ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਸਮੁੰਦਰੀ ਹਾਲ ਦੀ ਸੇਵਾ
ਅੰਮ੍ਰਿਤਸਰ : ੨ ਜੁਲਾਈ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੀ ਪਾਰਲੀਮੈਂਟ ਤੇਜਾ ਸਿੰਘ ਸਮੁੰਦਰੀ ਹਾਲ ਦੀ ਮੁਰੰਮਤ ਤੇ ਰੰਗਰੋਗਨ ਦਾ ਰਸਮੀ ਤੌਰ ਤੇ ਉਦਘਾਟਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ੧੯੩੭ ਵਿੱਚ ਬਣੀ ਸਿੱਖਾਂ ਦੀ ਪਾਰਲੀਮੈਂਟ ਕਹੀ ਜਾਣ ਵਾਲੀ ਇਸ ਇਤਿਹਾਸਕ ਇਮਾਰਤ ਦਾ ਨਾਮ ਗੁਰਦੁਆਰਾ ਸੁਧਾਰ ਲਹਿਰ ਦੇ ਆਗੂ ਸ੍ਰ: ਤੇਜਾ ਸਿੰਘ ਸਮੁੰਦਰੀ ਦੇ ਨਾਮ ਤੇ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ੧੯੮੪ ਦੇ ਬਲਿਊ ਸਟਾਰ ਅਪਰੇਸ਼ਨ ਵੇਲੇ ਸਮੇਂ ਦੀ ਜ਼ਾਲਮ ਸਰਕਾਰ ਵੱਲੋਂ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨੇਸਤੋਨਾਬੂਦ ਕਰਨ ਦੀ ਕੋਝੀ ਚਾਲ ਚੱਲੀ ਗਈ ਓਥੇ ਸਿੱਖਾਂ ਦੀ ਪਾਰਲੀਮੈਂਟ ਕਹਾਉਣ ਵਾਲੀ ਇਤਿਹਾਸਕ ਇਮਾਰਤ ਤੇਜਾ ਸਿੰਘ ਸਮੁੰਦਰੀ ਹਾਲ ਤੇ ਵੀ ਅੰਧਾ ਧੁੰਦ ਫਾਇਰਿੰਗ ਕਰਕੇ ਇਸ ਨੂੰ ਨੁਕਸਾਨ ਪਹੁੰਚਾਇਆ ਗਿਆ। ਉਨ੍ਹਾਂ ਕਿਹਾ ਕਿ ੧੯੮੪ ਵਿੱਚ ਵਾਪਰੇ ਸਾਕਾ ਨੀਲਾ ਤਾਰਾ ਸਮੇਂ ਫੌਜ ਵੱਲੋਂ ਕੀਤੀ ਤਬਾਹੀ ਨਾਲ ਇਸ ਦੀ ਉਪਰਲੀ ਇਮਾਰਤ ਵਿੱਚ ਅੱਗ ਲੱਗ ਗਈ ਸੀ। ਇਸ ਵਿੱਚ ਰੱਖਿਆ ਸਮਾਨ ਤੇ ਰੀਕਾਰਡ ਵੀ ਨਸ਼ਟ ਹੋ ਗਿਆ ਸੀ। ਇਮਾਰਤ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਸੀ। ਉਨ੍ਹਾਂ ਕਿਹਾ ਕਿ ਉਸ ਵੇਲੇ ਤੋਂ ਲੈ ਕੇ ਹੁਣ ਤੱਕ ਇਮਾਰਤ ਦੀ ਨਾ ਤਾਂ ਲੋੜੀਂਦੀ ਮੁਰੰਮਤ ਕੀਤੀ ਗਈ ਤੇ ਨਾ ਹੀ ਰੰਗ ਰੋਗਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਮਾਰਤ ਦੀ ਹਾਲਤ ਖਸਤਾ ਹੋਣ ਕਾਰਣ ਇਸ ਦੀ ਮੁਰੰਮਤ ਦੇ ਨਾਲ-ਨਾਲ ਰੰਗ ਰੋਗਨ ਕੀਤਾ ਜਾਵੇਗਾ। ਫੌਜ ਵੱਲੋਂ ਕੀਤੀ ਫਾਇਰਿੰਗ ਸਮੇਂ ਇਸ ਇਮਾਰਤ ਤੇ ਲੱਗੇ ਗੋਲੀਆਂ ਦੇ ਨਿਸ਼ਾਨਾਂ ਨੂੰ ਸੁਰੱਖਿਅਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਤੇਜਾ ਸਿੰਘ ਸਮੁੰਦਰੀ ਹਾਲ ਦੀ ਇਮਾਰਤ ਦੀ ਕਾਰਸੇਵਾ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀ ਵੱਲੋਂ ਗੁਰੂ ਘਰਾਂ ਦੀ ਸੇਵਾ ਵਿੱਚ ਪਹਿਲਾਂ ਵੀ ਬਹੁਮੁੱਲਾ ਯੋਗਦਾਨ ਪਾਇਆ ਗਿਆ ਹੈ ਜੋ ਸ਼ਲਾਘਾ ਯੋਗ ਹੈ।