ਅੰਮ੍ਰਿਤਸਰ, ੧ ਜੂਨ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਭਲਕੇ ੨ ਜੂਨ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਇਕੱਤਰਤਾ ਹਾਲ ਵਿਖੇ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਕਰਨਗੇ, ਜਦਕਿ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਸਾਹਿਬਾਨ, ਅੰਤ੍ਰਿੰਗ ਕਮੇਟੀ ਮੈਂਬਰਾਨ ਅਤੇ ਅਧਿਕਾਰੀ ਵੀ ਇਕੱਤਰਤਾ ਦੌਰਾਨ ਮੌਜੂਦ ਰਹਿਣਗੇ। ਉਨ੍ਹਾਂ ਦੱਸਿਆ ਕਿ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਅਤੇ ਟਰੱਸਟ ਵਿਭਾਗ ਆਦਿ ਦੇ ਮਾਮਲੇ ਵਿਚਾਰੇ ਜਾਣਗੇ। ਸ. ਬੇਦੀ ਅਨੁਸਾਰ ਇਕੱਤਰਤਾ ਸਵੇਰੇ ੧੧:੦੦ ਵਜੇ ਆਰੰਭ ਹੋਵੇਗੀ।