** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਅੰਮ੍ਰਿਤਸਰ 9 ਅਗਸਤ (         ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ-ਕਸ਼ਮੀਰ ਵਾਦੀ ਵਿੱਚ ਵਸਦੇ ਸਿੱਖਾਂ ਦੀ ਸੁਰੱਖਿਆ ਲਈ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ, ਜੰਮੂ-ਕਸ਼ਮੀਰ ਦੇ ਰਾਜਪਾਲ ਐਨ.ਐਨ.ਵੋਹਰਾ ਤੇ ਮੁੱਖ ਮੰਤਰੀ ਸ੍ਰੀਮਤੀ ਮਹਿਬੂਬਾ ਮੁਫਤੀ ਸੱਯਦ ਨੂੰ ਪੱਤਰ ਲਿਖਿਆ।

ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੂੰ ਕਸ਼ਮੀਰ ਵਾਦੀ ਤੋਂ ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਨਿਜੀ ਸਿੱਖਾਂ ਵੱਲੋਂ ਫੋਨ ਪੁਜੇ ਹਨ ਕਿ ਕਸ਼ਮੀਰ ਵਾਦੀ ਦੇ ਹਾਲਾਤ ਬਦਤਰ ਹਨ ਤੇ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਸਿੱਖ ਸੰਗਠਨਾਂ ਨੇ ਉਨ੍ਹਾਂ ਦੇ ਧਿਆਨ ਵਿੱਚ ਇਹ ਮਾਮਲਾ ਲਿਆਂਦਾ ਹੈ ਕਿ ਕਸ਼ਮੀਰ ਘਾਟੀ ਵਿੱਚ ਰਹਿਣ ਵਾਲੇ ਸਿੱਖ ਭਾਈਚਾਰੇ ਦੇ ਲੋਕ ਆਪਣੇ ਆਪ ਨੂੰ ਦਹਿਸ਼ਤ ਭਰੇ ਹਾਲਾਤਾਂ ਵਿੱਚ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਸਿੱਖਾਂ ਨੂੰ ਆਪਣੇ ਘਰਾਂ ਤੇ ਅਦਾਰਿਆਂ ਤੋਂ ਬਾਹਰ ਆ ਕੇ ਪਾਕਿਸਤਾਨ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਹਾਲਾਤ ਇੰਨੇ ਖ਼ਰਾਬ ਹੋ ਗਏ ਹਨ ਕਿ ਸਿੱਖ ਆਪਣੇ ਘਰ ਵਿੱਚ ਕੈਦੀਆਂ ਵਾਂਗ ਬੰਦ ਹਨ ਤੇ ਖਾਣ-ਪੀਣ ਦੀਆਂ ਵਸਤਾਂ ਲਿਆਉਣ ਵਾਸਤੇ ਇਨ੍ਹਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਜਦ ਕਸ਼ਮੀਰ ਨੂੰ ਹੜ੍ਹਾਂ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਤਦ ਇਸ ਦੁੱਖ ਦੀ ਘੜੀ ਵਿੱਚ ਸ਼ਰੀਕ ਹੁੰਦਿਆਂ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬਿਨਾਂ ਕਿਸੇ ਭਿੰਨ-ਭੇਦ ਦੇ ਪੀੜ੍ਹਤ ਕਸ਼ਮੀਰੀਆਂ ਦੀ ਮਦਦ ਕਰਦਿਆਂ ਉਨ੍ਹਾਂ ਨੂੰ ਭੋਜਨ, ਕੱਪੜੇ ਤੇ ਦਵਾਈਆਂ ਤੋਂ ਇਲਾਵਾ ਮੰਗ ਅਨੁਸਾਰ ਹਰ ਇਕ ਚੀਜ਼ ਮੁਹੱਈਆਂ ਕਰਵਾਈ ਗਈ।

ਸ. ਬੇਦੀ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਨੇ ਮੌਜੂਦਾ ਗੰਭੀਰ ਹਾਲਾਤਾਂ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਹੋਣ ਦੇ ਨਾਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ, ਕਸ਼ਮੀਰ ਦੇ ਰਾਜਪਾਲ ਤੇ ਮੁੱਖ ਮੰਤਰੀ ਨੂੰ ਪੱਤਰ ਰਾਹੀਂ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਵੋ ਤਾਂ ਕਿ ਕਸ਼ਮੀਰ ਘਾਟੀ ਵਿੱਚ ਰਹਿਣ ਵਾਲੇ ਸਿੱਖ ਭਾਈਚਾਰੇ ਦੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਨ ਅਤੇ ਉਨ੍ਹਾਂ ਨਾਲ ਕਿਸੇ ਵੀ ਕਿਸਮ ਦੀ ਰਾਸ਼ਟਰ ਵਿਰੋਧੀ ਗਤੀਵਿਧੀ ਵਿੱਚ ਸ਼ਾਮਲ ਹੋਣ ਲਈ ਜ਼ਬਰਦਸਤੀ ਨਾ ਕੀਤੀ ਜਾਵੇ।