ਸੰਗਤਾਂ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਮਨਾਉਣ- ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 9 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਸਕੱਤਰੇਤ ਵਿਖੇ ਅੱਜ ਸੰਮਤ ਨਾਨਕਸ਼ਾਹੀ ੫੫੧ (੨੦੧੯-੨੦) ਦਾ ਕੈਲੰਡਰ ਜਾਰੀ ਕੀਤਾ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਗਿਆਨੀ ਰਾਜਿੰਦਰ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਨਾਨਕਸ਼ਾਹੀ ਕੈਲੰਡਰ ਜਾਰੀ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਇਸ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਗੁਰਪੁਰਬ ਅਤੇ ਇਤਿਹਾਸਕ ਦਿਹਾੜੇ ਮਨਾਉਣ ਲਈ ਕਿਹਾ। ਉਨ੍ਹਾਂ ਆਖਿਆ ਕਿ ਇਹ ਨਾਨਕਸ਼ਾਹੀ ਕੈਲੰਡਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਹੈ ਅਤੇ ਸਮੁੱਚੇ ਸਿੱਖ ਜਗਤ ਦਾ ਫਰਜ ਹੈ ਕਿ ਇਸ ਇਤਿਹਾਸਕ ਮੌਕੇ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਉਣ ਲਈ ਸਾਂਝੇ ਯਤਨ ਕਰਦਿਆਂ ਗੁਰੂ ਸਾਹਿਬ ਦੇ ਫਲਸਫੇ ਅਤੇ ਉਨ੍ਹਾਂ ਦੇ ਜੀਵਨ ਇਤਿਹਾਸ ਨੂੰ ਵੱਧ ਤੋਂ ਵੱਧ ਪ੍ਰਚਾਰਨ ਲਈ ਯਤਨ ਕੀਤੇ ਜਾਣ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਗਏ ਅਗਲੇ ਵਰ੍ਹੇ ਦੇ ਨਾਨਕਸ਼ਾਹੀ ਕੈਲੰਡਰ ਲਈ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਨਾਨਕਸ਼ਾਹੀ ਕੈਲੰਡਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਾਨਕਸ਼ਾਹੀ ਕੈਲੰਡਰ ਦੇ ਅਧਾਰਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਡਾਇਰੀ ਵੀ ਤਿਆਰ ਕੀਤੀ ਜਾ ਰਹੀ ਹੈ। ਇਸ ਮੌਕੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਖਵਰਸ਼ ਸਿੰਘ ਪੰਨੂ, ਭਾਈ ਦਿਲਬਾਗ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਪਰਮਜੀਤ ਸਿੰਘ ਸਰੋਆ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਸ. ਗੁਰਬਚਨ ਸਿੰਘ ਲੇਹਲ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਰਾਜਿੰਦਰ ਸਿੰਘ, ਸ. ਜਸਪਾਲ ਸਿੰਘ ਢੱਡੇ ਆਦਿ ਹਾਜ਼ਰ ਸਨ।