ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਘੱਲੂਘਾਰਾ ਦਿਵਸ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕੌਮੀ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਮਨਾਉਣ ਲਈ ਗੱਲਬਾਤ ਕੀਤੀ -ਪ੍ਰੋ: ਕਿਰਪਾਲ ਸਿੰਘ ਬਡੂੰਗਰ

ਅੰਮ੍ਰਿਤਸਰ, 5 ਜੂਨ-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ੬ ਜੂਨ ਦਾ ਘੱਲੂਘਾਰਾ ਦਿਵਸ ਸ਼ਾਂਤੀਪੂਰਵਕ ਢੰਗ ਨਾਲ ਮਨਾਉਣ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ ਹਨ ਅਤੇ ਸਭ ਪਾਸੋਂ ਹਾਂ-ਪੱਖੀ ਹੁੰਗਾਰਾ ਮਿਲਿਆ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸ਼੍ਰੋਮਣੀ ਕਮੇਟੀ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜੂਨ ੧੯੮੪ ਵਿਚ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਆਈਆਂ ਸੰਗਤਾਂ ਨੂੰ ਸਮੇਂ ਦੀ ਸਰਕਾਰ ਨੇ ਟੈਂਕਾਂ, ਤੋਪਾਂ ਨਾਲ ਹਮਲਾ ਕਰਕੇ ਸ਼ਹੀਦ ਕੀਤਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ-ਢੇਰੀ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ੬ ਜੂਨ ੧੯੮੪ ਵਿਚ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਵਿਚ ੨੦ ਫਰਵਰੀ ੨੦੦੨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਕਰਾਉਣ ਦਾ ਫੈਸਲਾ ਕੀਤਾ ਗਿਆ ਸੀ। ਉਪਰੰਤ ਸ਼ਹੀਦੀ ਸਮਾਗਮ ੬ ਜੂਨ ੨੦੦੩ ਤੋਂ ਕਰਵਾਉਣਾ ਸ਼ੁਰੂ ਹੋਇਆ ਜੋ ਹੁਣ ਤੀਕ ਜਾਰੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰ ਕੇ ਇਹ ਦਿਹਾੜਾ ਪਾਰਟੀਬਾਜ਼ੀ ਅਤੇ ਬਿਆਨਬਾਜ਼ੀ ਤੋਂ ਉਪਰ ਉਠ ਕੇ ਕੌਮੀ ਇੱਕਜੁਟਤਾ ਨਾਲ ਮਨਾਉਣ ਲਈ ਗੱਲਬਾਤ ਕੀਤੀ ਗਈ ਹੈ ਅਤੇ ਸਭ ਜਥੇਬੰਦੀਆਂ ਨੇ ਹਾਂ-ਪੱਖੀ ਪ੍ਰਗਟਾਵਾ ਕੀਤਾ ਹੈ। ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਘੱਲੂਘਾਰੇ ਮੌਕੇ ਰਿਵਾਇਤ ਅਨੁਸਾਰ  ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਿੱਖ ਸੰਗਤ ਦੇ ਨਾਮ ਸੰਦੇਸ਼ ਦੇਣਗੇ। ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਕਾਨੂੰਨੀ ਵਿਵਸਥਾ ਨੂੰ ਬਣਾਈ ਰੱਖਣਾ ਸਰਕਾਰ ਦੀ  ਜ਼ਿੰਮੇਵਾਰੀ ਹੈ ਤਾਂ ਜੋ ਕੋਈ ਅਣ-ਸੁਖਾਵੀਂ ਘਟਨਾ ਨਾ ਵਾਪਰ ਸਕੇ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਵੱਲੋਂ ਵੱਖਰੀ ਸ਼ਹੀਦੀ ਗੈਲਰੀ ਬਣਾਉਣ ਦੀ ਕੀਤੀ ਮੰਗ ਬਾਰੇ ਅੰਤ੍ਰਿੰਗ ਕਮੇਟੀ ਵਿਚ ਵਿਚਾਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਇਕ ਵਾਰ ਫੇਰ ਸਮੁੱਚੀ ਸਿੱਖ ਕੌਮ ਨੂੰ ਅਪੀਲ ਕਰਦਿਆਂ ਕਿਹਾ ਕਿ ੧੯੮੪ ਦੇ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਜਾ ਰਹੇ ਸਮਾਗਮ ਵਿਚ ਕੌਮੀ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਸ਼ਾਂਤੀਪੂਰਵਕ ਢੰਗ ਨਾਲ ਸ਼ਰਧਾ ਤੇ ਸਤਿਕਾਰ ਭੇਟ ਕਰੀਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਤੇ ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਰਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਮੈਂਬਰ ਸ. ਅਜੈਬ ਸਿੰਘ ਅਭਿਆਸੀ, ਮੁੱਖ ਸਕੱਤਰ ਸ. ਹਰਚਰਨ ਸਿੰਘ, ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਹਾਜ਼ਰ ਸਨ।