਲ–ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ ਮੌਕੇ ਹਰ ਸਾਲ ਦੀ ਤਰ੍ਹਾਂ ਲੱਖਾਂ ਦੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰ ਕੇ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਖ਼ਾਲਸਾ ਪੰਥ ਦੇ ਇਸ ਇਤਿਹਾਸਕ ਅਸਥਾਨ ਵਿਖੇ ਹਰ ਸੰਗਤ ਦਾ ਠਾਠਾਂ ਮਾਰਦਾ ਇਕੱਠ ਖਾਲਸਾਈ ਜਾਹੋ-ਜਲਾਲ ਦਾ ਪ੍ਰਗਟਾਵਾ ਕਰ ਰਿਹਾ ਸੀ। ਬੀਤੇ ਦੋ ਦਿਨਾਂ ਤੋਂ ਤਖਤ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਅਤੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕੀਤਾ ਗਿਆ। ਇਸੇ ਦੌਰਾਨ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਨਤਮਸਤਕ ਹੋਏ ਅਤੇ ਉਨ੍ਹਾਂ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਉ ਦਿੱਤੇ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਦਸਮ ਪਾਤਸ਼ਾਹ ਜੀ ਨੇ ੧੬੯੯ ਦੀ ਵਿਸਾਖੀ ਵਾਲੇ ਦਿਨ ਖ਼ਾਲਸਾ ਪੰਥ ਦੀ ਸਾਜਣਾ ਕਰ ਕੇ ਦੱਬੇ-ਕੁਚਲੇ ਲੋਕਾਂ ਨੂੰ ਅਣਖ ਨਾਲ ਜਿਊਣ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਦੁਨੀਆਂ ਤੋਂ ਨਿਆਰਾ ਹੈ, ਜਿਸ ਅੰਦਰ ਗੁਰੂ ਸਾਹਿਬ ਨੇ ਦਇਆ, ਹਿੰਮਤ, ਦ੍ਰਿੜ੍ਹਤਾ, ਸਾਹਿਬੀ ਸਰਦਾਰੀ ਜਿਹੇ ਗੁਣ ਪ੍ਰਗਟ ਕੀਤੇ। ਉਨ੍ਹਾਂ ਸੰਗਤਾਂ ਨੂੰ ਸੁਨੇਹਾ ਦਿੱਤਾ ਕਿ ਖ਼ਾਲਸਾ ਸਾਜਣਾ ਦਿਵਸ ਮੌਕੇ ਗੁਰੂ ਸਾਹਿਬ ਵੱਲੋਂ ਸਾਜੇ ਗਏ ਖ਼ਾਲਸੇ ਦੀ ਮੂਲ ਭਾਵਨਾ ਅਨੁਸਾਰ ਬਾਣੀ ਅਤੇ ਬਾਣੇ ਨਾਲ ਜੁੜੀਏ। ਉਨ੍ਹਾਂ ਨਸ਼ਿਆਂ ਦਾ ਤਿਆਗ, ਕੇਸਾਂ ਦਾ ਸਤਿਕਾਰ ਕਰਨ ਦੀ ਪ੍ਰੇਰਣਾ ਕਰਦਿਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਵੀ ਅਪੀਲ ਕੀਤੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਖਾਲਸੇ ਦੀ ਸਾਜਣਾ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਇਕ ਕ੍ਰਾਂਤੀਕਾਰੀ ਕਦਮ ਸੀ, ਜਿਸ ਨਾਲ ਜ਼ੁਲਮ ਦੀ ਲਤਾੜੀ ਹੋਈ ਮਨੁੱਖਤਾ ਨੂੰ ਨਵਾਂ ਜੀਵਨ ਰਾਹ ਮਿਲਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਸਾਜੇ ਗਏ ਪੰਥ ਖ਼ਾਲਸੇ ਨੇ ਚੁਣੌਤੀਆਂ ਭਰੇ ਸਮੇ ਵਿਚ ਵੀ ਚੜ੍ਹਦੀ ਕਲਾ ਨਾਲ ਜੀਵਨ ਜੀਵਿਆ, ਜਿਸ ਤੋਂ ਅਜੋਕੀ ਨੌਜੁਆਨ ਪੀੜ੍ਹੀ ਨੂੰ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਸਮੁੱਚੇ ਖਾਲਸਾ ਪੰਥ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਖਾਲਸਾ ਸਾਜਣਾ ਦਿਵਸ ਦੀ ਵਧਾਈ ਦਿੰਦਿਆਂ ਦਸਵੇਂ ਪਾਤਸ਼ਾਹ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲ ਕੇ ਸੁਚੱਜੀ ਜੀਵਨ ਜਾਚ ਦੇ ਪਾਂਧੀ ਬਣਨ ਲਈ ਪ੍ਰੇਰਨਾ ਕੀਤੀ।
ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਕੌਮ ਨੂੰ ਦਰਪੇਸ਼ ਵਰਤਮਾਨ ਚੁਣੌਤੀਆਂ ਦੇ ਹੱਲ ਲਈ ਖ਼ਾਲਸਾ ਪੰਥ ਨੂੰ ਇਕਜੁਟ ਹੋਣਾ ਪਵੇਗਾ। ਉਨ੍ਹਾਂ ਅਪੀਲ ਕੀਤੀ ਕਿ ਨਿੱਜੀ ਮਤਭੇਦ ਭੁਲਾ ਕੇ ਕੌਮ ਦੀ ਚੜ੍ਹਦੀ ਕਲਾ ਲਈ ਕਾਰਜ ਕੀਤੇ ਜਾਣ। ਗਿਆਨੀ ਹਰਪ੍ਰੀਤ ਸਿੰਘ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਲੱਖਾਂ ਦੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ।
ਇਸੇ ਦੌਰਾਨ ਤਖ਼ਤ ਸਾਹਿਬ ਵਿਖੇ ਭਾਰੀ ਅੰਮ੍ਰਿਤ ਸੰਚਾਰ ਵੀ ਹੋਇਆ। ਇਸ ਤੋਂ ਇਲਾਵਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਕਰਵਾਏ ਗਏ ਗਤਕਾ ਪ੍ਰਦਰਸ਼ਨੀ ਮੁਕਾਬਲੇ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਤੇਜ ਸਿੰਘ ਢੱਡੇ, ਸ. ਲਖਬੀਰ ਸਿੰਘ ਅਰਾਈਆਂਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਅਮਰੀਕ ਸਿੰਘ ਕੋਟਸ਼ਮੀਰ, ਜਥੇਦਾਰ ਅਵਤਾਰ ਸਿੰਘ ਵਣਵਾਲਾ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਮਨਜੀਤ ਸਿੰਘ ਬੱਪੀਆਣਾ, ਸ. ਦਰਸ਼ਨ ਸਿੰਘ ਕੋਟਫੱਤਾ, ਜਥੇਦਾਰ ਗੁਰਲਾਲ ਸਿੰਘ, ਸ. ਹਰਤੇਜ ਸਿੰਘ ਭੁੱਲਰ, ਬੀਬੀ ਜੋਗਿੰਦਰ ਕੌਰ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਕੇਵਲ ਸਿੰਘ ਗਿੱਲ, ਸ. ਹਰਜੀਤ ਸਿੰਘ ਲਾਲੂਘੁੰਮਣ ਮੀਤ ਸਕੱਤਰ, ਸ. ਦਰਸ਼ਨ ਸਿੰਘ ਨਿੱਜੀ ਸਹਾਇਕ, ਸ. ਕਰਨ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ ਆਦਿ ਮੌਜੂਦ ਸਨ।