ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅੱਜ ਹੋਵੇਗੀ ਇਕੱਤਰਤਾ
ਅੰਮ੍ਰਿਤਸਰ : 6 ਅਪ੍ਰੈਲ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਨੂੰ ਮੁਸਲਿਮ ਸਮਝ ਕੇ ਓਥੋਂ ਦੇ ਬਾਸ਼ਿੰਦਿਆਂ ਵੱਲੋਂ ਉਨ੍ਹਾਂ ਉੱਪਰ ਨਸਲੀ ਟਿੱਪਣੀਆਂ ਅਤੇ ਹਮਲੇ ਕਰਨ ਦੀਆਂ ਵਾਰਦਾਤਾਂ ਸਬੰਧੀ ੭ ਅਪ੍ਰੈਲ ੨੦੧੬ ਨੂੰ ੧੧ ਵਜੇ ਸਵੇਰੇ ਤੇਜਾ ਸਿੰਘ ਸਮੁੰਦਰੀ ਹਾਲ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵਿਖੇ ਇੱਕ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕੀਤਾ।ਸ. ਬੇਦੀ ਨੇ ਜਥੇਦਾਰ ਅਵਤਾਰ ਸਿੰਘ ਵੱਲੋਂ ਹਵਾਲਾ ਦੇਂਦਿਆਂ ਦੱਸਿਆ ਕਿ ਵਿਦੇਸ਼ੀ ਸਿੱਖਾਂ ਨੂੰ ਆਏ ਦਿਨ ਨਸਲੀ ਹਮਲਿਆਂ ਵਰਗੀਆਂ ਵਾਰਦਾਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜੋ ਰੁਕਣ ਦਾ ਨਾਮ ਹੀ ਨਹੀਂ ਲੈਂਦੀਆ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਥੇਦਾਰ ਅਵਤਾਰ ਸਿੰਘ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪਰਦਾਵਾਂ, ਵਿਦਿਅਕ ਅਦਾਰਿਆਂ (ਕਾਲਜਾਂ) ਦੇ ਪ੍ਰਿੰਸੀਪਲਾਂ ਅਤੇ ਸਿੱਖ ਧਾਰਮਿਕ ਜਥੇਬੰਦੀਆਂ ਨੂੰ ਆਪਣੇ-ਆਪਣੇ ਸੁਝਾਅ ਦੇਣ ਲਈ ਸੱਦਾ-ਪੱਤਰ ਭੇਜੇ ਗਏ ਹਨ ਤਾਂ ਜੋ ਸਿੱਖਾਂ ਨੂੰ ਵਿਦੇਸਾਂ ਵਿੱਚ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਦਾ ਆਪਸੀ ਵਿਚਾਰ-ਵਟਾਂਦਰੇ ਰਾਹੀਂ ਕੋਈ ਸਾਰਥਿਕ ਹੱਲ ਲੱਭਿਆ ਜਾ ਸਕੇ।