ਅੰਮ੍ਰਿਤਸਰ 23 ਅਪ੍ਰੈਲ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ‘ਚ ਸੂਬਾ ਖੈਬਰ ਪਖਤੂਨਵਾ ਦੇ ਸਿੱਖ ਮੰਤਰੀ ਡਾ. ਸੁਵਰਨ ਸਿੰਘ ਦੀ ਹੱਤਿਆ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਡਾ. ਸੁਵਰਨ ਸਿੰਘ ਰਾਜਨੀਤਕ ਤੇ ਸਮਾਜਿਕ ਵਰਕਰ ਹੋਣ ਦੇ ਨਾਲ-ਨਾਲ ਇਕ ਧਾਰਮਿਕ ਸਖਸ਼ੀਅਤ ਵੀ ਸਨ।ਉਨ੍ਹਾਂ ਕਿਹਾ ਕਿ ਉਹ ਇਸ ਤੋਂ ਪਹਿਲਾਂ ਦੋ ਵਾਰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੀ ਰਹਿ ਚੁੱਕੇ ਸਨ।ਉਨ੍ਹਾਂ ਕਿਹਾ ਕਿ ਜੋ ਲੋਕ ਬੇਦੋਸ਼ਿਆਂ ਦੀਆਂ ਹੱਤਿਆਵਾਂ ਕਰਦੇ ਹਨ ਉਨ੍ਹਾਂ ਦਾ ਕੋਈ ਦੀਨ ਧਰਮ ਨਹੀਂ ਹੁੰਦਾ ਬਲਕਿ ਉਨ੍ਹਾਂ ਦਾ ਮਕਸਦ ਦੇਸ਼ ਵਿੱਚ ਅਸ਼ਾਂਤੀ ਅਤੇ ਅਰਾਜਕਤਾ ਫੈਲਾਉਣਾ ਹੁੰਦਾ ਹੈ।
ਜਥੇਦਾਰ ਅਵਤਾਰ ਸਿੰਘ ਨੇ ਇਸ ਦੁੱਖਦਾਈ ਘਟਨਾ ਦੀ ਨਿੰਦਾ ਕਰਦਿਆਂ ਪਾਕਿਸਤਾਨ ਸਰਕਾਰ ਨੁੰ ਅਪੀਲ ਕੀਤੀ ਕਿ ਉਹ ਸਿੱਖਾਂ ‘ਤੇ ਹੋ ਰਹੇ ਅੱਤਵਾਦੀ ਹਮਲਿਆਂ ਨੁੰ ਠੱਲ੍ਹ ਪਾਉਣ ਲਈ ਕੋਈ ਠੋਸ ਕਦਮ ਪੁੱਟੇ ਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਵੇ।