** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਗੱਲਬਾਤ ਕੀਤੀ ਸਮੂਹ ਗੁਰੂ-ਘਰਾਂ ‘ਚ ੧੪ ਮਈ ਨੂੰ ਜਪੁ ਜੀ ਸਾਹਿਬ ਦੇ ਪਾਠ ਕਰਕੇ ਅਰਦਾਸ ਕੀਤੀ ਜਾਵੇ- ਜਥੇਦਾਰ ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ, ੬ ਮਈ- ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ ਦੀ ਮੁੜ ਸਥਾਪਨਾ ਲਈ ਸਿੱਖਾਂ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਇਕਜੁੱਟ ਹੋ ਕੇ ਸੰਯੁਕਤ ਉਪਰਾਲੇ ਆਰੰਭ ਦਿੱਤੇ ਹਨ। ਇਸ ਤਹਿਤ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਦੇ ਪ੍ਰਮੁੱਖ ਅਹੁਦੇਦਾਰਾਂ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਮਿਲ ਕੇ ਆਰੰਭੀ ਜਾਣ ਵਾਲੀ ਮੁਹਿੰਮ ਤੋਂ ਜਾਣੂ ਕਰਵਾਉਂਦਿਆਂ ਮਸਲੇ ਦੇ ਹੱਲ ਸਬੰਧੀ ਗੰਭੀਰ ਵਿਚਾਰਾਂ ਕੀਤੀਆਂ। ਦੱਸਣਾ ਬਣਦਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਨੇ ੩ ਮਈ ਨੂੰ ਦਿੱਲੀ ਵਿਖੇ ਇੱਕ ਸਾਂਝੀ ਪੱਤਰਕਾਰ ਮਿਲਣੀ ਦੌਰਾਨ ਇਸ ਸਬੰਧੀ ਠੋਸ ਮਹਿੰਮ ਵਿੱਢਣ ਦਾ ਐਲਾਨ ਕੀਤਾ ਸੀ, ਜਿਸ ਦੀ ਆਰੰਭਤਾ ਸਮੂਹ ਗੁਰਦੁਆਰਾ ਸਾਹਿਬਾਨ ਵਿਚ ੧੪ ਮਈ ਨੂੰ ਜਪੁ ਜੀ ਸਾਹਿਬ ਦੇ ਪਾਠ ਨਾਲ ਕਰਨ ਦਾ ਫੈਸਲਾ ਲਿਆ ਗਿਆ ਸੀ।
ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਸਥਾਪਨਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਸੰਯੁਕਤ ਰੂਪ ਵਿਚ ਵਿੱਢੀ ਮੁਹਿੰਮ ਇੱਕ ਅਹਿਮ ਫੈਸਲਾ ਹੈ। ਉਨ੍ਹਾਂ ਆਖਿਆ ਕਿ ਇਸ ਅਸਥਾਨ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ, ਇਸ ਲਈ ਇਹ ਗੁਰਦੁਆਰਾ ਅਸਲ ਅਸਥਾਨ ਹਰਿ ਕੀ ਪੌੜੀ ਹਰਿਦੁਆਰ ਵਿਖੇ ਹੀ ਸਥਾਪਤ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮਸਲੇ ਦੇ ਹੱਲ ਲਈ ਸਮੁੱਚੀ ਕੌਮ ਦਾ ਇਕਜੁੱਟ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਟਕਸਾਲਾਂ, ਨਿਰਮਲੇ, ਉਦਾਸੀ, ਸੇਵਾ ਪੰਥੀ, ਨਿਹੰਗ ਸਿੰਘ ਜਥੇਬੰਦੀਆਂ, ਸਿੰਘ ਸਭਾਵਾਂ, ਗੁਰਦੁਆਰਾ ਕਮੇਟੀਆਂ ਤੇ ਦੇਸ਼-ਵਿਦੇਸ਼ ਦੀ ਸੰਗਤ ਨੂੰੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣਦਿਆਂ ਕੌਮੀ ਇਕਜੁੱਟਤਾ ਦਾ ਸਬੂਤ ਦੇਣ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਉਲੀਕੇ ਗਏ ਪ੍ਰੋਗਰਾਮ ਅਨੁਸਾਰ ੧੪ ਮਈ ਨੂੰ ਹਰ ਗੁਰਦੁਆਰਾ ਸਾਹਿਬ ਵਿਖੇ ਸਵੇਰੇ ੯:੦੦ ਵਜੇ ਜਪੁ ਜੀ ਸਾਹਿਬ ਦੇ ਪਾਠ ਅਤੇ ਅਰਦਾਸ ਕੀਤੀ ਜਾਵੇ। ਗਿਆਨੀ ਗੁਰਬਚਨ ਸਿੰਘ ਨੇ ਇਸ ਮਸਲੇ ‘ਤੇ ਸਮੁੱਚੀਆਂ ਰਾਜਸੀ ਧਿਰਾਂ ਨੂੰ ਵੀ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਅੱਗੇ ਆਉਣ ਲਈ ਵੀ ਕਿਹਾ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਮਨੁੱਖਤਾ ਦੇ ਸਾਂਝੇ ਗੁਰੂ ਹਨ। ਇਸ ਲਈ ਉਨ੍ਹਾਂ ਨਾਲ ਸਬੰਧਤ ਅਸਥਾਨ ਗੁਰਦੁਆਰਾ ਗਿਆਨ ਗੋਦੜੀ, ਹਰਿ ਕੀ ਪੌੜੀ ਹਰਿਦੁਆਰ ਦੀ ਮੁੜ ਸਥਾਪਨਾ ਲਈ ਆਰੰਭੀ ਮੁਹਿੰਮ ਦਾ ਹਿੱਸਾ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਬਣੇ। ਉਨ੍ਹਾਂ ਦੱਸਿਆ ਕਿ ਸੰਨ ੧੯੭੮-੭੯ ਤਕ ਇਹ ਗੁਰਦੁਆਰਾ ਉਥੇ ਸਥਿਤ ਸੀ ਜੋ ਬਾਅਦ ਵਿਚ ਵਿਕਾਸ ਦੇ ਨਾਂ ‘ਤੇ ਢਾਹ ਕੇ ਭਾਰਤ ਸਕਾਊਟ ਐਂਡ ਗਾਈਡ ਦਾ ਦਫਤਰ ਬਣਾ ਦਿੱਤਾ ਗਿਆ ਸੀ, ਜਿਸ ਕਾਰਨ ਸੰਗਤ ਵਿਚ ਭਾਰੀ ਰੋਸ ਚੱਲਿਆ ਆ ਰਿਹਾ ਹੈ। ਉਕਤ ਆਗੂਆਂ ਅਨੁਸਾਰ ਬੇਸ਼ੱਕ ਇਸ ਅਸਥਾਨ ਦੀ ਮੁੜ ਉਸਾਰੀ ਲਈ ਲਗਾਤਾਰ ਯਤਨ ਕੀਤੇ ਜਾਂਦੇ ਰਹੇ ਪਰ ਹੁਣ ਇਸ ਮੁਹਿੰਮ ਨੂੰ ਤੇਜ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਸ. ਗੁਰਚਰਨ ਸਿੰਘ ਗਰੇਵਾਲ, ਸ. ਗੁਰਮੇਲ ਸਿੰਘ ਸੰਗਤਪੁਰਾ, ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਬੀਬੀ ਕਿਰਨਜੋਤ ਕੌਰ, ਸ. ਮਗਵਿੰਦਰ ਸਿੰਘ ਖਾਪੜਖੇੜੀ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰ ਸ. ਪਰਮਜੀਤ ਸਿੰਘ ਰਾਣਾ, ਸ. ਪਰਮਜੀਤ ਸਿੰਘ ਚੰਢੋਕ ਤੇ ਸ. ਚਮਨ ਸਿੰਘ, ਸ. ਕੁਲਮੋਹਨ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਸ. ਅਵਤਾਰ ਸਿੰਘ, ਐਡੀ: ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਤੇ ਹੋਰ ਹਾਜ਼ਰ ਸਨ।