ਅੰਮ੍ਰਿਤਸਰ, 29 ਜੂਨ:-ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਪਿੰਦਰ ਸਿੰਘ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਭਾਈ ਸਲਵਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਨੇ ਲਿਆ।
ਇਸ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮਹਾਰਾਜਾ ਨੇ ਆਪਣੀ ਬੁੱਧੀਮਤਾ ਤੇ ਦੂਰ ਅੰਦੇਸ਼ੀ ਨਾਲ ਸਾਰੀਆਂ ਸਿੱਖ ਮਿਸਲਾਂ ਨੂੰ ਇੱਕਜੁੱਟ ਕਰਕੇ ਖਾਲਸਾ ਰਾਜ ਕਾਇਮ ਕੀਤਾ। ਸ਼ੇਰੇ ਪੰਜਾਬ ਦੇ ਰਾਜ ਵਿਚ ਗਰੀਬ ਤੋਂ ਗਰੀਬ ਵੀ ਖੁਸ਼ ਸੀ ਕਿਉਂਕਿ ਖਾਲਸਾ ਰਾਜ ਆਉਣ ਨਾਲ ਉਨ੍ਹਾਂ ਦੀ ਮੁਗ਼ਲਾਂ ਹੱਥੋਂ ਹੁੰਦੀ ਲੁੱਟ ਖਤਮ ਹੋ ਗਈ ਸੀ। ਮਹਾਰਾਜਾ ਆਪਣੇ ਰਾਜ ਵਿਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ ਅਤੇ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ। ਇਤਿਹਾਸ ਵਿਚ ਇਹ ਸਭ ਤੋਂ ਵੱਡਾ ਲੋਕਤੰਤਰੀ ਰਾਜ ਸੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ, ਐਡੀ: ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ. ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਸ. ਜਗਜੀਤ ਸਿੰਘ, ਸ. ਸਕੱਤਰ ਸਿੰਘ ਤੇ ਸ. ਗੁਰਮੀਤ ਸਿੰਘ, ਸ. ਗੁਰਿੰਦਰ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ ਤੇ ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦਾ ਸਮੁੱਚਾ ਸਟਾਫ ਅਤੇ ਸੰਗਤਾਂ ਹਾਜ਼ਰ ਸਨ।