ਪੰਜ ਪ੍ਰਮੁੱਖ ਸ਼ਖ਼ਸੀਅਤਾਂ ਤੇ ੫੨ ਸਕੂਲੀ ਬੱਚੇ ਵੀ ਸਨਮਾਨਿਤ
ਅੰਮ੍ਰਿਤਸਰ, ੨੬ ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸ ਵਾਰ ਵਿਲੱਖਣ ਪਹਿਲ ਕਰਦਿਆਂ ੫੨ ਕਿੱਤਾਕਾਰਾਂ ਅਤੇ ਸੇਵਾ ਦੇ ਖੇਤਰ ਵਿਚ ਕਾਰਜਸ਼ੀਲ ੫ ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ੫੨ ਲੋੜਵੰਦ ਪਰ ਹੁਸ਼ਿਆਰ ਸਕੂਲੀ ਵਿਦਿਆਰਥੀਆਂ ਨੂੰ ਵੀ ਸਾਲ ਭਰ ਦੀ ਸਕੂਲ ਫੀਸ ਦੇ ਕੇ ਨਿਵਾਜਿਆ ਗਿਆ। ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਇਸ ਸਨਮਾਨ ਸਮਾਰੋਹ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਾਂਝੇ ਤੌਰ ‘ਤੇ ਕਿੱਤਾਕਾਰਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨ ਪ੍ਰਦਾਨ ਕੀਤੇ। ਸਨਮਾਨਿਤ ੫ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਵਾਤਾਵਰਣ ਪ੍ਰੇਮੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਭਗਤ ਪੂਰਨ ਸਿੰਘ ਪਿੰਗਲਵਾੜਾ ਸੁਸਾਇਟੀ ਦੇ ਡਾ. ਬੀਬੀ ਇੰਦਰਜੀਤ ਕੌਰ, ਖ਼ਾਲਸਾ ਏਡ ਦੇ ਭਾਈ ਰਵੀ ਸਿੰਘ ਲਈ ਸ. ਅਮਰਪ੍ਰੀਤ ਸਿੰਘ, ਭਾਈ ਘਨ੍ਹੱਈਆ ਜੀ ਸੁਸਾਇਟੀ ਦੇ ਮੁੱਖੀ ਸ. ਮਨਜੀਤ ਸਿੰਘ ਨੂੰ ਸਿਰੋਪਾਓ, ਲੋਈ, ਸਨਮਾਨ ਚਿੰਨ੍ਹ ਅਤੇ ੨੧-੨੧ ਹਜ਼ਾਰ ਰੁਪਏ ਸਤਿਕਾਰ ਵਜੋਂ ਦਿੱਤੇ ਗਏ। ਇਸੇ ਤਰ੍ਹਾਂ ੫੨ ਕਿੱਤਾਕਾਰਾਂ ਨੂੰ ਵੀ ਸਿਰੋਪਾਓ, ਲੋਈ, ਸਨਮਾਨ ਚਿੰਨ੍ਹ ਤੇ ੧੧-੧੧ ਹਜ਼ਾਰ ਰੁਪਏ ਦਿੱਤੇ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਕਿੱਤਾਕਾਰਾਂ, ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਕੂਲੀ ਬੱਚਿਆਂ ਦੇ ਸਨਮਾਨ ਨੂੰ ਇਤਿਹਾਸਕ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਵਰੋਸਾਏ ਕਿੱਤਾਕਾਰਾਂ ਨੂੰ ਗੁਰੂ ਘਰ ਤੋਂ ਪ੍ਰਾਪਤ ਸਨਮਾਨ ਨਾਲ ਉਹ ਆਪਣੇ ਆਪ ‘ਤੇ ਜ਼ਰੂਰ ਮਾਣ ਮਹਿਸੂਸ ਕਰਨਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਦਰਸ਼ਕ ਸ਼ਖ਼ਸੀਅਤਾਂ ਦਾ ਸਨਮਾਨ ਕਰਨ ਦਾ ਮੰਤਵ ਉਨ੍ਹਾਂ ਨੂੰ ਸੰਗਤਾਂ ਸਾਹਮਣੇ ਪੇਸ਼ ਕਰਕੇ ਪ੍ਰੇਰਣਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਚੌਥੇ ਪਾਤਸ਼ਾਹ ਜੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੀ ਸਥਾਪਨਾ ਸਮੇਂ ਇਥੇ ਵਸਾਏ ਕਿੱਤਾਕਾਰ ਅੱਜ ਵੀ ਪਿਤਾ ਪੁਰਖੀ ਕਿੱਤੇ ਨਾਲ ਜੁੜੇ ਹੋਏ ਅਤੇ ਸ਼੍ਰੋਮਣੀ ਕਮੇਟੀ ਇਨ੍ਹਾਂ ਮਹਾਨ ਕਿਰਤੀਆਂ ਨੂੰ ਸਨਮਾਨਿਤ ਕਰਕੇ ਖ਼ੁਸ਼ੀ ਮਹਿਸੂਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਿਰਤੀ ਗੁਰੂ ਸਾਹਿਬ ਦੇ ਸਾਂਝੀਵਾਲਤਾ, ਸਦਭਾਵਨਾ ਅਤੇ ਆਪਸੀ ਪਿਆਰ ਭਾਵਨਾ ਦੀ ਮਿਸਾਲ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਇਹ ਕਾਰਜ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਹੈ, ਪਰ ਸਨਮਾਨ ਲਈ ਰਾਸ਼ੀ ਗੁਰੂ ਘਰ ਦੇ ਪ੍ਰੇਮੀਆਂ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਮੁੰਬਈ ਨਿਵਾਸੀ ਸ. ਗੁਰਿੰਦਰ ਸਿੰਘ ਬਾਵਾ, ਸ. ਭੁਪਿੰਦਰ ਸਿੰਘ ਮਿਨਹਾਸ, ਬੀਬੀ ਰਾਣੀ ਕੌਰ ਦਿੱਲੀ ਤੇ ਮਨਿੰਦਰ ਕੌਰ ਬੇਦੀ ਮੁੰਬਈ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਸਨਮਾਨ ਲਈ ਸਹਿਯੋਗ ਕੀਤਾ। ਡਾ. ਰੂਪ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮੰਤਵ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੂਰੇ ਵਿਸ਼ਵ ਨੂੰ ਸਾਂਝੀਵਾਲਤਾ ਦਾ ਸੁਨੇਹਾ ਦੇਣਾ ਸੀ, ਜਿਸ ਵਿਚ ਸ਼੍ਰੋਮਣੀ ਕਮੇਟੀ ਸਫਲ ਹੋਈ ਹੈ। ਉਨ੍ਹਾਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸਫਲਤਾ ਲਈ ਗੁਰੂ ਸਾਹਿਬ ਅਤੇ ਸਹਿਯੋਗ ਦੇਣ ਵਾਲੀਆਂ ਸਮੂਹ ਧਾਰਮਿਕ ਜਥੇਬੰਦੀਆਂ, ਸਭਾ-ਸੁਸਾਇਟੀਆਂ, ਗੁਰੂ ਘਰ ਦੇ ਪ੍ਰੇਮੀਆਂ, ਦੇਸ਼ ਵਿਦੇਸ਼ ਦੀਆਂ ਸੰਗਤਾਂ, ਪ੍ਰਸ਼ਾਸਨ ਅਤੇ ਮੀਡੀਆ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਤਰਫੋਂ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
ਇਸ ਮੌਕੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਸ. ਗੁਰਮੀਤ ਸਿੰਘ ਬੂਹ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸੱਕਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਬੀਬੀ ਪਰਮਜੀਤ ਕੌਰ ਪਿੰਕੀ, ਸ. ਤੇਜਿੰਦਰ ਸਿੰਘ ਪੱਡਾ, ਸ. ਹਰਜਿੰਦਰ ਸਿੰਘ ਕੈਰੋਂਵਾਲ, ਵਧੀਕ ਮੈਨੇਜਰ ਸ. ਲਖਵਿੰਦਰ ਸਿੰਘ ਬੱਦੋਵਾਲ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਆਦਿ ਮੌਜੂਦ ਸਨ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਸੁੰਦਰ ਦੀਪਮਾਲਾ ਅਤੇ ਜਗਾਏ ਮਿੱਟੀ ਦੇ ਦੀਵੇ
ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਦੇਖਣਯੋਗ ਸੀ। ਇਥੇ ਨਤਮਸਤਕ ਹੋਣ ਆਈਆਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਇਸ ਅਲੌਕਿਕ ਦੀਪਮਾਲਾ ਦਾ ਅਨੰਦ ਮਾਣਿਆ ਅਤੇ ਗੁਰੂ ਦਰਬਾਰ ‘ਚ ਹਾਜ਼ਰੀਆਂ ਭਰ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਦੱਸਣਯੋਗ ਹੈ ਕਿ ਬੀਤੇ ਤਿੰਨ ਦਿਨਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਇਸ ਪਾਵਨ ਅਸਥਾਨ ਵਿਖੇ ਹਾਜ਼ਰੀਆਂ ਭਰ ਰਹੀਆਂ ਹਨ ਅਤੇ ਚੱਲ ਰਹੇ ਧਾਰਮਿਕ ਦੀਵਾਨਾਂ ਅਤੇ ਵੱਖ-ਵੱਖ ਸਮਾਗਮਾਂ ਵਿਚ ਗੁਰਮਤਿ ਵਿਚਾਰਾਂ ਅਤੇ ਗੁਰਬਾਣੀ ਕੀਰਤਨ ਸਰਵਣ ਕਰਕੇ ਨਿਹਾਲ ਹੋ ਰਹੀਆਂ ਹਨ। ਇਸੇ ਦੌਰਾਨ ਅੱਜ ਰਾਤ ਨੂੰ ਸੁੰਦਰ ਦੀਪਮਾਲਾ ਦੇਖਣ ਲਈ ਸੰਗਤਾਂ ਹੁਮ-ਹੁਮਾ ਕੇ ਪੁੱਜੀਆਂ। ਇਸ ਮੁਬਾਰਕ ਮੌਕੇ ‘ਤੇ ਸੰਗਤਾਂ ਵੱਲੋਂ ਮਿੱਟੀ ਦੇ ਦੀਵੇ ਜਗਾ ਕੇ ਵੀ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ। ਦੇਰ ਸ਼ਾਮ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਬਾਬਾ ਰਾਮ ਸਿੰਘ ਸੀਘਣੇਵਾਲੇ, ਪੁਲਿਸ ਕਮਿਸ਼ਨ ਐਸ. ਐਸ. ਸ੍ਰੀਵਾਸਤਵ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਮਿੱਟੀ ਦੇ ਦੀਵੇ ਜਗਾ ਕੇ ਸ਼ਰਧਾ ਪ੍ਰਗਟਾਈ।