ਅੰਮ੍ਰਿਤਸਰ 20 ਅਗਸਤ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਆਕਾਸ਼ਵਾਣੀ ਦਿੱਲੀ ਤੋਂ ਪੰਜਾਬੀ ਖ਼ਬਰਾਂ ਦਾ ਪ੍ਰਸਾਰਣ ਬੰਦ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਸੰਸਕ੍ਰਿਤ ਤੇ ਉਰਦੂ ਬੋਲਣ ਤੇ ਸੁਣਨ ਵਾਲਿਆਂ ਦੀ ਗਿਣਤੀ ਨਾਮਾਤਰ ਹੈ, ਜਦੋਕਿ ੩੫ ਫੀਸਦੀ ਪੰਜਾਬੀ ਭਾਸ਼ਾ ਬੋਲਣ ਵਾਲੇ ਰਹਿੰਦੇ ਹਨ ਜਿਨ੍ਹਾਂ ਨਾਲ ਪੱਖਪਾਤੀ ਰਵੱਈਏ ਤਹਿਤ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਆਲ ਇੰਡੀਆ ਰੇਡੀਓ ਤੋਂ ਕਾਫੀ ਸਮੇਂ ਤੋਂ ਚੱਲ ਰਹੀਆਂ ਪੰਜਾਬੀ ਖ਼ਬਰਾਂ ਨੂੰ ਸਟਾਫ ਦੀ ਘਾਟ ਦਾ ਬਹਾਨਾ ਲਾ ਕੇ ਦਿੱਲੀ ਤੋਂ ਤਬਦੀਲ ਕਰਨਾ ਮਾਂ-ਬੋਲੀ ਪੰਜਾਬੀ ਭਾਸ਼ਾ ਨਾਲ ਵੱਡਾ ਧੱਕਾ ਹੈ।ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਪੰਜਾਬੀ ਭਾਸ਼ਾ ਨੂੰ ਵੱਡੇ ਪੱਧਰ ‘ਤੇ ਬਣਦਾ ਮਾਣ ਸਤਿਕਾਰ ਮਿਲ ਰਿਹਾ ਹੈ, ਪਰ ਆਪਣੇ ਮੁਲਕ ਵਿੱਚ ਪੰਜਾਬੀ ਭਾਸ਼ਾ ਨਾਲ ਵਿਤਕਰਾ ਜਾਇਜ਼ ਨਹੀਂ ਹੈ।
ਉਨ੍ਹਾਂ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਸ੍ਰੀ ਰਵੀ ਸ਼ੰਕਰ ਪ੍ਰਸ਼ਾਦ ਤੋਂ ਮੰਗ ਕੀਤੀ ਕਿ ਪੰਜਾਬੀ ਖ਼ਬਰਾਂ ਦੇ ਪ੍ਰਸਾਰਣ ਨੂੰ ਬੰਦ ਕਰਨ ਦੇ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ ਤੇ ਪੂਰੀ ਸੁਹਿਰਦਤਾ ਨਾਲ ਇਸ ਨੂੰ ਬਣਦਾ ਮਾਣ ਸਤਿਕਾਰ ਦੇਣ।ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬੀ ਭਾਸ਼ਾ ਬੋਲਣ ਵਾਲੇ ਸਟਾਫ ਦੀ ਘਾਟ ਨੂੰ ਪੂਰਾ ਕਰਕੇ ਇਸ ਸਮੱਸਿਆ ਦਾ ਹੱਲ ਕੀਤਾ ਜਾ ਸਕਦਾ ਹੈ ਜਿਸ ਲਈ ਕੇਂਦਰ ਸਰਕਾਰ ਵੱਲੋਂ ਠੋਸ ਯਤਨਾਂ ਦੀ ਜ਼ਰੂਰਤ ਹੈ।