ਸ਼ਹੀਦੀ ਗੈਲਰੀ ਤੋਂ ਆਉਣ ਵਾਲੀਆਂ ਪੀੜੀਆਂ ਪ੍ਰੇਰਨਾ ਲੈਣਗੀਆਂ –ਪ੍ਰੋ: ਬਡੂੰਗਰ
ਜਦ ਤਕ ਸਿੱਖ ਕੌਮ ਨੂੰ ਇਨਸਾਫ ਨਹੀਂ ਮਿਲਦਾ ਰੋਸ ਸ਼ਾਂਤ ਨਹੀਂ ਹੋਵੇਗਾ –ਬਾਬਾ ਹਰਨਾਮ ਸਿੰਘ ਖਾਲਸਾ
ਅੰਮ੍ਰਿਤਸਰ, 6 ਜੁਲਾਈ- ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਜੂਨ ’84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਬਣਾਈ ਜਾਣ ਵਾਲੀ ਸ਼ਹੀਦੀ ਗੈਲਰੀ ਦੀ ਕਾਰਸੇਵਾ ਦੀ ਆਰੰਭਤਾ ਅੱਜ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਗੁਰਮਤਿ ਸਮਾਗਮ ਸਜਾਏ ਗਏ ਅਤੇ ਆਰੰਭਤਾ ਦੀ ਅਰਦਾਸ ਭਾਈ ਰਾਜਦੀਪ ਸਿੰਘ ਵੱਲੋਂ ਕੀਤੀ ਗਈ। ਉਪਰੰਤ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ, ਦਿੱਲੀ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿੱਲ੍ਹਾਂ ਲਿਆ ਕੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਉਸਾਰੇ ਗਏ ਗੁਰਦੁਆਰਾ ਯਾਦਗਾਰ ਸ਼ਹੀਦਾਂ ਦੀ ਬੇਸਮੈਂਟ ਵਿਖੇ ਸਾਂਝੇ ਤੌਰ ‘ਤੇ ਸੁਸ਼ੋਭਿਤ ਕੀਤੀਆਂ ਗਈਆਂ। ਇਸ ਤੋਂ ਪਹਿਲਾਂ ਗੁਰਦੁਆਰਾ ਯਾਦਗਾਰ ਸ਼ਹੀਦਾਂ ਵਿਖੇ ਜੂਨ ’84 ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅਖੰਡਪਾਠਾਂ ਦੀ ਲੜੀ ਸ਼ੁਰੂ ਕਰਦਿਆਂ ਅੱਜ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਯਾਦ ਵਿਚ ਅਖੰਡਪਾਠ ਸਾਹਿਬ ਆਰੰਭ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਆਖਿਆ ਕਿ ਜੂਨ 1984 ਵਿਚ ਵਾਪਰਿਆ ਘੱਲੂਘਾਰਾ ਸਿੱਖ ਕੌਮ ਦੀ ਮਾਨਸਿਕਤਾ ਵਿਚ ਕਦੇ ਨਾ ਭੁੱਲਣਯੋਗ ਸਾਕਾ ਹੈ। ਉਨ੍ਹਾਂ ਦਮਦਮੀ ਟਕਸਾਲ ਵੱਲੋਂ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਜੂਨ ’84 ਦੀ ਯਾਦਗਾਰ ਨੂੰ ਥੋੜ੍ਹੇ ਸਮੇਂ ਵਿਚ ਹੀ ਮੁਕੰਮਲ ਕਰਕੇ ਕੌਮ ਨੂੰ ਸਮਰਪਿਤ ਕਰਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਯਾਦਗਾਰ ਉਪਰੰਤ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਸ਼ਹੀਦੀ ਗੈਲਰੀ ਉਸਾਰਨ ਸਬੰਧੀ ਕੀਤੀ ਗਈ ਮੰਗ ਨੂੰ ਅੰਤ੍ਰਿੰਗ ਕਮੇਟੀ ਵੱਲੋਂ ਗੰਭੀਰਤਾ ਨਾਲ ਵਿਚਾਰਨ ਉਪਰੰਤ ਇਸਦੇ ਨਿਰਮਾਣ ਦਾ ਫੈਸਲਾ ਕੀਤਾ ਅਤੇ ਇਸਦੀ ਸੇਵਾ ਵੀ ਦਮਦਮੀ ਟਕਸਾਲ ਨੂੰ ਸੌਂਪੀ ਗਈ। ਉਨ੍ਹਾਂ ਕਿਹਾ ਕਿ ਯਾਦਗਾਰਾਂ ਕੌਮ ਦਾ ਸਰਮਾਇਆ ਹਨ ਅਤੇ ਇਤਿਹਾਸ ਦੀ ਪੇਸ਼ਕਾਰੀ ਕਰਦੀਆਂ ਹਨ।