ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਮੰਗਲਵਾਰ, ੩ ਹਾੜ (ਸੰਮਤ ੫੫੭ ਨਾਨਕਸ਼ਾਹੀ) ੧੭ ਜੂਨ, ੨੦੨੫ (ਅੰਗ: ੬੮੫)

ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ 11 ਜੂਨ ਨੂੰ ਹੋਣਗੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੂਨ-
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ 11 ਜੂਨ ਨੂੰ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਸਬੰਧ ਵਿਚ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਵਿਸ਼ੇਸ਼ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। ਨਗਰ ਕੀਰਤਨ ਵਿਚ ਨਿਹੰਗ ਸਿੰਘ ਘੋੜਿਆਂ ਸਮੇਤ ਸ਼ਾਮਲ ਹੋਏ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਸਨ। ਨਗਰ ਕੀਰਤਨ ਦਾ ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ ਨੇ ਦੱਸਿਆ ਕਿ ਛੇਵੇਂ ਪਾਤਸ਼ਾਹ ਵੱਲੋਂ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਲੜੀ ਪਹਿਲੀ ਜੰਗ ਨੂੰ ਫ਼ਤਹਿ ਕਰਨ ਦੀ ਯਾਦ ਵਿਚ 11 ਜੂਨ ਨੂੰ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ-ਇਤਿਹਾਸ ਸਰਵਣ ਕਰਵਾਉਣਗੇ। ਇਸ ਮੌਕੇ ਹੈੱਡ ਗ੍ਰੰਥੀ ਭਾਈ ਨਿਰਮਲ ਸਿੰਘ, ਗ੍ਰੰਥੀ ਭਾਈ ਸੁਖਵਿੰਦਰ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਮੀਤ ਮੈਨੇਜਰ ਸ. ਜਸਬੀਰ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਕੁਲਦੀਪ ਸਿੰਘ ਪੰਡੋਰੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।