ਅੰਮ੍ਰਿਤਸਰ : 3 ਜੂਨ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 6 ਜੂਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 84 ਦੇ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਮਾਗਮ ਵਿੱਚ ਸ਼ਾਮਿਲ ਹੋਣ ਵਾਲੀਆਂ ਸਿੱਖ ਸੰਗਤਾਂ ਤੇ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਇਸ ਦਿਨ ਗੁਰਬਾਣੀ ਦਾ ਜਾਪ ਕਰਦਿਆਂ ਕੌਮ ਦੇ ਸ਼ਹਦਾਂ ਨੁੰ ਸ਼ਰਧਾ ਤੇ ਸਤਿਕਾਰ ਭੇਟ ਕਰਨ।
ਉਨ੍ਹਾਂ ਕਿਹਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਸਿੱਖਾਂ ਦਾ ਕੇਂਦਰੀ ਧਾਰਮਿਕ ਅਸਥਾਨ ਹੈ, ਓਥੇ ਹੀ ਸਮੁੱਚੀ ਮਨੁੱਖਤਾ ਲਈ ਆਤਮਿਕ ਤ੍ਰਿਪਤੀ ਦਾ ਕੇਂਦਰ ਵੀ ਹੈ। ਉਨ੍ਹਾ ਕਿਹਾ ਕਿ ਸਮੇਂ-ਸਮੇਂ ਤੇ ਮਨੁੱਖਤਾ ਦੇ ਦੁਸ਼ਮਣਾ ਵੱਲੋਂ ਇਸ ਅੰਮ੍ਰਿਤਮਈ ਅਸਥਾਨ ਨੂੰ ਢਹਿ ਢੇਰੀ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਗਈਆਂ। 1984 ਵਿੱਚ ਵੀ ਸਮੇਂ ਦੀ ਭਾਰਤੀ ਹਕੂਮਤ ਵੱਲੋਂ ਇਸ ‘ਤੇ ਗੋਲੀਆਂ ਦਾ ਮੀਂਹ ਵਰ੍ਹਾਇਆ ਗਿਆ ਅਤੇ ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ-ਢੇਰੀ ਕਰ ਦਿੱਤਾ ਗਿਆ। ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ-ਦੀਦਾਰੇ ਕਰਨ ਵੱਡੀ ਗਿਣਤੀ ਵਿੱਚ ਪੁੱਜੀਆਂ ਬੇਦੋਸ਼ੀਆਂ ਸੰਗਤਾਂ ਨੂੰ ਵੀ ਨਾ ਬਖਸ਼ਿਆ ਗਿਆ। ਇਹ ਸਿੱਖ ਕੌਮ ਲਈ ਵੱਡਾ ਦੁਖਾਂਤ ਸੀ। ਉਨ੍ਹਾਂ ਕਿਹਾ ਕਿ ਇਸ ਘੱਲੂਘਾਰੇ ਸਮੇਂ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ, ਭਾਈ ਅਮਰੀਕ ਸਿੰਘ ਤੇ ਜਨਰਲ ਸੁਬੇਗ ਸਿੰਘ ਸਮੇਤ ਅਨੇਕਾਂ ਸ਼ਹੀਦ ਸਿੰਘ ਸਿੰਘਣੀਆਂ ਤੇ ਬੱਚਿਆਂ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾਂਜਲੀ ਸਮਾਗਮ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਸੰਗਤਾਂ ਤੇ ਸਮੂਹ ਜਥੇਬੰਦੀਆਂ ਨੂੰ ਇਹ ਅਪੀਲ ਹੈ ਕਿ ਇਸ ਸ਼ਹੀਦੀ ਸਮਾਗਮ ਸਮੇਂ ਕੋਈ ਵੀ ਭੜਕਾਊ ਬਿਆਨਬਾਜੀ, ਨਾਹਰੇਬਾਜੀ ਜਾਂ ਕੋਈ ਅਜਿਹੀ ਹਰਕਤ ਨਾ ਕੀਤੀ ਜਾਵੇ, ਜਿਸ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਅਤੇ ਸਮੁੱਚੇ ਵਿਸ਼ਵ ਵਿੱਚ ਵਸਦੇ ਸਿੱਖਾ ਦੇ ਅਕਸ ਨੂੰ ਠੇਸ ਪਹੁੰਚੇ।