ਸੰਪੂਰਨ ਮਨੁੱਖ ਦੀ ਘਾੜਤ ਲਈ ਧਾਰਮਿਕ ਸਿੱਖਿਆ ਹੀ ਇਕ ਮਾਤਰ ਜ਼ਰੀਆ – ਪ੍ਰੋ: ਬਡੂੰਗਰ
ਪ੍ਰੋ: ਬਡੂੰਗਰ ਦੀ ਅਗਵਾਈ ਵਿਚ ਬੱਚਿਆਂ ਨੂੰ ਧਾਰਮਿਕ ਕਦਰਾਂ-ਕੀਮਤਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਯਤਨ–ਭਾਈ ਚਾਵਲਾ
ਨੰਗਲ, 4 ਜੂਨ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਨਕ ਗੁਰਦੁਆਰਾ ਬਿਭੌਰ ਸਾਹਿਬ ਵਿਖੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਪੰਜ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਦੀ ਆਰੰਭਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਕੀਤੀ ਗਈ। ਆਰੰਭਤਾ ਮੌਕੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ ਅਤੇ ਕੈਂਪ ਵਿਚ ਸ਼ਾਮਲ ਬੱਚਿਆਂ ਵੱਲੋਂ ਸ੍ਰੀ ਨਿਸ਼ਾਨ ਸਾਹਿਬ ਨੂੰ ਸਲਾਮੀ ਦਿੱਤੀ ਗਈ। ਕੈਂਪ ਵਿਚ ੫੦ ਸਕੂਲਾਂ ਦੇ ੭੦੦ ਬੱਚਿਆਂ ਨੇ ਭਾਗ ਲਿਆ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬੱਚੇ ਤੇ ਨੌਜੁਆਨ ਕੌਮ ਦਾ ਭਵਿੱਖ ਹਨ, ਜਿਨ੍ਹਾਂ ਨੂੰ ਗੁਰਬਾਣੀ, ਗੁਰਮਤਿ ਸਿਧਾਂਤਾਂ, ਸਿੱਖ ਇਤਿਹਾਸ ਅਤੇ ਗੁਰਮਤਿ ਰਹਿਣੀ ਨਾਲ ਜੋੜਨਾ ਜ਼ਰੂਰੀ ਹੈ ਅਤੇ ਇਸ ਕਾਰਜ ਲਈ ਅਜਿਹੇ ਕੈਂਪ ਬੇਹੱਦ ਸਹਾਈ ਸਿੱਧ ਹੁੰਦੇ ਹਨ। ਉਨ੍ਹਾਂ ਕਿਹਾ ਕਿ ਧਰਮ ਤੋਂ ਬਿਨਾਂ ਨਰੋਏ ਸਮਾਜ ਦੀ ਸਥਾਪਨਾ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਸੰਪੂਰਨ ਮਨੁੱਖ ਦੀ ਘਾੜਤ ਘੜਨ ਲਈ ਧਰਮ ਹੀ ਇੱਕ ਮਾਤਰ ਜ਼ਰੀਆ ਹੈ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ ਹੈ ਕਿ ਸਿੱਖ ਨੌਜੁਆਨੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਵੱਡੇ ਉਪਰਾਲੇ ਕੀਤੇ ਜਾਣ ਤਾਂ ਕਿ ਉਨ੍ਹਾਂ ਅੰਦਰ ਨੈਤਿਕ ਤੇ ਸਮਾਜਕ ਸਰੋਕਾਰਾਂ ਦਾ ਸੰਚਾਰ ਹੋ ਸਕੇ। ਇਸੇ ਤਹਿਤ ਹੀ ਇਸ ਕੈਂਪ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ, ਵਿਦਿਅਕ ਅਦਾਰੇ ਤੇ ਮਾਪੇ ਬੱਚਿਆਂ ਨੂੰ ਗੁਰੂ ਸਾਹਿਬ ਵੱਲੋਂ ਬਖਸ਼ਿਸ਼ ਕੀਤੀ ਗਈ ਜੀਵਨ-ਜਾਚ ਦੇ ਗੁਣਾਂ ਦਾ ਧਾਰਨੀ ਬਣਾਉਣ ਲਈ ਸੰਯੁਕਤ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਵਿਸ਼ਵਾਸ ਨਾਲ ਕਿਹਾ ਕਿ ਇਸ ਕੈਂਪ ਦੇ ਸਾਰਥਿਕ ਨਤੀਜੇ ਸਾਹਮਣੇ ਆਉਣਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਸਮੁੱਚੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਗੁਰਮਤਿ ਨਾਲ ਜੋੜਨ ਲਈ ਵਿਸ਼ੇਸ਼ ਯਤਨ ਕੀਤੇ ਜਾਂਦੇ ਹਨ ਅਤੇ ਅਕਾਦਮਿਕ ਵਿਦਿਆ ਦੇ ਨਾਲ-ਨਾਲ ਧਾਰਮਿਕ ਸੰਸਕਾਰਾਂ ਦੀ ਸਿੱਖਿਆ ਵੀ ਲਾਜ਼ਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿਚ ਸਫਲਤਾ ਹਾਸਲ ਕਰਨ ਲਈ ਮਨੁੱਖੀ ਕਦਰਾਂ-ਕੀਮਤਾਂ ਦਾ ਧਾਰਨੀ ਬਣਨ ਲਈ ਆਪਣੇ ਸ਼ਾਨਾਮੱਤੇ ਵਿਰਸੇ ਤੋਂ ਅਗਵਾਈ ਲੈਣੀ ਚਾਹੀਦੀ ਹੈ। ਉਨ੍ਹਾਂ ਕੈਂਪ ਦੀ ਰੂਪ ਰੇਖਾ ਸਾਂਝੀ ਕਰਦਿਆਂ ਦੱਸਿਆ ਕਿ ਕੈਂਪ ਵਿਚ ਬੱਚਿਆਂ ਨੂੰ ਗੁਰਮਤਿ ਦੇ ਵਿਭਿੰਨ ਵਿਸ਼ਿਆਂ ‘ਤੇ ਪ੍ਰਸਿੱਧ ਵਿਦਵਾਨਾਂ ਦੇ ਲੈਕਚਰਾਂ ਤੋਂ ਇਲਾਵਾ ਧਾਰਮਿਕ ਡਾਕੂਮੈਂਟਰੀ, ਗੱਤਕਾ, ਗੁਰਬਾਣੀ ਸੰਥਿਆ ਦੇ ਨਾਲ ਸ਼ਖਸੀਅਤ ਉਸਾਰੀ ਸਬੰਧੀ ਗੁਰਬਾਣੀ ਅਧਾਰਤ ਸਿੱਖਿਆ ਦਿੱਤੀ ਜਾਵੇਗੀ। ਇਸ ਕਾਰਜ ਲਈ ਸਿੱਖ ਕੌਮ ਦੇ ਪ੍ਰਮੁੱਖ ਵਿਦਵਾਨਾਂ ਦੀਆਂ ਸੇਵਾਵਾਂ ਲਈਆਂ ਗਈਆਂ ਹਨ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੀ ਸਹਾਇਕ ਡਾਇਰੈਕਟਰ ਵਿੱਦਿਆ ਪਿੰਸੀਪਲ ਸਤਵੰਤ ਕੌਰ ਨੇ ਇਸ ਕੈਂਪ ਵਿਚ ਪਹੁੰਚੇ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਭਾਈ ਅਮਰਜੀਤ ਸਿੰਘ ਚਾਵਲਾ, ਸ਼੍ਰੋਮਣੀ ਕਮੇਟੀ ਅਹੁਦੇਦਾਰ ਤੇ ਅਧਿਕਾਰੀ, ਸਕੂਲਾਂ ਦੇ ਪ੍ਰਿੰਸੀਪਲਾਂ ਤੇ ਬੱਚਿਆਂ ਨੂੰ ਜੀ ਆਇਆਂ ਕਿਹਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਮੈਂਬਰ ਸ. ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਬੀਬੀ ਰਣਜੀਤ ਕੌਰ ਤੇ ਸ. ਅਜਮੇਰਸਿੰਘ ਖੇੜਾ, ਸ. ਜਗੀਰ ਸਿੰਘ ਸਾਬਕਾ ਮੈਂਬਰ, ਬਾਬਾ ਜਰਨੈਲ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ, ਭਾਈ ਫੂਲਾ ਸਿੰਘ ਹੈਡ ਗ੍ਰੰਥੀ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਤੇ ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਸਿਮਰਜੀਤ ਸਿੰਘ ਕੰਗ, ਡਾਇਰੈਕਟਰ ਵਿਦਿਆ ਡਾ. ਧਰਮਿੰਦਰ ਸਿੰਘ ਉਭਾ, ਡਿਪਟੀ ਡਾਇਰੈਕਟਰ ਡਾ. ਵੰਦਨਾ ਨਰੂਲਾ, ਅਸਿਸਟੈਂਟ ਡਾਇਰੈਕਟਰ ਪ੍ਰਿੰਸੀਪਲ ਸਤਵੰਤ ਕੌਰ, ਡਾ. ਕਸ਼ਮੀਰ ਸਿੰਘ, ਪ੍ਰੋ. ਸੁਖਦੇਵ ਸਿੰਘ ਇੰਚਾਰਜ, ਸ. ਰਣਜੀਤ ਸਿੰਘ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਅਕਾਲੀ ਆਗੂ ਸ. ਜਗਦੇਵ ਸਿੰਘ ਕੁਕੂ, ਸ. ਮਨਜਿੰਦਰ ਸਿੰਘ ਬਰਾੜ, ਸ. ਇੰਦਰਪਾਲ ਸਿੰਘ ਚੱਡਾ ਅਤੇ ਵੱਖ-ਵੱਖ ਸਕੂਲਾਂ ਦਾ ਸਟਾਫ ਹਾਜ਼ਰ ਸੀ।