** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਕਰਕੇ ਦਿੱਤੀ ਸ਼ਰਧਾਜਲੀ

ਅੰਮ੍ਰਿਤਸਰ, 11 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਸਵਰਨ ਕੌਰ ਤੇੜਾ ਦੇ ਪਤੀ ਜਥੇਦਾਰ ਕੁਲਦੀਪ ਸਿੰਘ ਤੇੜਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਥੇਦਾਰ ਕੁਲਦੀਪ ਸਿੰਘ ਤੇੜਾ ਨਮਿਤ ਸ਼ੋਕ ਸਭਾ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਮੂਲ ਮੰਤਰ ਅਤੇ ਗੁਰ-ਮੰਤਰ ਦੇ ਜਾਪ ਕਰਕੇ ਅਰਦਾਸ ਕੀਤੀ ਗਈ। ਸ਼ੋਕ ਸਭਾ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਕੁਲਦੀਪ ਸਿੰਘ ਤੇੜਾ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਜਥੇਦਾਰ ਕੁਲਦੀਪ ਸਿੰਘ ਤੇੜਾ ਤਿਆਗੀ ਸੁਭਾਅ ਰੱਖਣ ਵਾਲੇ ਨੇਕਦਿਲ ਇਨਸਾਨ ਸਨ, ਜਿਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਨੇਹੀਆਂ ਨੂੰ ਵੱਡਾ ਘਾਟਾ ਪਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਥੇਦਾਰ ਕੁਲਦੀਪ ਸਿੰਘ ਤੇੜਾ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕੀਤੀ ਸ਼ੋਕ ਸਭਾ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਰਾਜਿੰਦਰ ਸਿੰਘ ਰੂਬੀ ਅਟਾਰੀ ਆਦਿ ਹਾਜ਼ਰ ਸਨ।