** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਸਬ-ਕਮੇਟੀ ਦੀ ਇਕੱਤਰਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ,
ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਈ

Meeting 19-7-16ਅੰਮ੍ਰਿਤਸਰ 19 ਜੂਨ- ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਪਾਉਂਟਾ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸੰਮੇਲਨ ਦੀਆਂ ਤਿਆਰੀਆਂ ਸਬੰਧੀ ਸਬ-ਕਮੇਟੀ ਦੀ ਇੱਕ ਵਿਸ਼ੇਸ਼ ਇਕੱਤਰਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਈ। ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਰਜਿੰਦਰ ਸਿੰਘ ਮਹਿਤਾ, ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਦਿਲਜੀਤ ਸਿੰਘ ‘ਬੇਦੀ’ ਤੇ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਡਾ. ਧਰਮਿੰਦਰ ਸਿੰਘ ਉੱਭਾ ਡਾਇਰੈਕਟਰ ਸਿੱਖਿਆ ਅਤੇ ਸ. ਸੁਰਜੀਤ ਸਿੰਘ ਪਾਤਰ ਸ਼ਾਮਲ ਹੋਏ।
ਮੀਟਿੰਗ ਵਿਚ ਲੰਮੀ ਵਿਚਾਰ-ਚਰਚਾ ਦੌਰਾਨ ਸੰਮੇਲਨ ਦੀ ਰੂਪ ਰੇਖਾ ਨੂੰ ਉਲੀਕਿਆ ਗਿਆ ਅਤੇ ਸ਼ਾਮਲ ਹੋਣ ਵਾਲੇ ਕਵੀਆਂ ਦੀਆਂ ਕਵਿਤਾਵਾਂ ‘ਤੇ ਨਜ਼ਰਸਾਨੀ ਕੀਤੀ ਗਈ। ਇਹ ਵੀ ਫੈਸਲਾ ਕੀਤਾ ਗਿਆ ਕਿ ਕਵੀ ਸੰਮੇਲਨ ਵਿਚ ਸ਼ਾਮਲ ਹੋਣ ਵਾਲੇ ਕਵੀਆਂ ਪਾਸੋਂ ਉਨ੍ਹਾਂ ਦੀਆਂ ਕਵਿਤਾਵਾਂ ਦੀ ਮੌਲਿਕਤਾ ਦੀ ਤਸਦੀਕ ਕਰਵਾਈ ਜਾਵੇਗੀ ਅਤੇ ਪਹਿਲਾਂ ਛਪ ਚੁੱਕੀਆਂ ਕਵਿਤਾਵਾਂ ਨੂੰ ਸ਼ਾਮਿਲ ਨਹੀਂ ਕੀਤਾ ਜਾਵੇਗਾ। ਕਵਿਤਾਵਾਂ ਦੀ ਇਤਿਹਾਸਕਤਾ ਵਾਚਣ ਲਈ ਸਿੱਖ ਚਿੰਤਕ ਡਾ. ਰੂਪ ਸਿੰਘ ਤੇ ਸ. ਦਿਲਜੀਤ ਸਿੰਘ ਬੇਦੀ ਨੂੰ ਜ਼ਿੰਮੇਵਾਰੀ ਦਿੱਤੀ ਗਈ ਅਤੇ ਕਾਵਿ ਪੱਖ ਵਿਚਾਰਨ ਲਈ ਡਾ. ਧਰਮਿੰਦਰ ਸਿੰਘ ਉੱਭਾ ਅਤੇ ਡਾ. ਸੁਰਜੀਤ ਸਿੰਘ ਪਾਤਰ ਨੂੰ ਕਾਰਜ ਦਿੱਤਾ ਗਿਆ। ਮੁਕੰਮਲ ਰੂਪ ਵਿਚ ਕਵਿਤਾਵਾਂ ਵਿਚਾਰਨ ਤੋਂ ਬਾਅਦ ਅਗਲੀ ਮੀਟਿੰਗ ਵਿਚ ਅੰਤਿਮ ਰੂਪ ਦੇਣ ਦਾ ਫੈਸਲਾ ਕੀਤਾ ਗਿਆ, ਜੋ ਮਿਤੀ ੨੭ ਜੁਲਾਈ ਨੂੰ ਖਾਲਸਾ ਕਾਲਜ, ਪਟਿਆਲਾ ਵਿਖੇ ਹੋਵੇਗੀ। ਜ਼ਿਕਰਯੋਗ ਹੈ ਦਸਮ ਪਾਤਸ਼ਾਹ ਜੀ ਦੇ ੩੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਕਵੀਂ ਸੰਮੇਲਨ ੧੮ ਅਗਸਤ ੨੦੧੬ ਨੂੰ ਗੁ:ਸ੍ਰੀ ਪਾਉਂਟਾ ਸਾਹਿਬ ਵਿਖੇ ਕਰਵਾਇਆ ਜਾਵੇਗਾ, ਜਿਸ ਵਿਚ ਸ਼ਾਮਲ ਕਵੀਆਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾਵੇਗਾ ਅਤੇ ਇਨ੍ਹਾਂ ਕਵਿਤਾਵਾਂ ਨੂੰ ਕਿਤਾਬੀ ਰੂਪ ਵਿਚ ਵੀ ਪ੍ਰਕਾਸ਼ਿਤ ਕੀਤਾ ਜਾਵੇਗਾ।
ਇਸ ਮੌਕੇ ਸ. ਸਤਬੀਰ ਸਿੰਘ ਸਾਬਕਾ ਸਕੱਤਰ, ਸ. ਜਗਜੀਤ ਸਿੰਘ ਮੀਤ ਸਕੱਤਰ, ਸ. ਮਨਜੀਤ ਸਿੰਘ ਇੰਚਾਰਜ, ਸ. ਹਰਭਜਨ ਸਿੰਘ ਵਕਤਾ ਤੇ ਸ. ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ।