ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਬਣੀ ਖਿੱਚ ਦਾ ਕੇਂਦਰ

ਅੰਮ੍ਰਿਤਸਰ, 14 ਅਪ੍ਰੈਲ–
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਖਾਲਸਾ ਪੰਥ ਦਾ ਸਾਜਣਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਜਿਥੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ, ਉਥੇ ਹੀ ਪਾਵਨ ਸਰੋਵਰ ਵਿਚ ਇਸ਼ਨਾਨ ਕਰਕੇ ਆਪਣੀ ਸ਼ਰਧਾ ਪ੍ਰਗਟਾਈ। ਦੂਰ-ਦੁਰਾਡੋਂ ਤੋਂ ਪੁੱਜੀ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਸਮੇਤ ਹੋਰਨਾਂ ਅਸਥਾਨਾਂ ਦੇ ਦਰਸ਼ਨ ਦੀਦਾਰ ਵੀ ਕੀਤੇ। ਖ਼ਾਲਸਾ ਸਾਜਣਾ ਦਿਵਸ ਨੂੰ ਮੁੱਖ ਰੱਖਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਇਥੇ ਸਥਿਤ ਹੋਰ ਸਥਾਨਾਂ ‘ਤੇ ਖੂਬਸੂਰਤ ਦੀਪਮਾਲਾ ਕੀਤੀ ਗਈ। ਇਸੇ ਦੌਰਾਨ ਰਹਰਾਸਿ ਸਾਹਿਬ ਦੇ ਪਾਠ ਮਗਰੋਂ ਆਤਿਸ਼ਬਾਜ਼ੀ ਵੀ ਚਲਾਈ ਗਈ। ਸ੍ਰੀ ਦਰਬਾਰ ਸਾਹਿਬ ਵੱਲੋਂ ਬੀਤੇ ਕੱਲ੍ਹ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਲਗਾਤਾਰ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰਾਂ ਅਤੇ ਕਥਾਵਾਚਕਾਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ। ਇਸ ਇਤਿਹਾਸਕ ਦਿਹਾੜੇ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਕੱਲ੍ਹ ਤੋਂ ਚੱਲ ਰਹੇ ਅੰਮ੍ਰਿਤ ਸੰਚਾਰ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਅੰਮ੍ਰਿਤਪਾਨ ਕਰਕੇ ਗੁਰੂ ਦੀਆਂ ਖ਼ੁਸ਼ੀਆਂ ਹਾਸਲ ਕੀਤੀਆਂ। ਇਸ ਮੌਕੇ ਸ੍ਰੀ ਗੁਰੂ ਰਾਮਦਾਸ ਲੰਗਰ ਤੋਂ ਇਲਾਵਾ ਸਭਾ-ਸੁਸਾਇਟੀਆਂ ਤੇ ਸੰਗਤਾਂ ਵੱਲੋਂ ਵੀ ਲੰਗਰਾਂ ਦੀ ਸੇਵਾ ਕੀਤੀ ਗਈ। ਸ੍ਰੀ ਦਰਬਾਰ ਸਾਹਿਬ ਵੱਲੋਂ ਸੰਗਤਾਂ ਦੀ ਵੱਡੀ ਆਮਦ ਨੂੰ ਮੁੱਖ ਰੱਖਦਿਆਂ ਬੇਹਤਰ ਪ੍ਰਬੰਧਾਂ ਦੀ ਵਿਵਸਥਾ ਕੀਤੀ ਗਈ। ਇਥੇ ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਭਲਕੇ ੧੫ ਅਪ੍ਰੈਲ ਤੱਕ ਜਾਰੀ ਰਹਿਣਗੇ।