ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 17 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਕਰਵਾਏ ਗਏ ‘ਗਿਆਨ ਪ੍ਰਚੰਡ’ ਪ੍ਰਸ਼ੋਨਤਰੀ ਮੁਕਾਬਲਿਆਂ ਵਿਚ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਨਾਮੀ ਰਾਸ਼ੀ ਦੇ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ। ਬੱਚਿਆਂ ਨੂੰ ਇਹ ਚੈੱਕ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸਕੱਤਰ ਵਿਦਿਆ ਸ. ਸੁਖਮਿੰਦਰ ਸਿੰਘ ਨੇ ਤਕਸੀਮ ਕੀਤੇ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੱਚਿਆਂ ਨੂੰ ਸਿੱਖ ਧਰਮ ਇਤਿਹਾਸ ਅਤੇ ਵਿਰਸੇ ਤੋਂ ਜਾਣੂ ਕਰਵਾਉਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾਂਦੇ ਹਨ। ਇਸੇ ਤਹਿਤ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ‘ਗਿਆਨ ਪ੍ਰਚੰਡ’ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ 48 ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਬੱਚਿਆਂ ਨੂੰ ਅੱਜ ਇਨਾਮੀ ਰਾਸ਼ੀ ਦੇ ਚੈੱਕ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਹਿਲੇ ਸਥਾਨ ’ਤੇ ਆਉਣ ਵਾਲੀ ਟੀਮ ਨੂੰ 1 ਲੱਖ ਰੁਪਏ, ਦੂਜੇ ਸਥਾਨ ’ਤੇ ਆਈ ਟੀਮ ਨੂੰ 75 ਹਜ਼ਾਰ ਤੇ ਤੀਜੇ ਸਥਾਨ ਵਾਲੀ ਟੀਮ ਨੂੰ 51 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਨਿਵਾਜਿਆ ਗਿਆ ਹੈ। ਇਸੇ ਤਰ੍ਹਾਂ ਚੌਥੇ ਸਥਾਨ ’ਤੇ ਰਹੀ ਟੀਮ ਨੂੰ ਵੀ ਹੌਂਸਲਾ ਅਫ਼ਜਾਈ ਵਜੋਂ 21 ਹਜ਼ਾਰ ਰੁਪਏ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਅੰਦਰ ਧਰਮ ਪ੍ਰਤੀ ਰੁਚੀ ਪੈਦਾ ਕਰਦੇ ਹਨ ਅਤੇ ਬੱਚਿਆਂ ਨੂੰ ਆਪਣੇ ਇਤਿਹਾਸ, ਵਿਰਸੇ ਅਤੇ ਪ੍ਰੰਪਰਾਵਾਂ ਦੀ ਜਾਣਕਾਰੀ ਮਿਲਦੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਵਿਦਿਅਕ ਸਕੱਤਰ ਸ. ਸੁਖਮਿੰਦਰ ਸਿੰਘ, ਇੰਚਾਰਜ ਸ. ਕਾਰਜ ਸਿੰਘ, ਸ. ਗੁਰਪ੍ਰਤਾਪ ਸਿੰਘ, ਸ. ਇੰਦਰਮੋਹਨ ਸਿੰਘ ਤੇ ਸਕੂਲਾਂ ਦੇ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ।