ਅੰਮ੍ਰਿਤਸਰ 25 ਮਈ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਜਿਸਥਾਨ ਦੀ ਭਾਜਪਾ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਨੂੰ ਹਟਾ ਕੇ ਸੰਸਕ੍ਰਿਤ ਭਾਸ਼ਾ ਲਾਗੂ ਕੀਤੇ ਜਾਣ ਤੇ ਤਿੱਖੇ ਰੋਸ ਦਾ ਇਜ਼ਹਾਰ ਕੀਤਾ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਰਾਜਿਸਥਾਨ ਦੀ ਮੁੱਖ ਮੰਤਰੀ ਵਸੂਧਰਾ ਰਾਜੇ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪਹਿਲਾਂ ਦੀ ਤਰ੍ਹਾਂ ਹੀ ਰਾਜ ਅੰਦਰ ਪੰਜਾਬੀ ਭਾਸ਼ਾ ਦਾ ਦਰਜਾ ਬਹਾਲ ਰੱਖਿਆ ਜਾਵੇ।ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨਾਲ ਸਰਕਾਰੀ ਵਿਤਕਰੇਬਾਜ਼ੀ ਕਿਸੇ ਵੀ ਕੀਮਤ ‘ਤੇ ਜਾਇਜ਼ ਨਹੀਂ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾ ਸ੍ਰੀ ਕੇਜਰੀਵਾਲ ਦੀ ਸਰਕਾਰ ਨੇ ਪੰਜਾਬੀ ਭਾਸ਼ਾ ਨਾਲ ਵਿਤਕਰਾ ਕਰਕੇ ਧ੍ਰੋਹ ਕਮਾਇਆ ਹੈ ਤੇ ਹੁਣ ਭਾਜਪਾ ਸਰਕਾਰ ਵੱਲੋਂ ਉਸੇ ਹੀ ਤਰਜ਼ ਤੇ ਚੱਲਦਿਆਂ ਰਾਜਿਸਥਾਨ ਅੰਦਰ ਮਤਰੇਈ ਮਾਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਰਾਜਿਸਥਾਨ ਦੀ ਮੁੱਖ ਮੰਤਰੀ ਵਸੂਧਰਾ ਰਾਜੇ ਨੂੰ ਪੁਰਜ਼ੋਰ ਅਪੀਲ ਕਰਦਿਆ ਕਿਹਾ ਕਿ ਉਹ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਆਸਾਮੀਆਂ ਭਰਨ ਦੇ ਨਾਲ-ਨਾਲ ਸੰਸਕ੍ਰਿਤ ਭਾਸ਼ਾ ਦੀ ਥਾਂ ਪੰਜਾਬੀ ਨੂੰ ਪ੍ਰਮੁੱਖਤਾ ਦੇ ਆਧਾਰ ਤੇ ਲਾਗੂ ਕਰਵਾਉਣ।
ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀ ਭਾਸ਼ਾ ਨਾਲ ਪਿਆਰ ਕਰਨ ਵਾਲੇ ਪ੍ਰੇਮੀਆਂ ਵਿੱਚ ਕਾਫੀ ਰੋਹ ਤੇ ਰੋਸ ਪਾਇਆ ਜਾ ਰਿਹਾ ਹੈ ਇਸ ਲਈ ਭਾਜਪਾ ਸਰਕਾਰ ਪੰਜਾਬੀ ਭਾਸ਼ਾ ਨੂੰ ਹਟਾਉਣ ਦੇ ਫੈਸਲੇ ਨੂੰ ਤੁਰੰਤ ਵਾਪਸ ਲਵੇ ਤੇ ਪੂਰੀ ਸੁਹਿਰਦਤਾ ਨਾਲ ਇਸ ਨੂੰ ਬਣਦਾ ਮਾਣ ਸਤਿਕਾਰ ਦੇਵੇ।