ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 3 ਅਕਤੂਬਰ (             )- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸਬੰਧ ਵਿਚ ਲਗਭਗ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਇਸ ਵਾਰ ਨਿਵੇਕਲੇ ਢੰਗ ਨਾਲ ਮਨਾਉਣ ਲਈ ਸਿੱਖ ਸੰਸਥਾਵਾਂ ਤੇ ਸਮੂਹ ਸ਼ਹਿਰ ਨਿਵਾਸੀਆਂ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ। ਇਸ ਤਹਿਤ ਸ਼ਹਿਰ ਵਿਚ ਸਾਫ ਸਫਾਈ ਅਤੇ ਸਜਾਵਟ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਵਿਚ ਸਾਫ-ਸਫਾਈ, ਸਜਾਵਟ, ਟਰੈਫਿਕ ਤੇ ਪ੍ਰਦੂਸ਼ਣ ਕੰਟਰੋਲ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਕ ਲਹਿਰ ਸਿਰਜੀ ਗਈ ਹੈ, ਜਿਸਦੇ ਵਧੀਆ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਟਰੈਫਿਕ ਵਿਵਸਥਾ ਤੇ ਸੜਕਾਂ ਦੇ ਸੁਧਾਰ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਵੀ ਗੱਲਬਾਤ ਕੀਤੀ ਗਈ ਹੈ, ਜਿਸ ਲਈ ਉਨ੍ਹਾਂ ਵੱਲੋਂ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਹੈ।
ਸਕੱਤਰ ਡਾ. ਰੂਪ ਸਿੰਘ ਨੇ ਹੋਰ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲਾਂ ਅਤੇ ਕਾਲਜਾਂ ਵਿਚ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਦੀ ਮੁੱਢਲੀ ਜਾਣਕਾਰੀ ਦੇਣ ਲਈ ਪ੍ਰਚਾਰਕਾਂ ਨੂੰ ਭੇਜਿਆ ਜਾ ਰਿਹਾ ਹੈ, ਜਿਸਦੀ ਸਕੂਲਾਂ/ਕਾਲਜਾਂ ਵੱਲੋਂ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪ੍ਰਕਾਸ਼ ਪੁਰਬ ਮੌਕੇ ਮੁੰਬਈ ਦੀਆਂ ਸੰਗਤਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਤਕਰੀਬਨ ੮ ਦੇਸ਼ਾਂ ਤੋਂ ੬੦੦ ਕੁਇੰਟਲ ਦੇ ਕਰੀਬ ਵਿਸ਼ੇਸ਼ ਫੁੱਲ ਮੰਗਵਾਏ ਗਏ ਹਨ ਅਤੇ ਵਾਤਾਵਰਣ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ ਪ੍ਰਦੂਸ਼ਣ ਰਹਿਤ ਆਤਿਸ਼ਬਾਜ਼ੀ ਦੀ ਵੀ ਸੇਵਾ ਕਰਵਾਈ ਜਾ ਰਹੀ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਗੋਂ ਵੀ ਇਹੀ ਕੋਸ਼ਿਸ਼ ਰਹੇਗੀ ਕਿ ਗੁਰਪੁਰਬਾਂ ਮੌਕੇ ਲੋਕਾਂ ਵਿਚ ਵਾਤਾਵਰਣਕ ਅਤੇ ਸਮਾਜਕ ਸਮੱਸਿਆਵਾਂ ਦੇ ਹੱਲ ਲਈ ਜਾਗਰੂਕਤਾ ਪੈਦਾ ਕੀਤੀ ਜਾਵੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਤੇ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਐਡੀਸ਼ਨਲ ਮੈਨੇਜਰ ਸ. ਰਾਜਿੰਦਰ ਸਿੰਘ ਅਟਾਰੀ, ਸ. ਹਰਭਜਨ ਸਿੰਘ ਵਕਤਾ ਇੰਚਾਰਜ ਆਦਿ ਹਾਜ਼ਰ ਸਨ।