ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਐਤਵਾਰ, ੫ ਜੇਠ (ਸੰਮਤ ੫੫੭ ਨਾਨਕਸ਼ਾਹੀ) ੧੮ ਮਈ, ੨੦੨੫ (ਅੰਗ: ੬੯੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦੇ ਮਾਮਲੇ ਨੂੰ ਹੱਲ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 18 ਅਪ੍ਰੈਲ- ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਡਾਇਰੈਕਟਰ ਜਨਰਲ ਸ. ਰਾਜਵਿੰਦਰ ਸਿੰਘ ਭੱਟੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ। ਨਤਮਸਤਕ ਹੋਣ ਉਪਰੰਤ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਲਿਖਿਆ ਪੱਤਰ ਸਕੱਤਰ ਸ. ਪ੍ਰਤਾਪ ਸਿੰਘ ਨੇ ਸ. ਰਾਜਵਿੰਦਰ ਸਿੰਘ ਭੱਟੀ ਨੂੰ ਸੌਂਪਿਆ, ਜਿਸ ਵਿਚ ਭਾਰਤੀ ਹਵਾਈ ਅੱਡਿਆਂ `ਤੇ ਡਿਊਟੀ ਕਰਦੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਅਤੇ ਯਾਤਰੀਆਂ ਨੂੰ ਕਿਰਪਾਨ ਸੰਬੰਧੀ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਕਿਹਾ ਗਿਆ ਹੈ।
ਪੱਤਰ ਵਿੱਚ ਕਿਹਾ ਗਿਆ ਕਿ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵੱਲੋਂ ਬੀਤੇ ਸਮੇਂ ਜਾਰੀ ਕੀਤੇ ਆਦੇਸ਼ ਅਨੁਸਾਰ ਹਵਾਈ ਅੱਡੇ ’ਤੇ ਡਿਊਟੀ ਕਰਨ ਵਾਲੇ ਸਿੱਖ ਕਰਮਚਾਰੀਆਂ ਦੇ ਡਿਊਟੀ ਦੌਰਾਨ ਕਿਰਪਾਨ ਪਹਿਨਣ ’ਤੇ ਰੋਕ ਲਗਾਉਣੀ ਸਿੱਖਾਂ ਨਾਲ ਧੱਕਾ ਹੈ। ਆਪਣੇ ਹੀ ਦੇਸ਼ ਅੰਦਰ ਇਹ ਵਿਤਕਰਾ ਦੇਸ਼ ਦੇ ਨਾਗਰਿਕ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਵੱਡਾ ਹਮਲਾ ਹੈ। ਭਾਰਤ ਸਰਕਾਰ ਨੂੰ ਇਹ ਕਦੇ ਵੀ ਨਹੀਂ ਭੁੱਲਣਾ ਚਾਹੀਦਾ ਕਿ ਇਸ ਦੇਸ਼ ਦੀ ਅਜ਼ਾਦੀ ਲਈ ਸਿੱਖਾਂ ਦੀਆਂ ਵੱਡੀਆਂ ਕੁਰਬਾਨੀਆਂ ਹਨ। ਦੁੱਖ ਦੀ ਗੱਲ ਹੈ ਕਿ ਦੇਸ਼ ਲਈ ਆਪਾ ਵਾਰਨ ਵਾਲੇ ਸਿੱਖਾਂ ਨਾਲ ਆਪਣੇ ਹੀ ਦੇਸ਼ ਵਿਚ ਧੱਕਾ ਕੀਤਾ ਜਾ ਰਿਹਾ ਹੈ। ਸਰਕਾਰਾਂ ਨੂੰ ਅਜਿਹੀਆਂ ਗੱਲਾਂ ਤੋਂ ਗੁਰੇਜ ਕਰਨਾ ਚਾਹੀਦਾ ਹੈ, ਜਿਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਹੋਵੇ। ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਡਾਇਰੈਕਟਰ ਜਨਰਲ ਨੂੰ ਕਿਹਾ ਕਿ ਸਬੰਧਤ ਮੰਤਰਾਲੇ ਨਾਲ ਰਾਬਤਾ ਕਰਕੇ ਇਸ ਮਸਲੇ ਦਾ ਪੱਕਾ ਹੱਲ ਕੱਢਿਆ ਜਾਵੇ। ਇਸ ਮੌਕੇ ਮੀਤ ਮੈਨੇਜਰ ਸ. ਗੁਰਿੰਦਰਪਾਲ ਸਿੰਘ, ਸੂਚਨਾ ਅਧਿਕਾਰੀ ਸ. ਜਤਿੰਦਰਪਾਲ ਸਿੰਘ, ਸ. ਸੰਦੀਪ ਸਿੰਘ ਆਦਿ ਹਾਜ਼ਰ ਸਨ।