ਅੰਮ੍ਰਿਤਸਰ 6 ਅਗਸਤ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਪੁਸ਼ਪ ਕਮਲ ਦਾਹਲ ਪ੍ਰਚੰਡ ਨੂੰ ਆਪਣੇ ਸੱਤ ਸਾਲਾ ਦੇ ਕਾਰਜਕਾਲ ਦੌਰਾਨ ਦੂਜੀ ਵਾਰ ਨੇਪਾਲ ਦਾ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੰਦਿਆਂ ਪੱਤਰ ਲਿਖਿਆ।
ਆਪਣੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਹੋਣ ਦੇ ਨਾਤੇ ਮੈਂ ਤੁਹਾਨੂੰ ਆਪਣੀਆਂ ਦਿਲ ਦੀਆਂ ਗਹਿਰਾਈਆਂ ਤੋਂ ਨੇਪਾਲ ਦਾ ਪ੍ਰਧਾਨ ਮੰਤਰੀ ਬਣਨ ‘ਤੇ ਮੁਬਾਰਕਬਾਦ ਦਿੰਦਾ ਹਾਂ।ਉਨ੍ਹਾਂ ਕਿਹਾ ਕਿ ਇਸ ਅਵਸਰ ਤੇ ਮੈਂ ਤੁਹਾਨੂੰ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਦਾ ਸੱਦਾ ਦਿੰਦਾ ਹਾਂ।ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਪਰਮਾਤਮਾ ਤੋਂ ਤੁਹਾਡੀ ਹਰ ਸਫਲਤਾ ਦੀ ਅਰਦਾਸ ਕਰਦਾ ਹਾਂ।ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਜੋ ਵਿਸ਼ਵਾਸ਼ ਤੁਹਾਡੇ ਦੇਸ਼ ਦੇ ਲੋਕਾਂ ਨੇ ਦਿਖਾਇਆ ਹੈ ਤੁਸੀਂ ਉਸ ਤੋਂ ਪ੍ਰੇਰਨਾ ਲੈ ਕੇ ਉਨ੍ਹਾਂ ਦੇ ਸਰਵਪੱਖੀ ਵਿਕਾਸ, ਖੁਸ਼ਹਾਲੀ ਤੇ ਸੁਰੱਖਿਆ ਲਈ ਅਹਿਮ ਭੂਮਿਕਾ ਨਿਭਾਉਣ ਵਿੱਚ ਕਾਰਗਰ ਸਾਬਤ ਹੋਵੋਗੇ।
ਆਪਣੇ ਪੱਤਰ ਵਿੱਚ ਉਨ੍ਹਾਂ ਨੇਪਾਲ ਦੇ ਪ੍ਰਧਾਨ ਮੰਤਰੀ ਨੂੰ ਇਹ ਵੀ ਦੱਸਿਆ ਕਿ ਸ.ਪ੍ਰੀਤਮ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਾਠਮੰਡੂ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ।ਉਨ੍ਹਾਂ ਨੇਪਾਲ ਦੇ ਪ੍ਰਧਾਨ ਮੰਤਰੀ ਨੂੰ ਗੁਰਦੁਆਰਾ ਸਾਹਿਬ ਲਈ ਹਰ ਸੰਭਵ ਸਹਾਇਤਾ ਅਤੇ ਸਿੱਖ ਭਾਈਚਾਰੇ ਨਾਲ ਸਬੰਧਿਤ ਮਾਮਲਿਆਂ ਵਿੱਚ ਸਹਿਯੋਗ ਦੇਣ ਦੀ ਬੇਨਤੀ ਵੀ ਕੀਤੀ।