ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ : 21 ਅਪ੍ਰੈਲ ( ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਰੀਸਰਚ ਬੋਰਡ ਲਈ ਵਿਦਵਾਨਾਂ ਤੇ ਅਧਾਰਿਤ ਸਲਾਹਕਾਰ ਸਬ-ਕਮੇਟੀ ਬਣਾਈ ਗਈ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਇਸ ਸਬ-ਕਮੇਟੀ ਵਿੱਚ ਡਾ: ਕਿਰਪਾਲ ਸਿੰਘ ਚੰਡੀਗੜ੍ਹ, ਡਾ: ਪ੍ਰਿਥੀਪਾਲ ਸਿੰਘ ਕਪੂਰ, ਲੁਧਿਆਣਾ, ਪ੍ਰੋ: ਬਲਕਾਰ ਸਿੰਘ ਪੰਜਾਬੀ ਯੂਨੀਵਰਸਿਟੀ, ਪਟਿਆਲਾ, ਡਾ: ਬਲਵੰਤ ਸਿੰਘ ਢਿੱਲੋਂ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਡਾ: ਹਰਚੰਦ ਸਿੰਘ ਬੇਦੀ ਸਾਬਕਾ ਮੁਖੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਡਾ: ਸਰਬਜਿੰਦਰ ਸਿੰਘ ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਡਾ: ਇੰਦਰਜੀਤ ਸਿੰਘ ਗੋਗੋਆਣੀ, ਖਾਲਸਾ ਕਾਲਜ, ਅੰਮ੍ਰਿਤਸਰ ਨੂੰ ਸਲਾਹਕਾਰ ਮੈਂਬਰ ਵਜੋਂ ਸ਼ਾਮਿਲ ਕੀਤਾ ਹੈ ਅਤੇ ਕੋ-ਆਰਡੀਨੇਟਰ ਸਬੰਧਤ ਵਿਭਾਗ ਦੇ ਵਧੀਕ ਸਕੱਤਰ ਹੋਣਗੇ।
ਸ. ਬੇਦੀ ਨੇ ਕਿਹਾ ਕਿ ਇਨ੍ਹਾਂ ਵਿਦਵਾਨਾਂ ਤੇ ਅਧਾਰਿਤ ਸਲਾਹਕਾਰ ਸਬ-ਕਮੇਟੀ ਸਿੱਖ ਇਤਿਹਾਸ ਰੀਸਰਚ ਬੋਰਡ ਨੂੰ ਨਵੀਆਂ ਦਿਸ਼ਾਵਾਂ ਦੇਣ ਲਈ ਖੋਜ ਕਾਰਜ ਕਰੇਗੀ।ਉਨ੍ਹਾਂ ਕਿਹਾ ਕਿ ਇਸ ਸਬ-ਕਮੇਟੀ ਵੱਲੋਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਸਕਾਲਰਾਂ ਪਾਸੋਂ ਵਿਧੀਵਤ ਢੰਗ ਨਾਲ ਖੋਜ ਕਾਰਜ ਕਰਵਾਉਣ ਲਈ ਆਪਣੇ ਕੀਮਤੀ ਸੁਝਾਅ ਪੇਸ਼ ਕਰੇਗੀ, ਜਿਸ ਦੇ ਅੰਤਰਗਤ ਖੋਜ ਕਾਰਜਾਂ ਨੂੰ ਅੰਜਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਇਲਾਵਾ ਪ੍ਰਸਿੱਧ ਇਤਿਹਾਸਕਾਰਾਂ ਅਤੇ ਗੁਰਬਾਣੀ ਟੀਕਾਕਾਰਾਂ ਦੀਆਂ ਉਹ ਪੁਸਤਕਾਂ ਜੋ ਉਪਲਬੱਧ ਨਹੀਂ ਜਾਂ ਜਿਨ੍ਹਾਂ ਦੀ ਪ੍ਰਕਾਸ਼ਨਾ ਨਹੀਂ ਹੋ ਰਹੀ ਉਨ੍ਹਾਂ ਨੂੰ ਦੁਬਾਰਾ ਪ੍ਰਕਾਸ਼ਿਤ ਕੀਤੇ ਜਾਣ ਬਾਰੇ ਵੀ ਸਬ-ਕਮੇਟੀ ਤੋਂ ਰਾਇ ਲਈ ਜਾਵੇਗੀ।