ਪ੍ਰੋ: ਬਡੂੰਗਰ ਨੇ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਆਪਣੇ ਅਤੀਤ ਨੂੰ ਜਾਨਣ ਲਈ ਅਜਿਹੀਆਂ ਯਾਦਗਾਰਾਂ ਤੋਂ ਪ੍ਰੇਰਨਾ ਲੈਂਦੀਆਂ ਹਨ। ਉਨ੍ਹਾਂ ਕਿਹਾ ਕਿ ਯਾਦਗਾਰ ਦੇ ਬਣਨ ਨਾਲ ਸ਼ਹੀਦ ਪਰਿਵਾਰਾਂ ਦੇ ਤਪਦੇ ਹਿਰਦੇ ਸ਼ਾਂਤ ਹੋਏ ਹਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦੀ ਗੈਲਰੀ ਸਬੰਧੀ ਦਿੱਤੇ ਜਾ ਰਹੇ ਵਿਵਾਦਤ ਬਿਆਨ ਸਬੰਧੀ ਕਿਹਾ ਕਿ ਕੈਪਟਨ ਨੂੰ ਅਮਨ ਸ਼ਾਂਤੀ ਪ੍ਰਤੀ ਚਿੰਤਾ ਨਹੀਂ ਕਰਨੀ ਚਾਹੀਦੀ ਸਗੋਂ ਕਾਂਗਰਸ ਵੱਲੋਂ ਨਿਰਦੋਸ਼ ਸਿੰਘਾਂ, ਸਿੰਘਣੀਆਂ ਨੂੰ ਕੀਤੇ ਗਏ ਕਤਲ ਪ੍ਰਤੀ ਇਨਸਾਫ ਦਿਵਾਉਣ ਪ੍ਰਤੀ ਚਿੰਤਾ ਹੋਣੀ ਚਾਹੀਦੀ ਹੈ।
ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ਼ਹੀਦੀ ਗੈਲਰੀ ਸਬੰਧੀ ਇਤਿਹਾਸਕ ਫੈਸਲਾ ਲੈਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰਾਂ ਅਤੇ ਸਿੱਖ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸ਼ਹੀਦੀ ਗੈਲਰੀ ਦੀ ਮੰਗ ਸਮੁੱਚੀ ਕੌਮ ਦੀਆਂ ਭਾਵਨਾਵਾਂ ਨੂੰ ਮੱਦੇਨਜ਼ਰ ਰੱਖ ਕੇ ਕੀਤੀ ਗਈ। ਉਨ੍ਹਾਂ ਕਿਹਾ ਕਿ ਸ਼ਹੀਦੀ ਗੈਲਰੀ ਵਿਚ ਘੱਲੂਘਾਰੇ ਦੌਰਾਨ ਧਰਮ ਦੀ ਰੱਖਿਆ ਲਈ ਮਹਾਨ ਸ਼ਹਾਦਤਾਂ ਦੇਣ ਵਾਲੇ ਸੰਤ ਜਰਨੈਲ ਸਿੰਘ ਖਾਲਸਾ ਤੇ ਉਨ੍ਹਾਂ ਦੇ ਸਾਥੀਆਂ ਤੇ ਨਿਰਦੋਸ਼ ਸਿੰਘਾਂ ਸਿੰਘਣੀਆਂ ਦੀਆਂ ਸੁੰਦਰ ਤਸਵੀਰਾਂ ਲਗਾਈਆਂ ਜਾਣਗੀਆਂ ਅਤੇ ਇਸ ਪ੍ਰਤੀ ਇਤਿਹਾਸ ਪੱਖਾਂ ਨੂੰ ਆਧੁਨਿਕ ਤਰੀਕੇ ਨਾਲ ਦਰਸਾਉਣ ਲਈ ਮਾਹਿਰਾਂ ਦੀਆਂ ਸੇਵਾਵਾਂ ਹਾਸਲ ਕਰਦਿਆਂ ਸ਼ਹੀਦੀ ਗੈਲਰੀ ਦੇ ਕਾਰਜ ਨੂੰ ਜਲਦੀ ਤੋਂ ਜਲਦੀ ਸੰਪੰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦੀ ਗੈਲਰੀ ਆਉਣ ਵਾਲੀਆਂ ਪੀੜੀਆਂ ਲਈ ਪ੍ਰੇਰਨਾ ਸਰੋਤ ਬਣੇਗੀ ਅਤੇ ਇਥੋਂ ਕੌਮੀ ਜਜ਼ਬਾ ਹਾਸਲ ਕਰਨਗੀਆਂ।
ਦਮਦਮੀ ਟਕਸਾਲ ਦੇ ਮੁਖੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦੀ ਗੈਲਰੀ ਸਬੰਧੀ ਜਤਾਏ ਗਏ ਇਤਰਾਜ਼ ਨੂੰ ਦਰਕਿਨਾਰ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਜਦੋਂ ਵੀ ਹਕੂਮਤ ਆਈ ਇਨ੍ਹਾਂ ਨੇ ਪੰਜਾਬ ਦੇ ਲੋਕਾਂ ਉਪਰ ਅੱਤਿਆਚਾਰ ਕੀਤੇ ਹਨ। ਸ੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲਾ ਕਰਨ ਵਾਲੀ ਕਾਂਗਰਸ ਅਤੇ ਉਸਦੇ ਆਗੂਆਂ ਵੱਲੋਂ ਪੰਥ ਦੇ ਭਲੇ ਦੀ ਆਸ ਨਹੀਂ ਰੱਖਦੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦਾ ਇਲਜ਼ਾਮ ਬੇਹੂਦਾ ਹੈ। ਉਨ੍ਹਾਂ ਕਿਹਾ ਕਿ 2012 ਵਿਚ ਕਾਂਗਰਸ ਵੱਲੋਂ ਸ਼ਹੀਦੀ ਯਾਦਗਾਰ ਦੀ ਉਸਾਰੀ ਪ੍ਰਤੀ ਅਜਿਹਾ ਪ੍ਰਾਪੇਗੰਡਾ ਖੜ੍ਹਾ ਕੀਤਾ ਗਿਆ ਪਰ ਕੌਮ ਨੇ ਸ਼ਹੀਦੀ ਯਾਦਗਾਰ ਬਣਾਈ ਅਤੇ ਪੰਜਾਬ ਦੀ ਸ਼ਾਂਤੀ ਬਣਾਈ ਰੱਖ ਵਿਚ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਕਾਂਗਰਸ ਦੀਆਂ ਸਰਕਾਰਾਂ ਨੇ ਹਜ਼ਾਰਾਂ ਸਿੰਘਾਂ ਨੂੰ ਸ਼ਹੀਦ ਕੀਤਾ। ਜ਼ੇਲ੍ਹਾਂ ਵਿਚ ਧੱਕਿਆ, ਅੱਜ ਤਕ ਨਜ਼ਰਬੰਦ ਕੀਤੇ ਗਏ, ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਜਦ ਤਕ ਸਿੱਖ ਕੌਮ ਨੂੰ ਇਨਸਾਫ ਨਹੀਂ ਮਿਲੇਗਾ ਕੌਮ ਅੰਦਰ ਪੈਦਾ ਹੋਇਆ ਰੋਸ ਖਤਮ ਨਹੀਂ ਹੋ ਸਕਦਾ।
ਦਿੱਲੀ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਸ਼ਹੀਦੀ ਗੈਲਰੀ ਨਾਲ ਕੌਮ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ ਇਸ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਅਤੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਵਧਾਈ ਦੇ ਪਾਤਰ ਹਨ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈਡ ਗ੍ਰੰਥੀ, ਸਿੰਘ ਸਾਹਿਬ ਅਮਰਜੀਤ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਜਥੇਦਾਰ ਜਸਬੀਰ ਸਿੰਘ ਰੋਡੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਸ. ਮਨਜਿੰਦਰ ਸਿੰਘ ਸਿਰਸਾ ਜਨਰਲ ਸਕੱਤਰ ਦਿੱਲੀ ਕਮੇਟੀ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਮਨਜੀਤ ਸਿੰਘ, ਮੁੱਖ ਸਕੱਤਰ ਸ. ਹਰਚਰਨ ਸਿੰਘ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਅਮੀਰ ਸਿੰਘ ਜਵੱਦੀਕਲਾਂ, ਬਾਬਾ ਗੁਰਭੇਜ ਸਿੰਘ ਖਜਾਲਾ, ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਕਰਮਜੀਤ ਸਿੰਘ ਟਿੱਬਾ ਸਾਹਿਬ, ਬਾਬਾ ਸੁਧ ਸਿੰਘ ਲੰਗਰਾਂ ਵਾਲੇ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਬਾਬਾ ਗੁਰਦੀਪ ਸਿੰਘ ਖਜਾਲੇ ਵਾਲੇ, ਬਾਬਾ ਮੇਜਰ ਸਿੰਘ ਵਾਂ, ਬਾਬਾ ਅਮਰੀਕ ਸਿੰਘ ਪਟਿਆਲਾ, ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਮਲਕੀਤ ਸਿੰਘ, ਭਾਈ ਗੁਰਨਾਮ ਸਿੰਘ ਬੰਡਾਲਾ, ਬਾਬਾ ਸਵਿੰਦਰ ਸਿੰਘ ਟਾਹਲੀ ਸਾਹਿਬ, ਬਾਬਾ ਕੰਵਲਜੀਤ ਸਿੰਘ, ਬਾਬਾ ਸਤਨਾਮ ਸਿੰਘ ਜੱਫਰਵਾਲ, ਮਹੰਤ ਰਘੂਮੁਨੀ ਉਦਾਸੀ ਅਖਾੜਾ, ਬਾਬਾ ਸਵਰਨਜੀਤ ਸਿੰਘ, ਭਾਈ ਕੰਵਰਪਾਲ ਸਿੰਘ ਬਿੱਟੂ, ਮਹੰਤ ਈਸ਼ਵਰ ਅਨੰਦ ਉਦਾਸੀ ਅਖਾੜਾ, ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਭਾਈ ਜਗਤਾਰ ਸਿੰਘ ਰੋਡੇ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ. ਬਿਜੈ ਸਿੰਘ, ਸ. ਸੁਲੱਖਣ ਸਿੰਘ ਤੇ ਸ. ਗੁਰਿੰਦਰ ਸਿੰਘ ਮੈਨੇਜਰ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਫੈਡਰੇਸ਼ਨ ਆਗੂ ਭਾਈ ਪਰਮਜੀਤ ਸਿੰਘ ਖਾਲਸਾ, ਸ. ਅਮਰਜੀਤ ਸਿੰਘ ਢੋਟ, ਭਾਈ ਜਸਪਾਲ ਸਿੰਘ ਮੁੰਬਈ, ਭਾਈ ਹਰਭਜਨ ਸਿੰਘ ਪੱਪੂ, ਭਾਈ ਹੀਰਾ ਸਿੰਘ ਕੈਨੇਡਾ, ਭਾਈ ਅਮਨਦੀਪ ਸਿੰਘ ਯੂ.ਐਸ.ਏ., ਭਾਈ ਹਰਵਿੰਦਰ ਸਿੰਘ ਮੁੰਬਈ, ਸ. ਅਮਰੀਕ ਸਿੰਘ ਬਿੱਟਾ, ਜਥੇਦਾਰ ਸੁਖਦੇਵ ਸਿੰਘ ਅਨੰਦਪੁਰ, ਭਾਈ ਨਵਤੇਜ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਬਾਬਾ ਅਜੀਤ ਸਿੰਘ, ਜਥੇਦਾਰ ਜਰਨੈਲ ਸਿੰਘ, ਭਾਈ ਗੁਰਪ੍ਰੀਤ ਸਿੰਘ ਪੀ.ਏ., ਭਾਈ ਪਰਣਾਮ ਸਿੰਘ, ਭਾਈ ਸੁਖਵਿੰਦਰ ਸਿੰਘ ਅਗਵਾਨ, ਪ੍ਰੋ: ਸਰਚਾਂਦ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।