ਉਨ੍ਹਾਂ ਦੀਆਂ ਵਡਮੁੱਲੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਤੇਜਾ ਸਿੰਘ ਸਮੁੰਦਰੀ ਹਾਲ ਦੀ ਸੇਵਾ ਸਿੱਖਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਹੈ।
ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਮੈਂ ਗੁਰੂ ਰਾਮਦਾਸ ਦੇ ਦਰ-ਘਰ ਦਾ ਨਿਮਾਣਾ ਜਿਹਾ ਸੇਵਕ ਹਾਂ ਤੇ ਉਨ੍ਹਾਂ ਵੱਲੋਂ ਬਖਸ਼ੀ ਗਈ ਸੇਵਾ ਉਹ ਆਪ ਹੀ ਕਰਵਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਧੰਨਤਾ ਯੋਗ ਹਾਂ ਕਿ ਗੁਰੂ ਸਾਹਿਬ ਮੇਰੇ ਅੰਗ-ਸੰਗ ਸਹਾਈ ਹੋ ਕੇ ਸੰਗਤਾਂ ਦੁਆਰਾ ਇਹ ਸੇਵਾ ਮੁਕੰਮਲ ਕਰਵਾ ਲੈਂਦੇ ਹਨ।
ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਜੀ ਭੂਰੀ ਵਾਲੇ, ਮਹੰਤ ਤੇਜਾ ਸਿੰਘ ਖੁੱਡਾ ਕੁਰਾਲੀ ਵਾਲੇ, ਬਾਬਾ ਗੁਰਨਾਮ ਸਿੰਘ, ਬਾਬਾ ਗੁਰਵਿੰਦਰ ਸਿੰਘ, ਬਾਬਾ ਫਤਿਹ ਸਿੰਘ, ਬਾਬਾ ਪ੍ਰੇਮ ਸਿੰਘ, ਭਾਈ ਅਮਰੀਕ ਸਿੰਘ ਤੇ ਭਾਈ ਬੀਰ ਸਿੰਘ, ਡਾ: ਰੂਪ ਸਿੰਘ ਸਕੱਤਰ, ਸ੍ਰ: ਦਿਲਜੀਤ ਸਿੰਘ ਬੇਦੀ, ਡਾ: ਪਰਮਜੀਤ ਸਿੰਘ ਸਰੋਆ, ਸ੍ਰ: ਮਹਿੰਦਰ ਆਹਲੀ, ਸ੍ਰ: ਕੇਵਲ ਸਿੰਘ, ਸ੍ਰ: ਪ੍ਰਤਾਪ ਸਿੰਘ ਵਧੀਕ ਸਕੱਤਰ, ਸ੍ਰ: ਪ੍ਰਮਜੀਤ ਸਿੰਘ ਮੁੰਡਾ ਪਿੰਡ ਨਿਜੀ ਸਹਾਇਕ, ਸ੍ਰ: ਸੁਲੱਖਣ ਸਿੰਘ ਤੇ ਸ੍ਰ: ਗੁਰਿੰਦਰ ਸਿੰਘ ਮੈਨੇਜਰ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ੍ਰ: ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ੍ਰ: ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ੍ਰ: ਹਰਪ੍ਰੀਤ ਸਿੰਘ ਵਧੀਕ ਮੈਨੇਜਰ, ਸ੍ਰ: ਲਖਬੀਰ ਸਿੰਘ ਮੀਤ ਮੈਨੇਜਰ, ਸ੍ਰ: ਰਾਮ ਸਿੰਘ ਸਾਬਕਾ ਮੀਤ ਸਕੱਤਰ, ਆਦਿ ਹਾਜ਼ਰ ਸਨ।