The website is under scheduled maintenance. Some links and features may not work properly for a short time. We apologise for the inconvenience and appreciate your patience. Normal service will resume shortly.

ਅੰਮ੍ਰਿਤਸਰ, 23 ਦਸੰਬਰ- ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਬੱਚਿਆਂ ਵੱਲੋਂ ਸੰਗਤੀ ਰੂਪ ਵਿਚ ਜਪੁਜੀ ਸਾਹਿਬ ਜੀ ਦੇ ਪਾਠ ਉਪਰੰਤ ਵਿਦਿਆਰਥੀਆਂ ਵੱਲੋਂ ਗੁਰਬਾਣੀ ਕੀਰਤਨ, ਕਵੀਸ਼ਰੀ, ਕਵਿਤਾ ਅਤੇ ਢਾਡੀ ਵਾਰਾਂ ਰਾਹੀਂ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਪਹੁੰਚੇ ਧਰਮ ਪ੍ਰਚਾਰ ਲਹਿਰ ਦੇ ਚੇਅਰਮੈਨ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਲਹਿਰ ਅੰਮ੍ਰਿਤਸਰ ਜੋਨ ਦੇ ਮੈਂਬਰ ਇੰਚਾਰਜ ਭਾਈ ਰਾਮ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਵਿਚਾਰ ਸਾਂਝੇ ਕਰਦਿਆਂ ਦਸਮੇਸ਼ ਪਿਤਾ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਹਿਬਜ਼ਾਦਿਆਂ ਅਤੇ ਪਿਆਰੇ ਸਿੱਖਾਂ ਦੀ ਸ਼ਹਾਦਤ ਹੱਕ, ਸੱਚ ਤੇ ਧਰਮ ਦੀ ਰਖਵਾਲੀ ਲਈ ਉੱਘੜਵੀਂ ਮਿਸਾਲ ਹੈ। ਉਨ੍ਹਾਂ ਬੱਚਿਆਂ ਨੂੰ ਕੌਮ ਦਾ ਭਵਿੱਖ ਦੱਸਦਿਆਂ ਸਿੱਖ ਵਿਰਸੇ, ਇਤਿਹਾਸ ਅਤੇ ਪ੍ਰੰਪਰਾਵਾਂ ਨਾਲ ਜੁੜਨ ਲਈ ਕਿਹਾ।
ਇਸ ਤੋਂ ਪਹਿਲਾਂ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ, ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਜਲੀਤ ਸਿੰਘ ਨੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਨ ਕਰਵਾਇਆ।
ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਕੁਲਦੀਪ ਸਿੰਘ ਰੋਡੇ, ਸੁਪ੍ਰਿਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸੁਖਰਾਜ ਸਿੰਘ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਇਕਬਾਲ ਸਿੰਘ, ਸ. ਨਿਸ਼ਾਨ ਸਿੰਘ, ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।