ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ ੩੦ ਮਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਘਰਾਂ ਅੰਦਰ ਵਾਪਰਦੀਆਂ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਇਨ੍ਹਾਂ ਨੂੰ ਰੋਕਣ ਲਈ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਸੁਚੇਤ ਕੀਤਾ ਹੈ। ਜਾਰੀ ਇੱਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਅੰਦਰ ਅੱਗ ਦੀਆਂ ਘਟਨਾਵਾਂ ਪ੍ਰਬੰਧਕੀ ਲਾਪ੍ਰਵਾਹੀ ਦਾ ਨਤੀਜਾ ਹਨ ਅਤੇ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਗੁਰੂ ਘਰਾਂ ਦੇ ਪ੍ਰਬੰਧਕ ਸੰਜੀਦਾ ਯਤਨ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਬਹੁਤੇ ਥਾਈਂ ਘਟੀਆ ਵਾਇੰਰਿੰਗ ਤੋਂ ਇਲਾਵਾ ਪ੍ਰਕਾਸ਼ ਤੇ ਸੁਖਆਸਨ ਅਸਥਾਨ ‘ਤੇ ਲਗਾਈਆਂ ਲੜੀਆਂ ਤੇ ਪੱਖੇ ਆਦਿ ਲਗਾਤਾਰ ਚੱਲਦੇ ਰਹਿਣ ਦੀ ਅਣਗਹਿਲੀ ਹੀ ਮੁੱਖ ਕਾਰਨ ਬਣ ਰਹੀ ਹੈ। ਗੁਰਦੁਆਰਾ ਸਾਹਿਬਾਨ ਅੰਦਰ ਸੁਰੱਖਿਆ ਯਕੀਨੀ ਬਣਾਉਣ ਲਈ ਭਾਈ ਲੌਂਗੋਵਾਲ ਨੇ ਕਿਹਾ ਕਿ ਗਰਮੀ ਦੇ ਮੌਕੇ ਜਿਥੇ ਗੁਰੂ-ਘਰਾਂ ਦੀ ਵਾਇਰਿੰਗ ਆਦਿ ਦਾ ਨਰੀਖਣ ਬਹੁਤ ਜ਼ਰੂਰੀ ਹੈ, ਉਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਤੇ ਸੁਖਆਸਨ ਅਸਥਾਨਾਂ ਵਿਚ ਬੱਲਬ, ਪੱਖੇ, ਏ.ਸੀ. ਅਤੇ ਸਜਾਵਟੀ ਲੜੀਆਂ ਜਿਹੇ ਉਪਕਰਨ ਓਨਾ ਚਿਰ ਹੀ ਚਲਾਏ ਜਾਣ ਜਿੰਨਾ ਚਿਰ ਕੋਈ ਨਿਗਰਾਨ ਗੁਰਦੁਆਰਾ ਸਾਹਿਬ ਅੰਦਰ ਮੌਜੂਦ ਰਹੇ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਨੂੰ ਕਾਇਮ ਰੱਖਣ ਲਈ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਸੁਚੇਤ ਰੂਪ ਵਿਚ ਸੇਵਾ ਨਿਭਾਉਣ ਦੀ ਅਪੀਲ ਕੀਤੀ।