ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਸਮਾਗਮ ਸਬੰਧੀ ਗੁਰਦੁਆਰਾ ਗੜ੍ਹੀ ਗੁਰਦਾਸ ਨੰਗਲ (ਗੁਰਦਾਸਪੁਰ) ਵਿਖੇ ਅਹਿਮ ਇਕੱਤਰਤਾ ਹੋਈ
ਅੰਮ੍ਰਿਤਸਰ 20 ਅਪ੍ਰੈਲ ( ) ਬਾਬਾ ਬੰਦਾ ਸਿੰਘ ਬਹਾਦਰ ਦੀ 300 ਸਾਲਾ ਸ਼ਹੀਦੀ ਸ਼ਤਾਬਦੀ, ਉਨ੍ਹਾਂ ਦੇ ਸਪੁੱਤਰ ਬਾਬਾ ਅਜੈ ਸਿੰਘ ਅਤੇ ਨਾਲ ਸ਼ਹੀਦ ਹੋਏ ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਮਾਰਚ ਸਬੰਧੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਸੁੱਚਾ ਸਿੰਘ ਲੰਗਾਹ ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਮੁੱਖ ਪ੍ਰਬੰਧਕ ਦੀ ਜ਼ਿੰਮੇਵਾਰੀ ਸੌਂਪੀ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਸ਼ਹੀਦੀ ਮਾਰਚ ਬਾਰੇ ਦੀਰਘ ਵਿਚਾਰਾਂ ਕਰਨ ਲਈ ਜਥੇਦਾਰ ਸੁੱਚਾ ਸਿੰਘ ਲੰਗਾਹ ਮੈਂਬਰ ਸ਼੍ਰੋਮਣੀ ਕਮੇਟੀ ਨਾਲ ਗੁਰਦੁਆਰਾ ਗੜ੍ਹੀ ਗੁਰਦਾਸ ਨੰਗਲ (ਗੁਰਦਾਸਪੁਰ) ਵਿਖੇ ਹੋਈ ਅਹਿਮ ਇਕੱਤਰਤਾ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਇਕੱਤਰਤਾ ’ਚ ਗੁਰਦੁਆਰਾ ਗੜ੍ਹੀ ਗੁਰਦਾਸ ਨੰਗਲ (ਗੁਰਦਾਸਪੁਰ) ਵਿਖੇ 20 ਮਈ ਨੂੰ ਹੋਣ ਵਾਲੇ ਮਹਾਨ ਗੁਰਮਤਿ ਸਮਾਗਮ ਸਬੰਧੀ ਵਿਚਾਰ ਚਰਚਾ ਕੀਤੀ ਗਈ ਜਿਸ ਵਿੱਚ ਰਾਗੀ, ਢਾਡੀ ਤੇ ਕਵੀਸ਼ਰ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਤੋਂ ਸੰਗਤਾਂ ਨੂੰ ਜਾਣੂੰ ਕਰਵਾਉਣਗੇ।ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦੀ ਮਾਰਚ 21 ਮਈ ਨੂੰ ਗੁਰਦੁਆਰਾ ਗੜ੍ਹੀ ਗੁਰਦਾਸ ਨੰਗਲ (ਗੁਰਦਾਸਪੁਰ) ਤੋਂ ਸ਼ੁਰੂ ਹੋਵੇਗਾ ਜੋ ਪੰਜਾਬ ਤੇ ਹਰਿਆਣਾ ਦੇ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਤੋਂ ਹੁੰਦਾ ਹੋਇਆ 29 ਮਈ ਨੂੰ ਮਹਿਰੌਲੀ (ਦਿੱਲੀ) ਵਿਖੇ ਸੰਪੰਨ ਹੋਵੇਗਾ।
ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਸ਼ਹੀਦੀ ਮਾਰਚ ਦੀ ਰੂਪ-ਰੇਖਾ ਤੇ ਸੰਗਤਾਂ ਨੂੰ ਜਾਣਕਾਰੀ ਦੇਣ ਹਿਤ 26 ਅਪ੍ਰੈਲ 2016 ਨੂੰ ਗੁਰਦੁਆਰਾ ਗੜ੍ਹੀ ਗੁਰਦਾਸ ਨੰਗਲ (ਗੁਰਦਾਸਪੁਰ) ਵਿਖੇ ਧਰਮ ਪ੍ਰਚਾਰ ਕਮੇਟੀ ਦੇ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਤੇ ਪਠਾਨਕੋਟ ਦੇ ਢਾਡੀ, ਕਵੀਸ਼ਰ, ਪ੍ਰਚਾਰਕ ਅਤੇ ਸਮੂਹ ਮੈਂਬਰ ਸਾਹਿਬਾਨਾਂ ਦੀ ਇਕੱਤਰਤਾ ਜਥੇਦਾਰ ਸੁੱਚਾ ਸਿੰਘ ਲੰਗਾਹ ਦੀ ਅਗਵਾਈ ਵਿੱਚ ਬੁਲਾਈ ਗਈ ਹੈ।
ਇਸ ਮੌਕੇ ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਜਗਜੀਤ ਸਿੰਘ ਮੀਤ ਸਕੱਤਰ ਤੇ ਸ. ਪਰਮਜੀਤ ਸਿੰਘ ਐਡੀਸ਼ਨਲ ਮੈਨੇਜਰ ਆਦਿ ਹਾਜ਼ਰ ਸਨ।