ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਸ਼ਨਿਚਰਵਾਰ, ੯ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੨ ਮਾਰਚ, ੨੦੨੫ (ਅੰਗ: ੬੮੦)

ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਮਹਾਨ ਨਗਰ ਕੀਰਤਨ ਅੱਜ

dsc_0264
ਸ੍ਰੀ ਫ਼ਤਿਹਗੜ੍ਹ ਸਾਹਿਬ, ੨੬ ਦਸੰਬਰ (          )- ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਟੋਡਰ ਮੱਲ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿੱਚ ਪੰਥ ਦੇ ਕਥਾਕਾਰਾਂ, ਢਾਡੀਆਂ-ਕਵੀਸ਼ਰਾਂ ਅਤੇ ਪ੍ਰਚਾਰਕਾਂ ਨੇ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹਾਦਤ ਦੀ ਦਾਸਤਾਨ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਇਸੇ ਦੌਰਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਚੱਲ ਰਹੀ ਲੜੀਵਾਰ ਕਥਾ ਵਿਚਾਰ ਦੁਆਰਾ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਇਤਿਹਾਸਿਕ ਪ੍ਰਸੰਗ ਨੂੰ ਪੇਸ਼ ਕਰਦਿਆਂ ਹੋਇਆਂ ਕਿਹਾ ਕਿ ਸ਼ਹੀਦ ਕੌਮ ਦਾ ਵਡਮੁੱਲਾ ਸਰਮਾਇਆ ਹੁੰਦੇ ਹਨ। ਖਾਸ ਕਰਕੇ ਸਿੱਖ ਕੌਮ ਦਾ ਇਤਿਹਾਸ ਤਾਂ ਸ਼ਹੀਦੀਆਂ ਨਾਲ ਭਰਿਆ ਪਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਦੇ ਜੀਵਨ ਤੋਂ ਅਗਵਾਈ ਪ੍ਰਾਪਤ ਕਰ ਕੇ ਬਾਣੀ ਤੇ ਬਾਣੇ ਨਾਲ ਜੁੜਨ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ੨੭ ਦਸੰਬਰ ਨੂੰ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸਵੇਰੇ ੯:੦੦ ਵਜੇ ਮਹਾਨ ਨਗਰ ਕੀਰਤਨ ਆਰੰਭ ਹੋਵੇਗਾ, ਜੋ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਇਸ ਮਹਾਨ ਨਗਰ ਕੀਰਤਨ ਵਿਚ ਵੱਧ ਤੋਂ ਵੱਧ ਸੰਗਤ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਕਰਨੈਲ ਸਿੰਘ ਪੰਜੋਲੀ, ਸ. ਰਵਿੰਦਰ ਸਿੰਘ ਖਾਲਸਾ, ਸ. ਅਵਤਾਰ ਸਿੰਘ ਰਿਆ ਤੇ ਬੀਬੀ ਸੁਰਜੀਤ ਕੌਰ, ਸ. ਅਵਤਾਰ ਸਿੰਘ ਸਕੱਤਰ, ਡਾ. ਪਰਮਜੀਤ ਸਿੰਘ ਸਰੋਆ ਤੇ ਸ. ਕੇਵਲ ਸਿੰਘ ਐਡੀ. ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਤੇ ਸ. ਹਰਜੀਤ ਸਿੰਘ ਲਾਲੂ ਘੁੰਮਣ ਮੀਤ ਸਕੱਤਰ, ਸ. ਨੱਥਾ ਸਿੰਘ ਮੈਨੇਜਰ ਆਦਿ ਹਾਜ਼ਰ ਸਨ।