ਅੰਮ੍ਰਿਤਸਰ ੨੭ ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਭਲਕੇ ੨੮ ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਵਧੀਕ ਸਕੱਤਰ ਅਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਹ ਗੁਰਮਤਿ ਸਮਾਗਮ ਸਵੇਰੇ ੧੧:੦੦ ਵਜੇ ਆਰੰਭ ਹੋਵੇਗਾ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਵੱਖ-ਵੱਖ ਧਾਰਮਿਕ ਸ਼ਖ਼ਸੀਅਤਾਂ ਪੁੱਜਣਗੀਆਂ। ਉਨ੍ਹਾਂ ਦੱਸਿਆ ਕਿ ਗੁਰਮਤਿ ਸਮਾਗਮ ‘ਚ ਭਾਈ ਕਮਲਜੀਤ ਸਿੰਘ ਤੇ ਭਾਈ ਸੁਖਵੰਤ ਸਿੰਘ ਦੇ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ ਅਤੇ ਸਿੱਖ ਕੌਮ ਦੇ ਮਹਾਨ ਵਿਦਵਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਝੀਆਂ ਕਰਨਗੇ। ਇਸ ਮੌਕੇ ਸਿੱਖ ਕੌਮ ਦੇ ਪ੍ਰਸਿੱਧ ਢਾਡੀ ਅਤੇ ਕਵੀਸ਼ਰੀ ਜਥੇ ਵੀ ਸੰਗਤਾਂ ਨੂੰ ਸਿੱਖ ਇਤਿਹਾਸ ਸਰਵਣ ਕਰਵਾਉਣਗੇ।